ਤਾਜਾ ਖਬਰਾਂ
ਮਾਲੇਰਕੋਟਲਾ ਜ਼ਿਲ੍ਹਾ ਪੁਲਿਸ ਨੇ ਇੱਕ ਅੰਨੇ ਕਤਲ ਦੇ ਮਾਮਲੇ ਨੂੰ ਸੁਲਝਾਉਂਦਿਆਂ ਦੋ ਦੋਸ਼ੀਆਂ ਨੂੰ ਕਾਬੂ ਕਰਨ ਵਿੱਚ ਅਹਿਮ ਸਫਲਤਾ ਹਾਸਲ ਕੀਤੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ (ਐੱਸ.ਐੱਸ.ਪੀ) ਗਗਨ ਅਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਚੱਲ ਰਹੀ ਅਪਰਾਧ ਵਿਰੋਧੀ ਮੁਹਿੰਮ ਦੌਰਾਨ ਇਹ ਕਾਰਵਾਈ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਉਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਦੀਪਿੰਦਰਪਾਲ ਸਿੰਘ ਅਤੇ ਡੀਐੱਸਪੀ ਅਹਿਮਦਗੜ੍ਹ ਸੁਖਦੇਵ ਸਿੰਘ ਦੀ ਦੇਖ-ਰੇਖ ਹੇਠ ਥਾਣਾ ਸਦਰ ਅਹਿਮਦਗੜ੍ਹ ਦੀ ਮੁੱਖ ਅਧਿਕਾਰੀ ਇੰਸਪੈਕਟਰ ਗੁਰਪ੍ਰੀਤ ਕੌਰ ਦੀ ਅਗਵਾਈ ਵਿੱਚ ਪੁਲਿਸ ਟੀਮ ਨੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ।
ਮਾਮਲੇ ਦੀ ਸ਼ੁਰੂਆਤ ਉਸ ਵੇਲੇ ਹੋਈ ਜਦੋਂ ਪਿੰਡ ਸਰੌਦ ਦੀ ਵਸਨੀਕ ਸੁਖਜੀਤ ਕੌਰ ਨੇ ਆਪਣੇ ਪਤੀ ਸੁਰਜੀਤ ਸਿੰਘ ਦੇ ਲਾਪਤਾ ਹੋਣ ਦੀ ਰਿਪੋਰਟ ਦਰਜ ਕਰਵਾਈ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ।
ਤਫਤੀਸ਼ ਦੌਰਾਨ ਪੁਲਿਸ ਨੇ ਤਕਨੀਕੀ ਸਬੂਤ ਇਕੱਠੇ ਕੀਤੇ ਅਤੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ। ਇਸ ਅਧਾਰ ‘ਤੇ ਸ਼ੱਕ ਦੇ ਘੇਰੇ ਵਿੱਚ ਆਏ ਪਰਮਜੀਤ ਕੌਰ ਅਤੇ ਉਸਦੇ ਪਤੀ ਹਰਪ੍ਰੀਤ ਸਿੰਘ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ।
ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਮ੍ਰਿਤਕ ਸੁਰਜੀਤ ਸਿੰਘ ਦੇ ਪਰਮਜੀਤ ਕੌਰ ਨਾਲ ਗੈਰ-ਕਾਨੂੰਨੀ ਸੰਬੰਧ ਸਨ। ਘਟਨਾ ਵਾਲੇ ਦਿਨ ਸੁਰਜੀਤ ਸਿੰਘ ਉਸਦੇ ਘਰ ਗਿਆ ਹੋਇਆ ਸੀ, ਜਿੱਥੇ ਹਰਪ੍ਰੀਤ ਸਿੰਘ ਨੇ ਦੋਨਾਂ ਨੂੰ ਇਕੱਠੇ ਦੇਖ ਲਿਆ। ਗੁੱਸੇ ਵਿੱਚ ਆ ਕੇ ਹਰਪ੍ਰੀਤ ਸਿੰਘ ਨੇ ਆਪਣੀ ਪਤਨੀ ਨਾਲ ਮਿਲ ਕੇ ਸੁਰਜੀਤ ਸਿੰਘ ‘ਤੇ ਲੋਹੇ ਦੀ ਰਾੜ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਸਦੀ ਮੌਤ ਹੋ ਗਈ।
ਦੋਸ਼ੀਆਂ ਨੇ ਸਬੂਤ ਮਿਟਾਉਣ ਲਈ ਲਾਸ਼ ਨੂੰ ਬੋਰੀ ਵਿੱਚ ਪਾ ਕੇ ਸਕੂਟਰ ਰਾਹੀਂ ਪਿੰਡ ਮੰਡਿਆਲਾ ਤੋਂ ਰਾਣਵਾਂ ਵਾਲੀ ਸੜਕ ‘ਤੇ ਡਰੇਨ ਦੇ ਪੁਲ ਨੇੜੇ ਸੁੱਟ ਦਿੱਤਾ।
ਪੁਲਿਸ ਨੇ ਮਾਮਲੇ ਵਿੱਚ ਕਤਲ ਸਮੇਤ ਹੋਰ ਗੰਭੀਰ ਧਾਰਾਵਾਂ ਜੋੜਦਿਆਂ ਦੋਵੇਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਨਾਲ ਹੀ ਦੋਸ਼ੀ ਦੀ ਨਿਸ਼ਾਨਦੇਹੀ ‘ਤੇ ਕਤਲ ਲਈ ਵਰਤੀ ਗਈ ਲੋਹੇ ਦੀ ਰਾੜ, ਸਕੂਟਰ ਅਤੇ ਮ੍ਰਿਤਕ ਦਾ ਟੁੱਟਿਆ ਮੋਬਾਈਲ ਫੋਨ ਅਤੇ ਸਿੰਮ ਕਾਰਡ ਵੀ ਬਰਾਮਦ ਕੀਤਾ ਗਿਆ ਹੈ।
ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਲਿਆ ਗਿਆ ਹੈ ਅਤੇ ਮਾਮਲੇ ਦੀ ਹੋਰ ਡੂੰਘਾਈ ਨਾਲ ਜਾਂਚ ਜਾਰੀ ਹੈ।
Get all latest content delivered to your email a few times a month.