IMG-LOGO
ਹੋਮ ਪੰਜਾਬ: ਆਵਾਰਾ ਕੁੱਤਿਆਂ ਦੇ ਕਹਿਰ ਨੇ ਉਜਾੜਿਆ ਹੱਸਦਾ-ਖੇਡਦਾ ਪਰਿਵਾਰ: ਟਾਂਡਾ 'ਚ...

ਆਵਾਰਾ ਕੁੱਤਿਆਂ ਦੇ ਕਹਿਰ ਨੇ ਉਜਾੜਿਆ ਹੱਸਦਾ-ਖੇਡਦਾ ਪਰਿਵਾਰ: ਟਾਂਡਾ 'ਚ 8 ਸਾਲਾ ਮਾਸੂਮ ਨੂੰ ਨੋਚ-ਨੋਚ ਕੇ ਮਾਰਿਆ; ਪ੍ਰਸ਼ਾਸਨਿਕ ਦਾਅਵਿਆਂ ਦੀ ਖੁੱਲ੍ਹੀ ਪੋਲ

Admin User - May 06, 2026 12:17 PM
IMG

 ਪੰਜਾਬ ਵਿੱਚ ਆਵਾਰਾ ਕੁੱਤਿਆਂ ਦੀ ਵਧਦੀ ਦਹਿਸ਼ਤ ਨੇ ਅੱਜ ਇੱਕ ਹੋਰ ਮਾਸੂਮ ਜਿੰਦਗੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਤਾਜ਼ਾ ਮਾਮਲਾ ਹੁਸ਼ਿਆਰਪੁਰ ਦੇ ਬਲਾਕ ਟਾਂਡਾ ਉੜਮੁੜ ਦੇ ਪਿੰਡ ਖਰਲ ਖ਼ੁਰਦ ਤੋਂ ਸਾਹਮਣੇ ਆਇਆ ਹੈ, ਜਿੱਥੇ ਕੁੱਤਿਆਂ ਦੇ ਝੁੰਡ ਨੇ ਇੱਕ 8 ਸਾਲਾ ਬੱਚੀ ਨੂੰ ਬੇਰਹਿਮੀ ਨਾਲ ਆਪਣਾ ਸ਼ਿਕਾਰ ਬਣਾਇਆ। ਇਸ ਹਿਰਦੇਵੇਧਕ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ ਅਤੇ ਲੋਕਾਂ ਵਿੱਚ ਸਰਕਾਰ ਤੇ ਪ੍ਰਸ਼ਾਸਨ ਦੇ ਖੋਖਲੇ ਦਾਅਵਿਆਂ ਵਿਰੁੱਧ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ।


ਪ੍ਰਾਪਤ ਵੇਰਵਿਆਂ ਅਨੁਸਾਰ ਮ੍ਰਿਤਕ ਬੱਚੀ ਦੀ ਪਛਾਣ 8 ਸਾਲਾ ਸਲੋਨੀ ਵਜੋਂ ਹੋਈ ਹੈ। ਸਲੋਨੀ ਅੱਜ ਸਵੇਰੇ ਕਰੀਬ 8 ਵਜੇ ਆਪਣੇ ਘਰੋਂ ਕਿਸੇ ਕੰਮ ਲਈ ਬਾਹਰ ਨਿਕਲੀ ਸੀ। ਅਜੇ ਉਹ ਰਸਤੇ ਵਿੱਚ ਹੀ ਸੀ ਕਿ ਆਵਾਰਾ ਕੁੱਤਿਆਂ ਨੇ ਉਸ ਨੂੰ ਚਾਰੋਂ ਪਾਸਿਓਂ ਘੇਰ ਲਿਆ। ਕੁੱਤਿਆਂ ਨੇ ਮਾਸੂਮ 'ਤੇ ਇੰਨਾ ਭਿਆਨਕ ਹਮਲਾ ਕੀਤਾ ਕਿ ਉਸ ਨੂੰ ਨੋਚ-ਨੋਚ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।


ਜਦੋਂ ਸਲੋਨੀ ਕਾਫ਼ੀ ਦੇਰ ਤੱਕ ਘਰ ਨਾ ਪਹੁੰਚੀ, ਤਾਂ ਚਿੰਤਤ ਪਰਿਵਾਰਕ ਮੈਂਬਰਾਂ ਨੇ ਉਸ ਦੀ ਭਾਲ ਸ਼ੁਰੂ ਕੀਤੀ। ਕੁਝ ਦੂਰੀ 'ਤੇ ਹੀ ਬੱਚੀ ਦੀ ਲਹੂ-ਲੁਹਾਨ ਦੇਹ ਰਸਤੇ 'ਚ ਪਈ ਮਿਲੀ। ਪਰਿਵਾਰ ਵੱਲੋਂ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਉੱਥੇ ਮੌਜੂਦ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਬੱਚੀ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਮਾਪਿਆਂ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।


ਇਸ ਘਟਨਾ ਨੇ ਇੱਕ ਵਾਰ ਫਿਰ ਸਾਬਿਤ ਕਰ ਦਿੱਤਾ ਹੈ ਕਿ ਆਵਾਰਾ ਪਸ਼ੂਆਂ ਅਤੇ ਕੁੱਤਿਆਂ ਨੂੰ ਨੱਥ ਪਾਉਣ ਵਿੱਚ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਕਾਮ ਰਿਹਾ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪਹਿਲਾਂ ਵੀ ਕਈ ਵਾਰ ਅਜਿਹੀਆਂ ਘਟਨਾਵਾਂ ਹੋ ਚੁੱਕੀਆਂ ਹਨ, ਪਰ ਪ੍ਰਸ਼ਾਸਨ ਨੇ ਕਦੇ ਵੀ ਕੋਈ ਠੋਸ ਕਾਰਵਾਈ ਨਹੀਂ ਕੀਤੀ। ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਲੋਕਾਂ ਨੇ ਮੰਗ ਕੀਤੀ ਹੈ ਕਿ ਅਜਿਹੇ ਖੂੰਖਾਰ ਕੁੱਤਿਆਂ ਤੋਂ ਇਲਾਕਾ ਨਿਵਾਸੀਆਂ ਨੂੰ ਜਲਦ ਨਿਜਾਤ ਦਿਵਾਈ ਜਾਵੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.