ਤਾਜਾ ਖਬਰਾਂ
ਵਿਸ਼ਵ ਪੱਧਰ 'ਤੇ ਤੇਲ ਦੀਆਂ ਕੀਮਤਾਂ ਵਿੱਚ ਆ ਰਹੇ ਉਛਾਲ ਕਾਰਨ ਹੁਣ ਭਾਰਤੀ ਖਪਤਕਾਰਾਂ ਦੀ ਜੇਬ 'ਤੇ ਵੱਡਾ ਬੋਝ ਪੈਣ ਦੀ ਸੰਭਾਵਨਾ ਹੈ। ਸਰਕਾਰੀ ਸੂਤਰਾਂ ਅਨੁਸਾਰ, ਆਉਣ ਵਾਲੇ ਦਿਨਾਂ ਵਿੱਚ ਘਰੇਲੂ ਰਸੋਈ ਗੈਸ (LPG) ਅਤੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਹੋ ਸਕਦਾ ਹੈ। ਜੇਕਰ ਅਜਿਹਾ ਹੁੰਦਾ ਹੈ, ਤਾਂ ਪਿਛਲੇ ਚਾਰ ਸਾਲਾਂ ਵਿੱਚ ਇਹ ਪਹਿਲੀ ਵਾਰ ਹੋਵੇਗਾ ਜਦੋਂ ਤੇਲ ਦੀਆਂ ਕੀਮਤਾਂ ਵਿੱਚ ਇੰਨਾ ਵੱਡਾ ਬਦਲਾਅ ਦੇਖਣ ਨੂੰ ਮਿਲੇਗਾ।
ਰਿਪੋਰਟਾਂ ਮੁਤਾਬਕ ਸਰਕਾਰ ਘਰੇਲੂ ਐਲ.ਪੀ.ਜੀ. ਸਿਲੰਡਰ ਦੀ ਕੀਮਤ ਵਿੱਚ 40 ਤੋਂ 50 ਰੁਪਏ ਤੱਕ ਦਾ ਵਾਧਾ ਕਰਨ ਦੀ ਤਿਆਰੀ ਵਿੱਚ ਹੈ। ਇਸ ਤੋਂ ਇਲਾਵਾ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵੀ 4 ਤੋਂ 5 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਣ ਦੀ ਉਮੀਦ ਹੈ। ਹਾਲਾਂਕਿ ਸਰਕਾਰ ਵੱਲੋਂ ਅਜੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ, ਪਰ ਅਗਲੇ 5 ਤੋਂ 7 ਦਿਨਾਂ ਵਿੱਚ ਇਸ 'ਤੇ ਅਹਿਮ ਫੈਸਲਾ ਲਿਆ ਜਾ ਸਕਦਾ ਹੈ।
ਕੀਮਤਾਂ ਵਿੱਚ ਸੰਭਾਵੀ ਵਾਧੇ ਦਾ ਮੁੱਖ ਕਾਰਨ ਪੱਛਮੀ ਏਸ਼ੀਆ ਵਿੱਚ ਚੱਲ ਰਹੀ ਸਿਆਸੀ ਉਥਲ-ਪੁਥਲ ਹੈ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚਾ ਤੇਲ 100 ਡਾਲਰ ਪ੍ਰਤੀ ਬੈਰਲ ਦੇ ਅੰਕੜੇ ਨੂੰ ਪਾਰ ਕਰ ਗਿਆ ਹੈ, ਜਿਸ ਕਾਰਨ ਤੇਲ ਕੰਪਨੀਆਂ 'ਤੇ ਵਿੱਤੀ ਦਬਾਅ ਲਗਾਤਾਰ ਵਧ ਰਿਹਾ ਹੈ। ਹਾਲਾਂਕਿ ਸਰਕਾਰ ਨੇ ਪਿਛਲੇ ਮਹੀਨੇ ਟੈਕਸਾਂ ਵਿੱਚ ਕਟੌਤੀ ਕਰਕੇ ਰਾਹਤ ਦੇਣ ਦੀ ਕੋਸ਼ਿਸ਼ ਕੀਤੀ ਸੀ, ਪਰ ਕੱਚੇ ਤੇਲ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਕਾਰਨ ਹੁਣ ਵਾਧਾ ਲਾਜ਼ਮੀ ਲੱਗ ਰਿਹਾ ਹੈ।
ਦੂਜੇ ਪਾਸੇ, ਵਪਾਰਕ ਐਲ.ਪੀ.ਜੀ. ਸਿਲੰਡਰਾਂ ਦੀਆਂ ਕੀਮਤਾਂ ਨੇ ਪਹਿਲਾਂ ਹੀ ਰਿਕਾਰਡ ਤੋੜ ਦਿੱਤੇ ਹਨ। 1 ਮਈ ਨੂੰ ਹੋਏ ਵਾਧੇ ਤੋਂ ਬਾਅਦ ਦਿੱਲੀ ਵਿੱਚ ਵਪਾਰਕ ਸਿਲੰਡਰ ਦੀ ਕੀਮਤ 3,000 ਰੁਪਏ ਨੂੰ ਪਾਰ ਕਰ ਗਈ ਹੈ। ਜ਼ਿਕਰਯੋਗ ਹੈ ਕਿ ਪਿਛਲੇ ਤਿੰਨ ਮਹੀਨਿਆਂ ਵਿੱਚ ਵਪਾਰਕ ਸਿਲੰਡਰ ਦੀ ਕੀਮਤ ਵਿੱਚ ਕਰੀਬ 47 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ, ਜਿਸ ਦਾ ਸਿੱਧਾ ਅਸਰ ਹੋਟਲ ਅਤੇ ਰੈਸਟੋਰੈਂਟ ਉਦਯੋਗ 'ਤੇ ਪੈ ਰਿਹਾ ਹੈ। ਹੁਣ ਆਮ ਜਨਤਾ ਨੂੰ ਡਰ ਹੈ ਕਿ ਘਰੇਲੂ ਗੈਸ ਦੀਆਂ ਕੀਮਤਾਂ ਵਧਣ ਨਾਲ ਉਨ੍ਹਾਂ ਦੇ ਘਰ ਦਾ ਮਹੀਨਾਵਾਰ ਬਜਟ ਪੂਰੀ ਤਰ੍ਹਾਂ ਹਿੱਲ ਜਾਵੇਗਾ।
Get all latest content delivered to your email a few times a month.