ਤਾਜਾ ਖਬਰਾਂ
ਕੇਂਦਰ ਅਤੇ ਪੰਜਾਬ ਸਰਕਾਰ ਵਿਚਕਾਰ ਪਿਛਲੇ ਕੁਝ ਸਮੇਂ ਤੋਂ ਚੱਲ ਰਹੇ ਤਣਾਅ ਦੇ ਮਾਹੌਲ ਵਿਚਕਾਰ ਬੁੱਧਵਾਰ ਨੂੰ ਇੱਕ ਸਕਾਰਾਤਮਕ ਤਸਵੀਰ ਸਾਹਮਣੇ ਆਈ, ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਵੀਂ ਦਿੱਲੀ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਵਿਸਥਾਰਪੂਰਵਕ ਮੀਟਿੰਗ ਕੀਤੀ। ਲਗਭਗ 45 ਮਿੰਟ ਚੱਲੀ ਇਸ ਮੀਟਿੰਗ ਦੌਰਾਨ ਖੇਤੀਬਾੜੀ ਖੇਤਰ ਨਾਲ ਜੁੜੀਆਂ ਕਈ ਗੰਭੀਰ ਚੁਣੌਤੀਆਂ ਅਤੇ ਕਿਸਾਨਾਂ ਦੇ ਹਿੱਤਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਤੋਂ ਬਾਅਦ ਦੋਵਾਂ ਆਗੂਆਂ ਨੇ ਸਾਂਝੀ ਪ੍ਰੈਸ ਕਾਨਫਰੰਸ ਕਰਦਿਆਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਦੇ ਹੱਕਾਂ ਅਤੇ ਲੋੜਾਂ ਨੂੰ ਪਹਿਲ ਦੇ ਆਧਾਰ ‘ਤੇ ਦੇਖਿਆ ਜਾਵੇਗਾ। ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਖਾੜੀ ਦੇਸ਼ਾਂ ਵਿੱਚ ਬਣੇ ਤਣਾਅਪੂਰਨ ਹਾਲਾਤਾਂ ਦੇ ਬਾਵਜੂਦ ਪੰਜਾਬ ਵਿੱਚ ਖਾਦ ਦੀ ਸਪਲਾਈ ਪ੍ਰਭਾਵਿਤ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਕੇਂਦਰ ਸਰਕਾਰ ਹਰ ਹਾਲਤ ਵਿੱਚ ਕਿਸਾਨਾਂ ਦੇ ਨਾਲ ਖੜੀ ਹੈ।
ਇਸ ਮੌਕੇ ਖੇਤੀ ਨਾਲ ਸੰਬੰਧਿਤ ਮੁੱਦਿਆਂ ਦੇ ਹੱਲ ਲਈ ਇੱਕ ਖਾਸ ਕਮੇਟੀ ਬਣਾਉਣ ਦਾ ਫੈਸਲਾ ਵੀ ਲਿਆ ਗਿਆ। ਇਸ ਕਮੇਟੀ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਅਤੇ ਖੇਤੀ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਾਮਲ ਕੀਤਾ ਜਾਵੇਗਾ, ਜੋ ਪੰਜਾਬ ਦੀਆਂ ਜ਼ਮੀਨੀ ਹਕੀਕਤਾਂ ਨੂੰ ਧਿਆਨ ਵਿੱਚ ਰੱਖਦਿਆਂ ਖੇਤੀ ਸੁਧਾਰਾਂ ਲਈ ਸੁਝਾਅ ਦੇਣਗੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਦੌਰਾਨ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ, ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਅਤੇ ਪੰਜਾਬ ਲਈ ਬਕਾਇਆ ਕੇਂਦਰੀ ਫੰਡ ਜਲਦ ਜਾਰੀ ਕਰਨ ਦੇ ਮਸਲੇ ਵੀ ਕੇਂਦਰ ਸਾਹਮਣੇ ਰੱਖੇ। ਦੋਵਾਂ ਧਿਰਾਂ ਨੇ ਇਹ ਸੰਦੇਸ਼ ਦਿੱਤਾ ਕਿ ਰਾਜਨੀਤਿਕ ਅੰਤਰਾਂ ਤੋਂ ਉੱਪਰ ਉੱਠ ਕੇ ਖੇਤੀਬਾੜੀ ਅਤੇ ਕਿਸਾਨਾਂ ਦੀ ਭਲਾਈ ਲਈ ਮਿਲਜੁਲ ਕੇ ਕੰਮ ਕੀਤਾ ਜਾਵੇਗਾ।
Get all latest content delivered to your email a few times a month.