ਤਾਜਾ ਖਬਰਾਂ
ਪੰਜਾਬ ਵਿੱਚ ਇੱਕ ਹਫ਼ਤੇ ਦੇ ਅੰਦਰ ਹੋਏ ਤਿੰਨ ਲਗਾਤਾਰ ਧਮਾਕਿਆਂ ਨੇ ਸੂਬੇ ਵਿੱਚ ਸਿਆਸੀ ਹਲਚਲ ਤੇਜ਼ ਕਰ ਦਿੱਤੀ ਹੈ। ਜਿੱਥੇ ਭਾਜਪਾ ਅਤੇ ਕਾਂਗਰਸ ਕਾਨੂੰਨ ਵਿਵਸਥਾ ਨੂੰ ਲੈ ਕੇ ਸਰਕਾਰ ਨੂੰ ਘੇਰ ਰਹੀਆਂ ਹਨ, ਉੱਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਇਨ੍ਹਾਂ ਘਟਨਾਵਾਂ ਲਈ ਸਿੱਧੇ ਤੌਰ 'ਤੇ ਭਾਰਤੀ ਜਨਤਾ ਪਾਰਟੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਸ੍ਰੀ ਆਨੰਦਪੁਰ ਸਾਹਿਬ ਵਿਖੇ 'ਸ਼ੁਕਰਾਨਾ ਯਾਤਰਾ' ਦੀ ਸ਼ੁਰੂਆਤ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਭਾਜਪਾ 'ਤੇ ਗੰਭੀਰ ਇਲਜ਼ਾਮ ਲਗਾਏ।
ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਲਹਿਜੇ ਵਿੱਚ ਕਿਹਾ ਕਿ ਪੰਜਾਬ ਵਿੱਚ ਜੋ ਕੁਝ ਹੋ ਰਿਹਾ ਹੈ, ਉਹ ਭਾਜਪਾ ਦਾ ਕੰਮ ਕਰਨ ਦਾ ਵਿਸ਼ੇਸ਼ ਅੰਦਾਜ਼ ਹੈ। ਉਨ੍ਹਾਂ ਇਲਜ਼ਾਮ ਲਗਾਇਆ ਕਿ ਭਾਜਪਾ ਚੋਣਾਂ ਵਾਲੇ ਰਾਜਾਂ ਵਿੱਚ ਲੋਕਾਂ ਵਿੱਚ ਦਹਿਸ਼ਤ ਪੈਦਾ ਕਰਨ ਲਈ ਧਮਾਕੇ ਅਤੇ ਹਿੰਸਾ ਦਾ ਸਹਾਰਾ ਲੈਂਦੀ ਹੈ। ਮਾਨ ਨੇ ਕਿਹਾ, "ਭਾਜਪਾ ਛੋਟੇ-ਛੋਟੇ ਧਮਾਕੇ ਕਰਕੇ ਵੋਟਾਂ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਹ ਉਨ੍ਹਾਂ ਦੀ ਚੋਣਾਂ ਦੀ ਤਿਆਰੀ ਦਾ ਹਿੱਸਾ ਹੈ, ਪਰ ਪੰਜਾਬ ਦੇ ਲੋਕ ਇਨ੍ਹਾਂ ਹੱਥਕੰਡਿਆਂ ਤੋਂ ਡਰਨ ਵਾਲੇ ਨਹੀਂ ਹਨ।"
CM ਮਾਨ ਨੇ ਅੱਗੇ ਕਿਹਾ ਕਿ ਭਾਜਪਾ ਨੂੰ ਨਵੇਂ ਅਤੇ ਸਖ਼ਤ 'ਬੇਅਦਬੀ ਕਾਨੂੰਨ' ਤੋਂ ਬਹੁਤ ਤਕਲੀਫ਼ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਹਿਲਾਂ ਹਿੰਸਾ ਭੜਕਾਉਣ ਲਈ ਬੇਅਦਬੀ ਵਰਗੇ ਸੰਵੇਦਨਸ਼ੀਲ ਮੁੱਦਿਆਂ ਦੀ ਵਰਤੋਂ ਕੀਤੀ ਜਾਂਦੀ ਸੀ, ਪਰ ਹੁਣ ਕਾਨੂੰਨ ਸਖ਼ਤ ਹੋਣ ਕਾਰਨ ਕੋਈ ਵੀ ਅਜਿਹੀ ਹਿੰਮਤ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਭਾਜਪਾ ਜਿਸ ਵੀ ਸੂਬੇ ਵਿੱਚ ਜਾਂਦੀ ਹੈ, ਉੱਥੇ ਟਕਰਾਅ ਦੀ ਸਥਿਤੀ ਪੈਦਾ ਕਰਨਾ ਉਸਦੀ ਫ਼ਿਤਰਤ ਹੈ।
ਭਾਜਪਾ ਨੂੰ ਚੇਤਾਵਨੀ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਪਹਿਲਾਂ ਹੀ ਬਹੁਤ ਕਾਲਾ ਦੌਰ ਹੰਢਾਇਆ ਹੈ ਅਤੇ ਲੋਕਾਂ ਦੇ ਜ਼ਖ਼ਮ ਅਜੇ ਵੀ ਅੱਲੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕਿਸੇ ਵੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਦੇ ਜਲੰਧਰ ਦੌਰੇ ਤੋਂ ਪਹਿਲਾਂ ਵਾਪਰੀਆਂ ਇਨ੍ਹਾਂ ਘਟਨਾਵਾਂ ਨੇ ਸੁਰੱਖਿਆ ਏਜੰਸੀਆਂ ਨੂੰ ਵੀ ਹਾਈ ਅਲਰਟ 'ਤੇ ਕਰ ਦਿੱਤਾ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਭਾਜਪਾ ਮੁੱਖ ਮੰਤਰੀ ਦੇ ਇਨ੍ਹਾਂ ਤਿੱਖੇ ਹਮਲਿਆਂ ਦਾ ਕੀ ਜਵਾਬ ਦਿੰਦੀ ਹੈ।
Get all latest content delivered to your email a few times a month.