ਤਾਜਾ ਖਬਰਾਂ
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਅੱਜ ਉਸ ਵੇਲੇ ਸਥਿਤੀ ਕਾਫ਼ੀ ਤਣਾਅਪੂਰਨ ਹੋ ਗਈ ਜਦੋਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸਦਨ ਵਿੱਚ ਮੁੱਖ ਮੰਤਰੀ ਅਤੇ ਸੱਤਾ ਪੱਖ 'ਤੇ ਤਿੱਖੇ ਹਮਲੇ ਕੀਤੇ। ਸੁਖਪਾਲ ਖਹਿਰਾ ਵੱਲੋਂ ਮੁੱਖ ਮੰਤਰੀ ਦੇ ਸ਼ਰਾਬ ਪੀ ਕੇ ਸਦਨ ਵਿੱਚ ਆਉਣ ਦੇ ਲਗਾਏ ਗਏ ਇਲਜ਼ਾਮਾਂ ਤੋਂ ਬਾਅਦ ਵਿਰੋਧੀ ਧਿਰ ਨੇ ਸਾਰੇ ਵਿਧਾਇਕਾਂ ਦੀ ਮੈਡੀਕਲ ਜਾਂਚ ਦੀ ਮੰਗ ਰੱਖ ਦਿੱਤੀ।
ਸਦਨ ਵਿੱਚ ਹੰਗਾਮੇ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ ਇੱਕ ਵੱਡੀ ਮੰਗ ਰੱਖਦਿਆਂ ਕਿਹਾ ਕਿ ਸਦਨ ਦੀ ਮਰਿਆਦਾ ਅਤੇ ਪਵਿੱਤਰਤਾ ਨੂੰ ਬਹਾਲ ਰੱਖਣ ਲਈ ਇਹ ਜ਼ਰੂਰੀ ਹੈ ਕਿ ਸਿਰਫ਼ ਮੁੱਖ ਮੰਤਰੀ ਹੀ ਨਹੀਂ, ਸਗੋਂ ਸਦਨ ਦੇ ਸਾਰੇ ਵਿਧਾਇਕਾਂ (MLAs) ਦਾ 'ਡੋਪ ਟੈਸਟ' ਅਤੇ 'ਐਲਕੋ ਟੈਸਟ' ਕਰਵਾਇਆ ਜਾਵੇ। ਬਾਜਵਾ ਨੇ ਜ਼ੋਰ ਦੇ ਕੇ ਕਿਹਾ ਕਿ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋਣਾ ਚਾਹੀਦਾ ਹੈ ਤਾਂ ਜੋ ਜਨਤਾ ਨੂੰ ਪਤਾ ਲੱਗ ਸਕੇ ਕਿ ਸਦਨ ਦੀ ਕਾਰਵਾਈ ਵਿੱਚ ਹਿੱਸਾ ਲੈਣ ਵਾਲੇ ਨੁਮਾਇੰਦੇ ਕਿਸ ਸਥਿਤੀ ਵਿੱਚ ਹਨ।
ਇਨ੍ਹਾਂ ਗੰਭੀਰ ਇਲਜ਼ਾਮਾਂ ਅਤੇ ਟੈਸਟ ਦੀ ਮੰਗ ਨੂੰ ਲੈ ਕੇ ਸਦਨ ਵਿੱਚ ਰੌਲਾ-ਰੱਪਾ ਇੰਨਾ ਵਧ ਗਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਚੁੱਪ-ਚਪੀਤੇ ਸਦਨ ਵਿੱਚੋਂ ਬਾਹਰ ਨਿਕਲ ਗਏ। ਮੁੱਖ ਮੰਤਰੀ ਦੇ ਬਾਹਰ ਜਾਣ ਮਗਰੋਂ ਕਾਂਗਰਸੀ ਵਿਧਾਇਕਾਂ ਨੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਇੱਕਜੁੱਟ ਹੋ ਕੇ ਸਦਨ ਵਿੱਚੋਂ ਵਾਕਆਊਟ ਕਰ ਦਿੱਤਾ।
ਵਿਰੋਧੀ ਧਿਰ ਨੇ ਸਪੱਸ਼ਟ ਕੀਤਾ ਕਿ ਜਿੰਨੀ ਦੇਰ ਤੱਕ ਨੈਤਿਕਤਾ ਅਤੇ ਨਿਯਮਾਂ ਦੀ ਪਾਲਣਾ ਯਕੀਨੀ ਨਹੀਂ ਬਣਾਈ ਜਾਂਦੀ, ਉਹ ਆਪਣਾ ਵਿਰੋਧ ਜਾਰੀ ਰੱਖਣਗੇ। ਇਸ ਘਟਨਾ ਨੇ ਵਿਧਾਨ ਸਭਾ ਦੀ ਕਾਰਵਾਈ 'ਤੇ ਸਵਾਲੀਆ ਨਿਸ਼ਾਨ ਖੜ੍ਹੇ ਕਰ ਦਿੱਤੇ ਹਨ।
Get all latest content delivered to your email a few times a month.