IMG-LOGO
ਹੋਮ ਪੰਜਾਬ: ਪੰਜਾਬ ਰੋਡਵੇਜ਼ ਮੁਲਾਜ਼ਮਾਂ ਵੱਲੋਂ ਸਰਕਾਰ ਵਿਰੁੱਧ ਮੋਰਚਾਬੰਦੀ: 18 ਮਈ ਨੂੰ...

ਪੰਜਾਬ ਰੋਡਵੇਜ਼ ਮੁਲਾਜ਼ਮਾਂ ਵੱਲੋਂ ਸਰਕਾਰ ਵਿਰੁੱਧ ਮੋਰਚਾਬੰਦੀ: 18 ਮਈ ਨੂੰ ਹੜਤਾਲ ਤੇ ਵਿਧਾਇਕਾਂ ਦੇ ਘਰਾਂ ਦੇ ਘਿਰਾਓ ਦਾ ਐਲਾਨ

Admin User - May 13, 2026 01:45 PM
IMG

ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰ ਯੂਨੀਅਨ (25/11) ਦੇ ਲੁਧਿਆਣਾ ਡਿਪੂ ਵੱਲੋਂ ਅੱਜ ਸਰਕਾਰ ਦੀਆਂ ਕਥਿਤ ਮਾਰੂ ਨੀਤੀਆਂ ਅਤੇ ਵਾਅਦਾ ਖਿਲਾਫੀ ਵਿਰੁੱਧ ਤਿੱਖੇ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਗਿਆ ਹੈ। ਡਿਪੂ ਪ੍ਰਧਾਨ ਜਤਿੰਦਰ ਸਿੰਘ ਸੋਨੀ ਦੀ ਪ੍ਰਧਾਨਗੀ ਹੇਠ ਹੋਈ ਇੱਕ ਅਹਿਮ ਮੀਟਿੰਗ ਦੌਰਾਨ ਮੁਲਾਜ਼ਮਾਂ ਨੇ ਸਰਕਾਰ 'ਤੇ ਵਰਕਰਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰਨ ਦੇ ਗੰਭੀਰ ਦੋਸ਼ ਲਗਾਉਂਦੇ ਹੋਏ ਆਉਣ ਵਾਲੇ ਦਿਨਾਂ ਲਈ ਪ੍ਰਦਰਸ਼ਨਾਂ ਦੀ ਰੂਪ-ਰੇਖਾ ਉਲੀਕੀ ਹੈ।


ਯੂਨੀਅਨ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਜਲਦ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਯੂਨੀਅਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ:


15 ਮਈ: ਵੱਖ-ਵੱਖ ਡਿਪੂਆਂ 'ਤੇ ਗੇਟ ਰੈਲੀਆਂ ਕਰਕੇ ਰੋਸ ਪ੍ਰਗਟਾਇਆ ਜਾਵੇਗਾ।


18 ਮਈ: ਇੱਕ ਰੋਜ਼ਾ ਸੰਕੇਤਕ ਹੜਤਾਲ ਕੀਤੀ ਜਾਵੇਗੀ ਅਤੇ ਸੂਬੇ ਦੇ ਵਿਧਾਇਕਾਂ ਦੇ ਨਿਵਾਸ ਸਥਾਨਾਂ ਦਾ ਘਿਰਾਓ ਕੀਤਾ ਜਾਵੇਗਾ।


25 ਤੋਂ 27 ਮਈ: ਤਿੰਨ ਰੋਜ਼ਾ ਮੁਕੰਮਲ ਹੜਤਾਲ ਕਰਕੇ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਤੇ ਟਰਾਂਸਪੋਰਟ ਮੰਤਰੀ ਦੀਆਂ ਰਿਹਾਇਸ਼ਾਂ ਅੱਗੇ ਵਿਸ਼ਾਲ ਧਰਨੇ ਦਿੱਤੇ ਜਾਣਗੇ।


ਮੀਟਿੰਗ ਨੂੰ ਸੰਬੋਧਨ ਕਰਦਿਆਂ ਜਨਰਲ ਸਕੱਤਰ ਪ੍ਰਵੀਨ ਕੁਮਾਰ ਅਤੇ ਹੋਰ ਆਗੂਆਂ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਠੇਕੇਦਾਰੀ ਪ੍ਰਥਾ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ, ਪਰ ਹੁਣ ਸਰਕਾਰ ਆਪਣੇ ਇਨ੍ਹਾਂ ਵਾਅਦਿਆਂ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦਾ ਸਬਰ ਹੁਣ ਜਵਾਬ ਦੇ ਰਿਹਾ ਹੈ।


ਮੁਲਾਜ਼ਮ ਆਗੂਆਂ ਨੇ ਵਿਭਾਗ ਦੀ ਮਾੜੀ ਹਾਲਤ 'ਤੇ ਚਿੰਤਾ ਪ੍ਰਗਟ ਕਰਦਿਆਂ ਦੱਸਿਆ ਕਿ ਸਪੇਅਰ ਪਾਰਟਸ ਅਤੇ ਟਾਇਰਾਂ ਦੀ ਘਾਟ ਕਾਰਨ ਕਈ ਨਵੀਆਂ ਬੱਸਾਂ ਡਿਪੂਆਂ ਵਿੱਚ ਬੇਕਾਰ ਖੜ੍ਹੀਆਂ ਹਨ। ਇਸ ਤੋਂ ਇਲਾਵਾ, ਟਿਕਟ ਮਸ਼ੀਨਾਂ ਦੇ ਅਕਸਰ ਖ਼ਰਾਬ ਰਹਿਣ ਕਾਰਨ ਰੋਜ਼ਾਨਾ ਦੇ ਕੰਮਕਾਜ ਵਿੱਚ ਦਿੱਕਤ ਆ ਰਹੀ ਹੈ, ਜਿਸ ਦਾ ਸਿੱਧਾ ਅਸਰ ਵਿਭਾਗ ਦੀ ਆਮਦਨ 'ਤੇ ਪੈ ਰਿਹਾ ਹੈ।


ਇਸ ਮੌਕੇ ਸ਼ਮਸ਼ੇਰ ਸਿੰਘ ਢਿੱਲੋਂ, ਤਲਵਿੰਦਰ ਸਿੰਘ ਸੋਨੂੰ, ਅਮਰੀਕ ਸਿੰਘ ਅਤੇ ਨਵਜੋਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ, ਜਿਨ੍ਹਾਂ ਨੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.