ਤਾਜਾ ਖਬਰਾਂ
ਕੈਨੇਡਾ ਦੇ ਸੂਬੇ ਓਂਟਾਰੀਓ ਵਿੱਚ ਇੱਕ ਬਜ਼ੁਰਗ ਸਿੱਖ ਵਿਅਕਤੀ ਨਾਲ ਹੋਈ ਨਸਲੀ ਹਿੰਸਾ ਅਤੇ ਭੱਦੀਆਂ ਟਿੱਪਣੀਆਂ ਦਾ ਮਾਮਲਾ ਗਰਮਾ ਗਿਆ ਹੈ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਇਸ ਘਟਨਾ ਦੀ ਘੋਰ ਨਿਖੇਧੀ ਕਰਦਿਆਂ ਇਸ ਨੂੰ ਮਨੁੱਖੀ ਕਦਰਾਂ-ਕੀਮਤਾਂ ਦਾ ਕਤਲ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਕੈਨੇਡਾ ਵਰਗੇ ਬਹੁ-ਸੱਭਿਆਚਾਰਕ ਦੇਸ਼ ਦੇ ਮੱਥੇ ’ਤੇ ਕਲੰਕ ਹਨ।
ਜਥੇਦਾਰ ਜੀ ਨੇ ਸਿੱਖ ਇਤਿਹਾਸ ਦਾ ਹਵਾਲਾ ਦਿੰਦਿਆਂ ਕਿਹਾ ਕਿ 19ਵੀਂ ਸਦੀ ਤੋਂ ਲੈ ਕੇ ਹੁਣ ਤੱਕ ਸਿੱਖਾਂ ਨੇ ਆਪਣੀ ਮਿਹਨਤ ਨਾਲ ਕੈਨੇਡਾ ਦੀ ਧਰਤੀ ਨੂੰ ਆਬਾਦ ਕੀਤਾ ਹੈ। ਉਨ੍ਹਾਂ ਕਿਹਾ:
"ਸਿੱਖ ਕੌਮ ਨੇ 'ਵੰਡ ਛਕਣ' ਦੇ ਸਿਧਾਂਤ ’ਤੇ ਚੱਲਦਿਆਂ ਕੈਨੇਡਾ ਦੀ ਆਰਥਿਕਤਾ, ਖੇਤੀਬਾੜੀ ਅਤੇ ਤਕਨਾਲੋਜੀ ਵਿੱਚ ਵੱਡਾ ਯੋਗਦਾਨ ਪਾਇਆ ਹੈ। ਅੱਜ ਜਦੋਂ ਕੋਈ ਨੌਜਵਾਨ ਕਿਸੇ ਬਜ਼ੁਰਗ ਸਿੱਖ ਨੂੰ 'ਇਹ ਮੇਰਾ ਦੇਸ਼ ਹੈ' ਕਹਿ ਕੇ ਡਰਾਉਂਦਾ ਹੈ, ਤਾਂ ਉਹ ਕੈਨੇਡਾ ਦੇ ਉਸ ਸੰਵਿਧਾਨ ਦੀ ਤੌਹੀਨ ਕਰਦਾ ਹੈ ਜੋ ਵਿਭਿੰਨਤਾ ਵਿੱਚ ਏਕਤਾ ਦੀ ਗੱਲ ਕਰਦਾ ਹੈ।"
ਸਿੰਘ ਸਾਹਿਬ ਨੇ ਓਂਟਾਰੀਓ ਪੁਲਿਸ ਅਤੇ ਸੂਬਾਈ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਨੂੰ ਮਹਿਜ਼ ਸਧਾਰਨ ਕੁੱਟਮਾਰ ਨਾ ਮੰਨਿਆ ਜਾਵੇ, ਸਗੋਂ ਇਸ ਨੂੰ 'ਹੇਟ ਕ੍ਰਾਈਮ' (ਨਫ਼ਰਤੀ ਅਪਰਾਧ) ਦੀ ਸ਼੍ਰੇਣੀ ਵਿੱਚ ਰੱਖ ਕੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਉਨ੍ਹਾਂ ਇਹ ਵੀ ਸੁਝਾਅ ਦਿੱਤਾ ਕਿ ਕੈਨੇਡੀਅਨ ਸਕੂਲਾਂ ਵਿੱਚ ਵੱਖ-ਵੱਖ ਧਰਮਾਂ ਅਤੇ ਸੱਭਿਆਚਾਰਾਂ ਦੇ ਇਤਿਹਾਸ ਬਾਰੇ ਜਾਗਰੂਕਤਾ ਵਧਾਈ ਜਾਣੀ ਚਾਹੀਦੀ ਹੈ ਤਾਂ ਜੋ ਨਵੀਂ ਪੀੜ੍ਹੀ ਨਫ਼ਰਤ ਦੀ ਥਾਂ ਸਤਿਕਾਰ ਕਰਨਾ ਸਿੱਖੇ।
ਇਸ ਦੇ ਨਾਲ ਹੀ ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਆਪਣੇ ਦੂਤਾਵਾਸ ਰਾਹੀਂ ਕੈਨੇਡਾ ਸਰਕਾਰ ਨਾਲ ਗੱਲਬਾਤ ਕਰਕੇ ਉੱਥੇ ਵਸਦੇ ਸਿੱਖ ਭਾਈਚਾਰੇ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਠੋਸ ਕਦਮ ਚੁੱਕੇ।
Get all latest content delivered to your email a few times a month.