ਤਾਜਾ ਖਬਰਾਂ
ਚੰਡੀਗੜ੍ਹ, 4 ਮਈ 2026– ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੀਆਂ ਮੰਡੀਆਂ ਵਿੱਚ ਕੀਤੇ ਪੁਖਤਾ ਪ੍ਰਬੰਧਾਂ ਸਦਕਾ ਕਣਕ ਦੇ ਖਰੀਦ ਕਾਰਜ ਸੁਚਾਰੂ ਢੰਗ ਨਾਲ ਚੱਲ ਰਹੇ ਹਨ। ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ 120.18 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ 119.12 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ। ਕਿਸਾਨਾਂ ਨੂੰ ਫਸਲ ਦੀ ਅਦਾਇਗੀ ਵੀ ਨਾਲੋਂ-ਨਾਲ ਕੀਤੀ ਜਾ ਰਹੀ ਹੈ, ਪਰ ਕੇਂਦਰ ਦੀ ਮੋਦੀ ਸਰਕਾਰ ਆਪਣੀ ਜਿੰਮੇਵਾਰੀਆਂ ਤੋਂ ਭੱਜ ਰਹੀ ਹੈ ਅਤੇ ਫਸਲ ਚੁੱਕਵਾਉਣ ਵਿੱਚ ਅਣਗਹਿਲੀ ਵਰਤ ਰਹੀ ਹੈ। ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਰਕੇ ਅੱਜ ਪੰਜਾਬ ਦੀਆਂ ਮੰਡੀਆਂ ਵਿੱਚ ਫਸਲ ਦੇ ਢੇਰ ਲੱਗੇ ਹੋਏ ਹਨ ਅਤੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਰੁਲਣ ਲਈ ਮਜਬੂਰ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਕੇਂਦਰ ਸਰਕਾਰ ਦੇ ਮਤਰੇਈ ਮਾਂ ਵਾਲੇ ਸਲੂਕ ਕਰਕੇ ਹੀ ਪੰਜਾਬ ਦੀਆਂ ਮੰਡੀਆਂ ਵਿਚੋਂ ਕਣਕ ਦੀ ਚੁਕਵਾਈ ਨੂੰ ਲੈ ਕੇ ਸਮੱਸਿਆਵਾਂ ਪੇਸ਼ ਆ ਰਹੀਆਂ ਹਨ। ਕੇਂਦਰ ਦੀ ਮੋਦੀ ਸਰਕਾਰ ਪਹਿਲਾਂ ਹੀ ਪੰਜਾਬ ਦਾ ਰੂਰਲ ਡਿਵੈਲਪਮੈਂਟ ਫੰਡ ਰੋਕੀ ਬੈਠੀ ਹੈ ਅਤੇ ਹੁਣ ਫ਼ਸਲ ਨਹੀਂ ਚੁੱਕ ਰਹੀ ਹੈ। ਪੰਜਾਬ ਦੇ ਸਾਰੇ ਗੁਦਾਮ ਅਤੇ ਸ਼ੈਲਰ ਅਨਾਜ ਨਾਲ ਭਰੇ ਹੋਏ ਹਨ, ਜਿਸ ਨੂੰ ਕੇਂਦਰ ਸਰਕਾਰ ਵੱਲੋਂ ਸ਼ਿਫਟ ਕਰਨ ਵਿੱਚ ਦੇਰੀ ਕੀਤੀ ਜਾ ਰਹੀ ਹੈ। ਜਿਸ ਕਰਕੇ ਮੰਡੀਆਂ ਵਿੱਚ ਅਨਾਜ ਰੁੱਲ ਰਿਹਾ ਹੈ ਅਤੇ ਮੌਸਮ ਦੀ ਖਰਾਬੀ ਕਰਕੇ ਫਸਲ ਮੀਂਹ ਵਿੱਚ ਭਿੱਜ ਰਹੀ ਹੈ। ਜਿਸ ਨਾਲ ਸਭ ਨੂੰ ਪਰੇਸ਼ਾਨੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ, ਪਰ ਮੌਸਮ ਖਰਾਬ ਹੋਣ ਕਰਕੇ ਜੇਕਰ ਖਰੀਦ ਕੀਤੀ ਕਣਕ ਭਿੱਜ ਜਾਂਦੀ ਹੈ, ਤਾਂ ਉਸਦੀ ਜਿੰਮੇਵਾਰੀ ਕੇਂਦਰ ਸਰਕਾਰ ਦੀ ਹੋਵੇਗੀ। ਉਨ੍ਹਾਂ ਕੇਂਦਰ ਸਰਕਾਰ ਨੂੰ ਤੁਰੰਤ ਅਨਾਜ ਚੁਕਵਾਉਣ ਦੀ ਅਪੀਲ ਕੀਤੀ, ਤਾਂ ਜੋ ਸਾਰਿਆਂ ਨੂੰ ਰਾਹਤ ਮਿਲ ਸਕੇ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਮੰਡੀਆਂ ਵਿੱਚ ਸਾਫ਼-ਸਫਾਈ, ਪੀਣ ਵਾਲਾ ਪਾਣੀ, ਬਾਥਰੂਮ, ਛਾਂ, ਬੈਠਣ ਆਦਿ ਦੇ ਪੂਰੇ ਪ੍ਰਬੰਧ ਹਨ, ਤਾਂ ਜੋ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ ਨੂੰ ਕਿਸੇ ਕਿਸਮ ਦੀ ਸਮੱਸਿਆਂ ਦਾ ਸਾਹਮਣਾ ਨਾ ਕਰਨਾ ਪਵੇ। ਪੰਜਾਬ ਮੰਡੀ ਬੋਰਡ ਵੱਲੋਂ ਕਣਕ ਦੀ ਖਰੀਦ ਕਰਵਾਉਣ ਲਈ ਕੁੱਲ 1896 ਮੰਡੀਆਂ ਘੋਸ਼ਿਤ ਕੀਤੀਆਂ ਗਈਆਂ ਹਨ। ਜਿਸ ਵਿੱਚ 153 ਮੁੱਖ ਯਾਰਡ, 288 ਸਬ-ਯਾਰਡ ਅਤੇ 1455 ਖਰੀਦ ਕੇਂਦਰ ਆਉਂਦੇ ਹਨ। ਇਸ ਦੇ ਨਾਲ ਹੀ ਕਣਕ ਦੀ ਫਸਲ ਦੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ 986 ਆਰਜੀ ਮੰਡੀਆਂ ਵੀ ਘੋਸ਼ਿਤ ਕੀਤੀਆਂ ਹਨ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਮੰਡੀਆਂ ਵਿੱਚ 120.18 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ 119.12 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ, ਜਿਸ ਵਿੱਚੋਂ 68.81 ਲੱਖ ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ 3 ਮਈ ਨੂੰ ਸੂਬੇ ਦੀਆਂ ਮੰਡੀਆਂ ਵਿੱਚ 94,736 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ, ਜਦਕਿ 1.17 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਹੈ। ਕਿਸਾਨਾਂ ਨੂੰ ਲਗਭਗ 27343.09 ਕਰੋੜ ਰੁਪਏ ਦੀ ਅਦਾਇਗੀ ਉਹਨਾਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾ ਚੁੱਕੀ ਹੈ। ਸ. ਬਰਸਟ ਨੇ ਅੱਗੇ ਦੱਸਿਆ ਕਿ ਸਰਕਾਰੀ ਏਜੰਸੀਆਂ ਵੱਲੋਂ 117.75 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ, ਜਿਸਦੇ ਤਹਿਤ ਪਨਗ੍ਰੇਨ ਵੱਲੋਂ 38,51,335 ਮੀਟ੍ਰਿਕ ਟਨ, ਐਫ.ਸੀ.ਆਈ. ਵੱਲੋਂ 23,7,447 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 30,33,077 ਮੀਟ੍ਰਿਕ ਟਨ, ਪਨਸਪ ਵੱਲੋਂ 27,44,949 ਮੀਟ੍ਰਿਕ ਟਨ, ਵੇਅਰ ਹਾਊਸ ਵੱਲੋਂ 19,07,852 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਸਦੇ ਨਾਲ ਹੀ ਪ੍ਰਾਈਵੇਟ ਪੱਧਰ ਤੇ 1,37,328 ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਹੈ।
Get all latest content delivered to your email a few times a month.