ਤਾਜਾ ਖਬਰਾਂ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪ੍ਰਸਿੱਧ ਉਦਯੋਗਪਤੀ ਰਾਜਿੰਦਰ ਗੁਪਤਾ ਦੇ ਘਰ ਬਾਹਰ ‘ਗੱਦਾਰ’ ਲਿਖੇ ਜਾਣ ਦੀ ਘਟਨਾ ਨੂੰ ਨਿੰਦਣਯੋਗ ਕਰਾਰ ਦਿੰਦਿਆਂ ਇਸ ਦੇ ਪਿੱਛੇ ਆਮ ਆਦਮੀ ਪਾਰਟੀ ਦੀ ਸੋਚ ਨੂੰ ਜ਼ਿੰਮੇਵਾਰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਹਰਕਤ ਸਿਰਫ਼ ਇਕ ਵਿਅਕਤੀ ਦੀ ਬੇਇੱਜ਼ਤੀ ਨਹੀਂ, ਸਗੋਂ ਪੰਜਾਬ ਦੇ ਸਮਾਜਿਕ ਤੇ ਸੱਭਿਆਚਾਰਕ ਮੂਲਿਆਂ 'ਤੇ ਹਮਲਾ ਹੈ।
ਮਜੀਠੀਆ ਨੇ ਰਾਜਿੰਦਰ ਗੁਪਤਾ ਨੂੰ ਦੇਸ਼ ਦੇ ਪ੍ਰਮੁੱਖ ਉਦਯੋਗਪਤੀਆਂ ਵਿੱਚੋਂ ਇੱਕ ਦੱਸਦਿਆਂ ਕਿਹਾ ਕਿ ਉਹਨਾਂ ਦੇ ਉਦਯੋਗਾਂ ਨਾਲ ਹਜ਼ਾਰਾਂ ਪਰਿਵਾਰਾਂ ਦੀ ਜੀਵਿਕਾ ਜੁੜੀ ਹੋਈ ਹੈ। ਕੋਵਿਡ ਮਹਾਮਾਰੀ ਦੌਰਾਨ ਉਨ੍ਹਾਂ ਵੱਲੋਂ ਕੀਤੀ ਗਈ ਸੇਵਾ ਨੂੰ ਯਾਦ ਕਰਦਿਆਂ ਮਜੀਠੀਆ ਨੇ ਕਿਹਾ ਕਿ ਅਜਿਹੀ ਸ਼ਖ਼ਸੀਅਤ ਨੂੰ ‘ਗੱਦਾਰ’ ਕਹਿਣਾ ਨਾ ਸਿਰਫ਼ ਗਲਤ ਹੈ, ਬਲਕਿ ਨੈਤਿਕ ਤੌਰ ‘ਤੇ ਵੀ ਅਸਵੀਕਾਰਯੋਗ ਹੈ।
ਰਾਜਨੀਤਿਕ ਸੱਭਿਆਚਾਰ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੱਖ-ਵੱਖ ਪਾਰਟੀਆਂ ਦੇ ਆਗੂ ਇਕ ਦੂਜੇ ਵਿੱਚ ਸ਼ਾਮਲ ਹੁੰਦੇ ਰਹੇ ਹਨ, ਪਰ ਕਦੇ ਵੀ ਕਿਸੇ ਨੇ ਅਜਿਹੀ ਘਟੀਆ ਰਾਜਨੀਤੀ ਨਹੀਂ ਕੀਤੀ। ਉਨ੍ਹਾਂ ਡਾ. ਰਾਜ ਕੁਮਾਰ ਚੱਬੇਵਾਲ ਦਾ ਹਵਾਲਾ ਦਿੰਦਿਆਂ ਸਵਾਲ ਉਠਾਇਆ ਕਿ ਜਦੋਂ ਉਹ ਕਾਂਗਰਸ ਛੱਡ ਕੇ ‘ਆਪ’ ਵਿੱਚ ਗਏ ਸਨ, ਤਾਂ ਕੀ ਕਿਸੇ ਨੇ ਉਨ੍ਹਾਂ ਨਾਲ ਇਸ ਤਰ੍ਹਾਂ ਦਾ ਵਿਵਹਾਰ ਕੀਤਾ ਸੀ?
ਮਜੀਠੀਆ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਵਿਰੋਧੀ ਆਵਾਜ਼ਾਂ ਨੂੰ ਦਬਾਉਣ ਲਈ ਡਰਾਉਣ ਅਤੇ ਬਦਨਾਮ ਕਰਨ ਦੀ ਰਾਜਨੀਤੀ ਕਰ ਰਹੀ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਇਹ ਰਵੱਈਆ ਲੋਕਤੰਤਰਿਕ ਮਰਯਾਦਾਂ ਦੇ ਖ਼ਿਲਾਫ਼ ਹੈ।
ਅੰਤ ਵਿੱਚ ਮਜੀਠੀਆ ਨੇ ਕਿਹਾ ਕਿ ਰਾਜਿੰਦਰ ਗੁਪਤਾ ਨਾਲ ਉਨ੍ਹਾਂ ਦੇ ਨਿੱਜੀ ਤੇ ਪਰਿਵਾਰਕ ਸਬੰਧ ਹਨ ਅਤੇ ਉਹ ਹਰ ਹਾਲਤ ਵਿੱਚ ਉਨ੍ਹਾਂ ਦੇ ਨਾਲ ਖੜ੍ਹੇ ਰਹਿਣਗੇ। ਨਾਲ ਹੀ ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਤਰ੍ਹਾਂ ਦੀ ਵੰਡ ਪਾਉਣ ਵਾਲੀ ਅਤੇ ਨਫ਼ਰਤ ਫੈਲਾਉਣ ਵਾਲੀ ਰਾਜਨੀਤੀ ਦਾ ਇਕਜੁੱਟ ਹੋ ਕੇ ਵਿਰੋਧ ਕਰਨ।
Get all latest content delivered to your email a few times a month.