ਤਾਜਾ ਖਬਰਾਂ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ 8 ਮਈ ਨੂੰ ਸਵੇਰੇ 11 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ। ਇਹ ਜਾਣਕਾਰੀ ਉਨ੍ਹਾਂ ਵੱਲੋਂ ਆਪਣੇ ਟਵੀਟ ਰਾਹੀਂ ਸਾਂਝੀ ਕੀਤੀ ਗਈ ਹੈ। ਸੰਧਵਾਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਲਈ ਸਰਬਉਚ ਅਤੇ ਸਭ ਤੋਂ ਵੱਧ ਸਤਿਕਾਰਯੋਗ ਸਥਾਨ ਹੈ, ਇਸ ਲਈ ਉਹ ਪੂਰੀ ਨਿਮਰਤਾ ਅਤੇ ਸ਼ਰਧਾ ਨਾਲ ਉਥੇ ਹਾਜ਼ਰੀ ਭਰ ਕੇ ਆਪਣਾ ਪੱਖ ਰੱਖਣਗੇ।
ਉਨ੍ਹਾਂ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ਉਨ੍ਹਾਂ ਨੂੰ 8 ਮਈ ਨੂੰ ਹਾਜ਼ਰ ਹੋਣ ਲਈ ਸੰਦੇਸ਼ ਮਿਲਿਆ ਹੈ ਅਤੇ ਉਹ ਇਸ ਅਦੇਸ਼ ਦੀ ਪਾਲਣਾ ਕਰਨ ਲਈ ਵਚਨਬੱਧ ਹਨ।
ਇਹ ਸਾਰਾ ਮਾਮਲਾ ਬੇਅਦਬੀ ਕਾਨੂੰਨ ਨੂੰ ਲੈ ਕੇ ਉਭਰਿਆ ਹੈ। ਬੀਤੇ ਦਿਨ ਅੰਮ੍ਰਿਤਸਰ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਇੱਕ ਅਹਿਮ ਪੰਥਕ ਇਕੱਠ ਕੀਤਾ ਗਿਆ ਸੀ। ਇਸ ਇਕੱਠ ਵਿੱਚ ਸਿੱਖ ਬੁੱਧੀਜੀਵੀਆਂ, ਵਿਦਵਾਨਾਂ, ਨਿਹੰਗ ਸਿੰਘ ਜਥੇਬੰਦੀਆਂ ਅਤੇ ਹੋਰ ਪ੍ਰਮੁੱਖ ਸਿੱਖ ਸ਼ਖਸੀਅਤਾਂ ਨੇ ਭਾਗ ਲਿਆ।
ਇਸ ਦੌਰਾਨ ਨਵੇਂ ਬੇਅਦਬੀ ਕਾਨੂੰਨ ਨੂੰ ਸਖ਼ਤੀ ਨਾਲ ਰੱਦ ਕਰ ਦਿੱਤਾ ਗਿਆ ਅਤੇ ਕਿਹਾ ਗਿਆ ਕਿ ਇਹ ਮਾਮਲਾ ਸਿੱਧਾ ਪੰਥ ਨਾਲ ਸੰਬੰਧਿਤ ਹੈ। ਇਸ ਲਈ ਇਸ ਬਾਰੇ ਫੈਸਲੇ ਸਿਰਫ਼ ਸਰਕਾਰ ਵੱਲੋਂ ਨਹੀਂ, ਸਗੋਂ ਪੰਥਕ ਪੱਧਰ ‘ਤੇ ਹੀ ਲਏ ਜਾਣੇ ਚਾਹੀਦੇ ਹਨ।
ਇਸੇ ਸੰਦਰਭ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ 8 ਮਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਲਈ ਤਲਬ ਕੀਤਾ ਗਿਆ ਹੈ, ਜਿੱਥੇ ਉਹ ਆਪਣਾ ਸਪਸ਼ਟੀਕਰਨ ਪੇਸ਼ ਕਰਨਗੇ।
Get all latest content delivered to your email a few times a month.