ਤਾਜਾ ਖਬਰਾਂ
ਸਥਾਨਕ ਕਬਜ਼ਾ ਫੈਕਟਰੀ ਰੋਡ 'ਤੇ ਸਥਿਤ ਇਕ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਅੱਜ ਸਵੇਰੇ ਉਸ ਵੇਲੇ ਦਹਿਸ਼ਤ ਫੈਲ ਗਈ, ਜਦੋਂ ਇੱਥੇ ਇਕ ਪਲਾਸਟਿਕ ਫੈਕਟਰੀ ਵਿਚ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਦੀਆਂ ਉੱਚੀਆਂ ਲਪਟਾਂ ਅਤੇ ਕਾਲੇ ਧੂੰਏਂ ਦੇ ਗੁਬਾਰ ਦੇਖ ਕੇ ਆਸ-ਪਾਸ ਦੇ ਲੋਕਾਂ ਵਿਚ ਹਫੜਾ-ਦਫੜੀ ਮਚ ਗਈ ਅਤੇ ਲੋਕ ਜਾਨ ਬਚਾਉਣ ਲਈ ਘਰਾਂ ਤੋਂ ਬਾਹਰ ਆ ਗਏ।
ਮੁਹੱਲਾ ਨਿਵਾਸੀ ਸ਼ਸ਼ੀ ਵਰਧਨ ਅਨੁਸਾਰ ਅੱਗ ਸਵੇਰੇ ਕਰੀਬ 7:30 ਵਜੇ ਦੇ ਕਰੀਬ ਲੱਗੀ ਸੀ। ਖੁਸ਼ਕਿਸਮਤੀ ਰਹੀ ਕਿ ਅੱਗ ਨਾਲ ਲੱਗਦੇ ਘਰਾਂ ਤੱਕ ਨਹੀਂ ਫੈਲੀ, ਜਿਸ ਕਾਰਨ ਵੱਡਾ ਜਾਨੀ ਨੁਕਸਾਨ ਹੋਣੋਂ ਬਚ ਗਿਆ। ਹਾਲਾਂਕਿ, ਫੈਕਟਰੀ ਅੰਦਰ ਪਿਆ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ। ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਮੌਕੇ 'ਤੇ ਪਹੁੰਚ ਕੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ।
ਇਸ ਘਟਨਾ ਨੇ ਸਥਾਨਕ ਨਿਵਾਸੀਆਂ ਵਿਚ ਭਾਰੀ ਰੋਸ ਪੈਦਾ ਕਰ ਦਿੱਤਾ ਹੈ। ਇਲਾਕਾ ਨਿਵਾਸੀ ਅਵਤਾਰ ਮੋਰਿਆ ਨੇ ਪ੍ਰਸ਼ਾਸਨ 'ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਰਿਹਾਇਸ਼ੀ ਇਲਾਕੇ ਵਿਚ ਕਈ ਫੈਕਟਰੀਆਂ ਗੈਰ-ਕਾਨੂੰਨੀ ਢੰਗ ਨਾਲ ਚੱਲ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਨਗਰ ਕੌਂਸਲ ਨੂੰ ਵਾਰ-ਵਾਰ ਸ਼ਿਕਾਇਤਾਂ ਦੇਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋਈ, ਜਿਸ ਕਾਰਨ ਅੱਜ ਇਹ ਹਾਦਸਾ ਵਾਪਰਿਆ ਹੈ।
ਦੂਜੇ ਪਾਸੇ, ‘ਟੇਕ ਚੰਦਨ ਐਂਡ ਸਨਜ਼’ ਫੈਕਟਰੀ ਦੇ ਮਾਲਕ ਸੰਜੇ ਨੇ ਫਾਇਰ ਬ੍ਰਿਗੇਡ ਦੀ ਕਾਰਜਪ੍ਰਣਾਲੀ 'ਤੇ ਸਵਾਲ ਚੁੱਕੇ ਹਨ। ਉਨ੍ਹਾਂ ਦਾ ਦੋਸ਼ ਹੈ ਕਿ ਸੂਚਨਾ ਦੇਣ ਦੇ ਬਾਵਜੂਦ ਗੱਡੀਆਂ ਦੇਰੀ ਨਾਲ ਪਹੁੰਚੀਆਂ। ਮਾਲਕ ਨੇ ਇਹ ਵੀ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਫੈਕਟਰੀ ਚਲਾਉਣ ਲਈ ਸਾਰੇ ਕਾਨੂੰਨੀ ਦਸਤਾਵੇਜ਼ (NOC) ਮੌਜੂਦ ਹਨ।
ਫਾਇਰ ਅਫ਼ਸਰ ਦਮਨਪ੍ਰੀਤ ਨੇ ਦੱਸਿਆ ਕਿ ਫੋਨ ਰਾਹੀਂ ਸੂਚਨਾ ਮਿਲਦਿਆਂ ਹੀ ਟੀਮਾਂ ਨੂੰ ਰਵਾਨਾ ਕਰ ਦਿੱਤਾ ਗਿਆ ਸੀ ਅਤੇ ਅੱਗ ਨੂੰ ਪੂਰੀ ਤਰ੍ਹਾਂ ਬੁਝਾ ਲਿਆ ਗਿਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਫੈਕਟਰੀ ਦੇ ਦਸਤਾਵੇਜ਼ਾਂ ਅਤੇ ਅੱਗ ਲੱਗਣ ਦੇ ਕਾਰਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ ਅਤੇ ਜੇਕਰ ਕੋਈ ਨਿਯਮਾਂ ਦੀ ਉਲੰਘਣਾ ਪਾਈ ਗਈ ਤਾਂ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Get all latest content delivered to your email a few times a month.