ਤਾਜਾ ਖਬਰਾਂ
ਬਠਿੰਡਾ ਦੇ ਪਿੰਡ ਗੁਰੂਸਰ ਸੈਣੇ ਵਾਲਾ ਵਿਖੇ ਉਸ ਸਮੇਂ ਕਾਨੂੰਨ ਦੇ ਚੀਥੜੇ ਉੱਡਦੇ ਨਜ਼ਰ ਆਏ ਜਦੋਂ ਫ਼ਰੀਦਕੋਟ ਪੁਲਿਸ ਦੀ ਮੌਜੂਦਗੀ ਵਿੱਚ ਕੁਝ ਹਮਲਾਵਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਨਿਰਮਲ ਸਿੰਘ ਟੀਟੂ 'ਤੇ ਘਾਤ ਲਗਾ ਕੇ ਹਮਲਾ ਕਰ ਦਿੱਤਾ। ਇਹ ਖ਼ੂਨੀ ਵਾਰਦਾਤ ਉਸ ਵੇਲੇ ਵਾਪਰੀ ਜਦੋਂ ਪੁਲਿਸ ਇੱਕ ਮਾਮਲੇ ਦੀ ਜਾਂਚ ਲਈ ਟੀਟੂ ਦੇ ਘਰ ਪਹੁੰਚੀ ਹੋਈ ਸੀ। ਗੋਲੀ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋਏ ਅਕਾਲੀ ਆਗੂ ਨੂੰ ਤੁਰੰਤ ਬਠਿੰਡਾ ਦੇ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਹ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ ਰਹੇ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਨਿਰਮਲ ਸਿੰਘ ਟੀਟੂ ਆਪਣੇ ਖੇਤਾਂ ਤੋਂ ਕੰਮ ਨਿਬੇੜ ਕੇ ਘਰ ਵੱਲ ਆ ਰਹੇ ਸਨ। ਦੂਜੇ ਪਾਸੇ ਫ਼ਰੀਦਕੋਟ ਪੁਲਿਸ ਕੁਝ ਨਿੱਜੀ ਵਿਅਕਤੀਆਂ ਨੂੰ ਨਾਲ ਲੈ ਕੇ ਉਨ੍ਹਾਂ ਦੇ ਘਰ ਦਬਿਸ਼ ਦੇਣ ਆਈ ਹੋਈ ਸੀ। ਇਲਜ਼ਾਮ ਹੈ ਕਿ ਜਿਉਂ ਹੀ ਟੀਟੂ ਪੁਲਿਸ ਪਾਰਟੀ ਦੇ ਨੇੜੇ ਪਹੁੰਚੇ, ਤਾਂ ਪੁਲਿਸ ਦੇ ਨਾਲ ਆਏ ਹਮਲਾਵਰਾਂ ਨੇ ਪਿਸਤੌਲ ਕੱਢ ਕੇ ਫਾਇਰਿੰਗ ਕਰ ਦਿੱਤੀ। ਇੱਕ ਗੋਲੀ ਟੀਟੂ ਦੀ ਕਿਡਨੀ ਦੇ ਆਰ-ਪਾਰ ਹੋ ਗਈ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।
ਪੀੜਤ ਦੇ ਪੁੱਤਰ ਗੁਰਪ੍ਰੀਤ ਸਿੰਘ ਨੇ ਪੁਲਿਸ 'ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਇਹ ਹਮਲਾ ਪੁਲਿਸ ਦੀ ਮਿਲੀਭੁਗਤ ਨਾਲ ਹੋਇਆ ਹੈ। ਉਸ ਨੇ ਦੱਸਿਆ ਕਿ ਉਨ੍ਹਾਂ ਦੀ ਭੂਆ ਦੀ ਕੋਟਕਪੂਰਾ ਸਥਿਤ ਕਰੋੜਾਂ ਰੁਪਏ ਦੀ ਜਾਇਦਾਦ ਨੂੰ ਲੈ ਕੇ ਕੁਝ ਲੋਕਾਂ ਨਾਲ ਵਿਵਾਦ ਚੱਲ ਰਿਹਾ ਹੈ। ਪੀੜਤ ਪਰਿਵਾਰ ਅਨੁਸਾਰ ਸਾਜ਼ਿਸ਼ ਤਹਿਤ ਪਹਿਲਾਂ ਉਨ੍ਹਾਂ ਦਾ ਅਸਲਾ ਜਮ੍ਹਾ ਕਰਵਾਇਆ ਗਿਆ ਅਤੇ ਫਿਰ ਪੁਲਿਸ ਦੀ ਹਾਜ਼ਰੀ ਵਿੱਚ ਵਿਰੋਧੀ ਧਿਰ ਵੱਲੋਂ ਗੋਲੀਆਂ ਚਲਵਾਈਆਂ ਗਈਆਂ।
ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਐਸ.ਪੀ.ਡੀ. ਜਸਮੀਤ ਸਿੰਘ ਭਾਰੀ ਪੁਲਿਸ ਫੋਰਸ ਨਾਲ ਹਸਪਤਾਲ ਪਹੁੰਚੇ। ਉਨ੍ਹਾਂ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਕਲਮਬੰਦ ਕੀਤੇ ਅਤੇ ਭਰੋਸਾ ਦਿੱਤਾ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕੀਤੀ ਜਾਵੇਗੀ। ਪੁਲਿਸ ਅਧਿਕਾਰੀ ਨੇ ਕਿਹਾ ਕਿ ਪ੍ਰਾਪਰਟੀ ਦੇ ਝਗੜੇ ਕਾਰਨ ਇਹ ਘਟਨਾ ਵਾਪਰੀ ਹੈ ਅਤੇ ਜੋ ਵੀ ਦੋਸ਼ੀ ਪਾਇਆ ਗਿਆ, ਭਾਵੇਂ ਉਹ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਜਿੱਥੇ ਸਹਿਮ ਦਾ ਮਾਹੌਲ ਹੈ, ਉੱਥੇ ਹੀ ਅਕਾਲੀ ਦਲ ਦੇ ਸਥਾਨਕ ਆਗੂਆਂ ਨੇ ਪੁਲਿਸ ਪ੍ਰਸ਼ਾਸਨ ਵਿਰੁੱਧ ਰੋਸ ਜ਼ਾਹਿਰ ਕਰਦਿਆਂ ਇਨਸਾਫ਼ ਦੀ ਮੰਗ ਕੀਤੀ ਹੈ।
Get all latest content delivered to your email a few times a month.