ਤਾਜਾ ਖਬਰਾਂ
ਪੰਜਾਬ ਪੁਲਿਸ ਵੱਲੋਂ ਅਪਰਾਧ ਅਤੇ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਪਠਾਨਕੋਟ ਅਤੇ ਬਟਾਲਾ ਵਿੱਚ ਦੋ ਵੱਡੀਆਂ ਕਾਰਵਾਈਆਂ ਨੂੰ ਅੰਜਾਮ ਦਿੱਤਾ ਗਿਆ। ਪਠਾਨਕੋਟ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਤਿੰਨ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 2 ਯੂਐਸ ਮੇਡ ਪਿਸਤੌਲ, 3 ਜ਼ਿੰਦਾ ਕਾਰਤੂਸ ਅਤੇ ਇੱਕ ਸਵਿਫਟ ਡਿਜ਼ਾਇਰ ਕਾਰ ਬਰਾਮਦ ਕੀਤੀ ਹੈ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਹਥਿਆਰ ਪਾਕਿਸਤਾਨ ਤੋਂ ਮੰਗਵਾਏ ਗਏ ਸਨ ਅਤੇ ਮੁਲਜ਼ਮ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਵਿੱਚ ਸਨ। ਪੁਲਿਸ ਨੇ ਸਮੇਂ ਸਿਰ ਨਾਕਾਬੰਦੀ ਕਰਕੇ ਉਨ੍ਹਾਂ ਨੂੰ ਕਾਬੂ ਕਰ ਲਿਆ ਅਤੇ ਹੁਣ ਉਨ੍ਹਾਂ ਦੇ ਸਰਹੱਦ ਪਾਰ ਸੰਪਰਕਾਂ ਅਤੇ ਹਥਿਆਰਾਂ ਦੇ ਨੈੱਟਵਰਕ ਬਾਰੇ ਜਾਂਚ ਕੀਤੀ ਜਾ ਰਹੀ ਹੈ।
ਉੱਥੇ ਹੀ ਬਟਾਲਾ ਪੁਲਿਸ ਨੇ ਵੀ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਮਯਾਬੀ ਹਾਸਲ ਕਰਦਿਆਂ ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡਾਂ ਦੇ ਦੋ ਨੌਜਵਾਨਾਂ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਐਸਐਚਓ ਸਿਟੀ ਬਟਾਲਾ ਮੁਤਾਬਕ ਦੋਵੇਂ ਮੁਲਜ਼ਮ ਕਰੀਬ 19 ਤੋਂ 20 ਸਾਲ ਦੀ ਉਮਰ ਦੇ ਹਨ ਅਤੇ ਪਹਿਲਾਂ ਵੀ ਨਸ਼ੇ ਦੀਆਂ ਖੇਪਾਂ ਵੇਚਣ ਵਿੱਚ ਸ਼ਾਮਲ ਰਹੇ ਹਨ। ਪੁਲਿਸ ਨੂੰ ਸ਼ੱਕ ਹੈ ਕਿ ਇਨ੍ਹਾਂ ਦੇ ਤਾਰ ਸਰਹੱਦ ਪਾਰ ਤਸਕਰਾਂ ਨਾਲ ਜੁੜੇ ਹੋ ਸਕਦੇ ਹਨ। ਇਸ ਮਾਮਲੇ ਵਿੱਚ ਚਾਰ ਹੋਰ ਨਸ਼ਾ ਕਰਨ ਵਾਲੇ ਵਿਅਕਤੀਆਂ ਨੂੰ ਵੀ ਰੇਲਵੇ ਸਟੇਸ਼ਨ ਨੇੜੇ ਤੋਂ ਕਾਬੂ ਕੀਤਾ ਗਿਆ ਹੈ। ਪੁਲਿਸ ਵੱਲੋਂ ਸਾਰੇ ਮੁਲਜ਼ਮਾਂ ਦਾ ਰਿਮਾਂਡ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਨਸ਼ਾ ਅਤੇ ਹਥਿਆਰ ਤਸਕਰੀ ਦੇ ਪੂਰੇ ਜਾਲ ਦਾ ਪਰਦਾਫਾਸ਼ ਕੀਤਾ ਜਾ ਸਕੇ।
Get all latest content delivered to your email a few times a month.