ਤਾਜਾ ਖਬਰਾਂ
ਅੰਮ੍ਰਿਤਸਰ ਦੇ ਮਹਿਤਾ ਰੋਡ ‘ਤੇ ਇੱਕ ਦਿਲ ਦਹਲਾ ਦੇਣ ਵਾਲਾ ਸੜਕ ਹਾਦਸਾ ਵਾਪਰਿਆ, ਜਿਸ ਨੇ ਇੱਕ ਖੁਸ਼ਹਾਲ ਪਰਿਵਾਰ ਨੂੰ ਪਲਾਂ ਵਿੱਚ ਉਜਾੜ ਦਿੱਤਾ। ਇਹ ਹਾਦਸਾ ਘਣਸ਼ਿਆਮਪੁਰ ਅਤੇ ਤਨੇਲ ਪਿੰਡਾਂ ਦੇ ਵਿਚਕਾਰ ਉਸ ਵੇਲੇ ਵਾਪਰਿਆ ਜਦੋਂ ਇੱਕ ਤੇਜ਼ ਰਫ਼ਤਾਰ ਹੁੰਡਈ ਕ੍ਰੇਟਾ ਕਾਰ ਨੇ ਐਕਟਿਵਾ ‘ਤੇ ਸਵਾਰ ਪਰਿਵਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।
ਮਿਲੀ ਜਾਣਕਾਰੀ ਅਨੁਸਾਰ, ਘੁਮਾਣ ਨੇੜਲੇ ਬਾਲਦਵਾਲ ਪਿੰਡ ਦਾ ਰਹਿਣ ਵਾਲਾ ਰੇਸ਼ਮ ਸਿੰਘ ਆਪਣੀ ਪਤਨੀ ਸੀਮਾ ਅਤੇ ਧੀ ਕਵਲਦੀਪ ਕੌਰ ਨਾਲ ਭੱਟੀ ਪਿੰਡ ਵਿੱਚ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਜਾ ਰਿਹਾ ਸੀ। ਜਿਵੇਂ ਹੀ ਉਹ ਮਹਿਤਾ ਰੋਡ ‘ਤੇ ਪਹੁੰਚੇ, ਸਾਹਮਣੇ ਤੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਦੀ ਸਕੂਟੀ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਰੇਸ਼ਮ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਸਦੀ ਪਤਨੀ ਅਤੇ ਧੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈਆਂ।
ਹਾਦਸੇ ਦੀ ਸੂਚਨਾ ਮਿਲਣ ‘ਤੇ ਰੋਡ ਸੇਫਟੀ ਫੋਰਸ ਅਤੇ ਮਹਿਤਾ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚ ਗਈ। ਜ਼ਖਮੀਆਂ ਨੂੰ ਪਹਿਲਾਂ ਬਟਾਲਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ। ਦੁੱਖ ਦੀ ਗੱਲ ਹੈ ਕਿ ਇਲਾਜ ਦੌਰਾਨ ਸੀਮਾ ਅਤੇ ਕਵਲਦੀਪ ਕੌਰ ਨੇ ਵੀ ਦਮ ਤੋੜ ਦਿੱਤਾ।
ਇਸ ਹਾਦਸੇ ਨਾਲ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋਣ ਕਾਰਨ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਸਥਾਨਕ ਲੋਕਾਂ ਵਿੱਚ ਇਸ ਘਟਨਾ ਨੂੰ ਲੈ ਕੇ ਗੁੱਸਾ ਵੀ ਵੇਖਿਆ ਜਾ ਰਿਹਾ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
Get all latest content delivered to your email a few times a month.