ਤਾਜਾ ਖਬਰਾਂ
ਕਪੂਰਥਲਾ ਜ਼ਿਲ੍ਹੇ ਦੇ ਕਸਬਾ ਬੇਗੋਵਾਲ ਵਿੱਚ ਦਿਨ-ਦਿਹਾੜੇ ਵਾਪਰੀ ਇੱਕ ਕਤਲ ਦੀ ਵਾਰਦਾਤ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਮੀਖੋਵਾਲ ਪਾਰਕ ਦੇ ਨਜ਼ਦੀਕ ਮੁੱਖ ਬਾਜ਼ਾਰ ਵਿੱਚ ਦੋ ਨੌਜਵਾਨਾਂ ਵਿਚਾਲੇ ਹੋਈ ਮਾਮੂਲੀ ਬਹਿਸ ਇੰਨੀ ਵਧ ਗਈ ਕਿ ਇੱਕ ਨੌਜਵਾਨ ਨੇ ਦੂਜੇ 'ਤੇ ਘਾਤਕ ਹਮਲਾ ਕਰ ਦਿੱਤਾ, ਜਿਸ ਦੇ ਸਿੱਟੇ ਵਜੋਂ ਇੱਕ ਘਰ ਦਾ ਚਿਰਾਗ ਬੁਝ ਗਿਆ।
ਪ੍ਰਾਪਤ ਵੇਰਵਿਆਂ ਅਨੁਸਾਰ, ਬਾਜ਼ਾਰ ਵਿੱਚ ਕਿਸੇ ਗੱਲ ਨੂੰ ਲੈ ਕੇ ਦੋ ਨੌਜਵਾਨਾਂ ਵਿੱਚ ਤਕਰਾਰ ਸ਼ੁਰੂ ਹੋਈ ਸੀ। ਦੇਖਦੇ ਹੀ ਦੇਖਦੇ ਇਹ ਝਗੜਾ ਖ਼ੂਨੀ ਝੜਪ ਵਿੱਚ ਬਦਲ ਗਿਆ। ਹਮਲਾਵਰ ਨੌਜਵਾਨ ਨੇ ਤੇਜ਼ਧਾਰ ਹਥਿਆਰ ਨਾਲ ਦੂਜੇ ਧਿਰ 'ਤੇ ਕਈ ਵਾਰ ਕੀਤੇ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਕੇ ਜ਼ਮੀਨ 'ਤੇ ਡਿੱਗ ਪਿਆ। ਹਮਲਾਵਰ ਮੌਕੇ ਦੀ ਨਜ਼ਾਕਤ ਨੂੰ ਦੇਖਦੇ ਹੋਏ ਉੱਥੋਂ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਿਆ।
ਜ਼ਖ਼ਮੀ ਨੌਜਵਾਨ, ਜਿਸ ਦੀ ਪਛਾਣ ਹਰਪ੍ਰੀਤ ਸਿੰਘ ਪੁੱਤਰ ਹਰਭਜਨ ਸਿੰਘ (ਨਿਵਾਸੀ ਬਾਲਾਪੀਰ, ਬੇਗੋਵਾਲ) ਵਜੋਂ ਹੋਈ ਹੈ, ਨੂੰ ਤੁਰੰਤ ਸਥਾਨਕ ਨਿੱਜੀ ਹਸਪਤਾਲ ਲਿਜਾਇਆ ਗਿਆ। ਹਾਲਤ ਨਾਜ਼ੁਕ ਹੋਣ ਕਾਰਨ ਡਾਕਟਰਾਂ ਨੇ ਉਸ ਨੂੰ ਜਲੰਧਰ ਰੈਫ਼ਰ ਕਰ ਦਿੱਤਾ, ਪਰ ਬਦਕਿਸਮਤੀ ਨਾਲ ਹਰਪ੍ਰੀਤ ਸਿੰਘ ਨੇ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਰਸਤੇ ਵਿੱਚ ਦਮ ਤੋੜ ਦਿੱਤਾ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਪਾਰਟੀ ਮੌਕੇ 'ਤੇ ਪਹੁੰਚੀ। ਜਾਂਚ ਅਧਿਕਾਰੀ ਏਐਸਆਈ ਜਸਵੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਦੇਹ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਇੱਕ ਵਿਅਕਤੀ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਫ਼ਰਾਰ ਹਮਲਾਵਰ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਬਾਜ਼ਾਰ ਵਰਗੇ ਭੀੜ-ਭੜੱਕੇ ਵਾਲੇ ਇਲਾਕੇ ਵਿੱਚ ਹੋਏ ਇਸ ਕਤਲ ਕਾਰਨ ਦੁਕਾਨਦਾਰਾਂ ਅਤੇ ਸਥਾਨਕ ਨਿਵਾਸੀਆਂ ਵਿੱਚ ਭਾਰੀ ਸਹਿਮ ਪਾਇਆ ਜਾ ਰਿਹਾ ਹੈ।
Get all latest content delivered to your email a few times a month.