ਤਾਜਾ ਖਬਰਾਂ
ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡੇ ਸਿਆਸੀ ਉਲਟਫੇਰ ਦੇ ਸੰਕੇਤ ਮਿਲ ਰਹੇ ਹਨ। ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆ ਰਹੀ ਜਾਣਕਾਰੀ ਮੁਤਾਬਕ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਆਗੂ ਸੁਰਜੀਤ ਸਿੰਘ ਰੱਖੜਾ ਜਲਦ ਹੀ ਆਮ ਆਦਮੀ ਪਾਰਟੀ ਦਾ ਦਾਮਨ ਫੜ ਸਕਦੇ ਹਨ। ਇਸ ਖ਼ਬਰ ਨੇ ਸਿਆਸੀ ਗਲਿਆਰਿਆਂ ਵਿੱਚ ਚਰਚਾਵਾਂ ਨੂੰ ਹੋਰ ਤੇਜ਼ ਕਰ ਦਿੱਤਾ ਹੈ।
ਚਰਚਾ ਇਹ ਵੀ ਹੈ ਕਿ ਕੁਝ ਦਿਨ ਪਹਿਲਾਂ ਰੱਖੜਾ ਪਰਿਵਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਚਾਲੇ ਇੱਕ ਮਹੱਤਵਪੂਰਨ ਮੀਟਿੰਗ ਹੋਈ ਸੀ, ਜਿਸ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਸੂਤਰਾਂ ਮੁਤਾਬਕ ਇਸ ਮੀਟਿੰਗ ਦੌਰਾਨ ਸੁਰਜੀਤ ਸਿੰਘ ਰੱਖੜਾ ਦੇ ‘ਆਪ’ ਵਿੱਚ ਸ਼ਾਮਲ ਹੋਣ ਨੂੰ ਲੈ ਕੇ ਅੰਦਰੂਨੀ ਸਹਿਮਤੀ ਵੀ ਬਣ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਰੱਖੜਾ ਆਪਣੇ ਪਿਤਰੀ ਹਲਕੇ ਸਮਾਣਾ ਤੋਂ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਚੋਣ ਲੜਨ ਦੀ ਤਿਆਰੀ ਵਿੱਚ ਹਨ। ਇਸਦੇ ਨਾਲ ਹੀ ਇਹ ਗੱਲ ਵੀ ਸਾਹਮਣੇ ਆ ਰਹੀ ਹੈ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਖੁਦ ਪਟਿਆਲਾ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਕਰਤਾਰ ਵਿਲਾ’ ਪਹੁੰਚ ਸਕਦੇ ਹਨ।
ਹਾਲਾਂਕਿ ਇਸ ਸਾਰੇ ਮਾਮਲੇ ’ਤੇ ਹਾਲੇ ਤੱਕ ਨਾ ਤਾਂ ਰੱਖੜਾ ਪਰਿਵਾਰ ਵੱਲੋਂ ਅਤੇ ਨਾ ਹੀ ਆਮ ਆਦਮੀ ਪਾਰਟੀ ਵੱਲੋਂ ਕੋਈ ਅਧਿਕਾਰਕ ਪੁਸ਼ਟੀ ਕੀਤੀ ਗਈ ਹੈ, ਪਰ ਸਿਆਸੀ ਮਾਹਿਰ ਇਸ ਸੰਭਾਵਿਤ ਸ਼ਮੂਲੀਅਤ ਨੂੰ ਪੰਜਾਬ ਦੀ ਰਾਜਨੀਤੀ ਵਿੱਚ ਵੱਡੇ ਬਦਲਾਅ ਵਜੋਂ ਦੇਖ ਰਹੇ ਹਨ।
Get all latest content delivered to your email a few times a month.