ਤਾਜਾ ਖਬਰਾਂ
ਰੋਜ਼ੀ-ਰੋਟੀ ਦੀ ਭਾਲ ਵਿੱਚ ਆਸਟ੍ਰੇਲੀਆ ਗਏ 15 ਭਾਰਤੀਆਂ ਲਈ ਉੱਥੋਂ ਦੀ ਸਰਕਾਰ ਦਾ ਇੱਕ ਫੈਸਲਾ ਵੱਡੀ ਮੁਸੀਬਤ ਬਣ ਕੇ ਬਹੁੜਿਆ ਹੈ। ਆਸਟ੍ਰੇਲੀਆਈ ਪ੍ਰਸ਼ਾਸਨ ਵੱਲੋਂ ਡਿਪੋਰਟ ਕੀਤੇ ਗਏ ਇਹ 15 ਭਾਰਤੀ ਅੱਜ ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ’ਤੇ ਪਹੁੰਚੇ। ਇਨ੍ਹਾਂ ਵਿੱਚੋਂ 11 ਨੌਜਵਾਨ ਪੰਜਾਬ ਨਾਲ ਸਬੰਧਤ ਹਨ, ਜਿਨ੍ਹਾਂ ਨੂੰ ਰਿਸੀਵ ਕਰਨ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਇੰਤਜ਼ਾਮ ਕੀਤੇ ਗਏ ਸਨ।
ਪੰਜਾਬ ਸਰਕਾਰ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਡਿਪੋਰਟ ਕੀਤੇ ਗਏ ਪੰਜਾਬੀ ਨੌਜਵਾਨਾਂ ਵਿੱਚ ਜਸਵੰਤ ਸਿੰਘ, ਅੰਗਰੇਜ ਸਿੰਘ, ਸਤਿੰਦਰਜੀਤ ਸਿੰਘ, ਹਰਪ੍ਰੀਤ ਸਿੰਘ ਸਿੱਧੂ, ਜਗਜੀਤ ਸਿੰਘ ਸਿੱਧੂ, ਜਸਪ੍ਰੀਤ ਸਿੰਘ, ਨਿਰਮਲ ਸਿੰਘ, ਗਗਨਦੀਪ ਸਿੰਘ, ਰਣਜੀਤ ਸਿੰਘ, ਹਰਪ੍ਰੀਤ ਸਿੰਘ ਅਤੇ ਇੱਕ ਮਹਿਲਾ ਸ਼ਰੂਤੀ ਸ਼ਰਮਾ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਸੂਚੀ ਵਿੱਚ ਤੇਲੰਗਾਨਾ ਦੇ 2, ਹਰਿਆਣਾ ਦਾ 1 ਅਤੇ ਉੱਤਰਾਖੰਡ ਦਾ 1 ਵਿਅਕਤੀ ਸ਼ਾਮਲ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮਾਮਲੇ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਡਿਪੋਰਟ ਹੋ ਕੇ ਆਏ ਨੌਜਵਾਨ ਮਾਨਸਿਕ ਅਤੇ ਆਰਥਿਕ ਪੀੜਾ ਵਿੱਚੋਂ ਗੁਜ਼ਰ ਰਹੇ ਹਨ। ਉਨ੍ਹਾਂ ਕਿਹਾ, "ਜਦੋਂ ਤੋਂ ਅਮਰੀਕਾ ਵਿੱਚ ਟਰੰਪ ਪ੍ਰਸ਼ਾਸਨ ਨੇ ਡਿਪੋਰਟੇਸ਼ਨ ਦਾ ਸਿਲਸਿਲਾ ਸ਼ੁਰੂ ਕੀਤਾ ਹੈ, ਉਦੋਂ ਤੋਂ ਹੀ ਅਸੀਂ ਅਜਿਹੇ ਨੌਜਵਾਨਾਂ ਦੇ ਪੁਨਰਵਾਸ (Rehabilitation) ਲਈ ਯਤਨਸ਼ੀਲ ਹਾਂ।" ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਇਨ੍ਹਾਂ ਨੌਜਵਾਨਾਂ ਨੂੰ ਆਪਣੇ ਪੈਰਾਂ ’ਤੇ ਖੜ੍ਹਾ ਕਰਨ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗੀ।
ਡਿਪੋਰਟ ਕੀਤੇ ਗਏ ਨੌਜਵਾਨਾਂ ਦੇ ਚਿਹਰਿਆਂ 'ਤੇ ਮਾਯੂਸੀ ਸਾਫ਼ ਝਲਕ ਰਹੀ ਸੀ। ਬਹੁਤ ਸਾਰੇ ਨੌਜਵਾਨ ਲੱਖਾਂ ਰੁਪਏ ਖਰਚ ਕੇ ਅਤੇ ਕਰਜ਼ੇ ਚੁੱਕ ਕੇ ਵਿਦੇਸ਼ ਗਏ ਸਨ। ਹੁਣ ਵਤਨ ਵਾਪਸੀ 'ਤੇ ਉਨ੍ਹਾਂ ਦੇ ਭਵਿੱਖ 'ਤੇ ਸਵਾਲੀਆ ਨਿਸ਼ਾਨ ਲੱਗ ਗਿਆ ਹੈ। ਸੂਬਾ ਸਰਕਾਰ ਹੁਣ ਇਨ੍ਹਾਂ ਨੌਜਵਾਨਾਂ ਦੇ ਹੁਨਰ ਅਨੁਸਾਰ ਉਨ੍ਹਾਂ ਨੂੰ ਸਥਾਨਕ ਪੱਧਰ 'ਤੇ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੀ ਯੋਜਨਾ ਬਣਾ ਰਹੀ ਹੈ।
Get all latest content delivered to your email a few times a month.