ਤਾਜਾ ਖਬਰਾਂ
ਬਠਿੰਡਾ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। 26 ਮਈ ਨੂੰ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਵੱਲੋਂ 50 ਵਿੱਚੋਂ 44 ਵਾਰਡਾਂ ਲਈ ਉਮੀਦਵਾਰਾਂ ਦੇ ਨਾਮਾਂ ਦਾ ਐਲਾਨ ਕੀਤਾ ਗਿਆ ਹੈ, ਜਦਕਿ ਬਾਕੀ ਰਹਿੰਦੇ 6 ਵਾਰਡਾਂ ਲਈ ਵੀ ਜਲਦ ਉਮੀਦਵਾਰ ਘੋਸ਼ਿਤ ਕਰਨ ਦੀ ਗੱਲ ਕਹੀ ਗਈ ਹੈ।
ਇਹ ਸੂਚੀ ਬੁੱਧਵਾਰ ਨੂੰ ਜਾਰੀ ਕੀਤੀ ਗਈ, ਜਿਸ ਤੋਂ ਬਾਅਦ ਸ਼ਹਿਰ ਦੀ ਸਿਆਸਤ ਵਿੱਚ ਚਰਚਾਵਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਪਾਰਟੀ ਨੇ ਦਾਅਵਾ ਕੀਤਾ ਹੈ ਕਿ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਦੀ ਤਰ੍ਹਾਂ ਇਸ ਵਾਰ ਵੀ ਅਕਾਲੀ ਦਲ ਨੇ ਸਭ ਤੋਂ ਪਹਿਲਾਂ ਆਪਣੇ ਉਮੀਦਵਾਰ ਮੈਦਾਨ ਵਿੱਚ ਉਤਾਰ ਕੇ ਚੋਣੀ ਤਿਆਰੀ ਦਾ ਸੰਕੇਤ ਦਿੱਤਾ ਹੈ।
ਉਮੀਦਵਾਰਾਂ ਦੀ ਚੋਣ ਲਈ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵਿੱਚ ਸ਼ਹਿਰੀ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ, ਜ਼ਿਲ੍ਹਾ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ ਅਤੇ ਇੰਦਰਜੀਤ ਸਿੰਘ ਬਰਾੜ ਸ਼ਾਮਲ ਰਹੇ। ਕਮੇਟੀ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਇਹ ਨਾਮ ਫਾਈਨਲ ਕੀਤੇ ਗਏ।
ਅਕਾਲੀ ਦਲ ਦੇ ਆਗੂ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਕਿ ਪਾਰਟੀ ਨੂੰ ਪੂਰਾ ਵਿਸ਼ਵਾਸ ਹੈ ਕਿ ਬਠਿੰਡਾ ਦੇ ਲੋਕ ਪਿਛਲੇ ਦਸ ਸਾਲਾਂ ਦੌਰਾਨ ਹੋਏ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਇਸ ਵਾਰ ਵੀ ਅਕਾਲੀ ਦਲ ਨੂੰ ਭਾਰੀ ਸਮਰਥਨ ਦੇਣਗੇ। ਉਨ੍ਹਾਂ ਕਿਹਾ ਕਿ ਪਾਰਟੀ ਹਰ ਵਾਰਡ ਵਿੱਚ ਮਜ਼ਬੂਤੀ ਨਾਲ ਚੋਣ ਲੜੇਗੀ ਅਤੇ ਨਿਗਮ ਵਿੱਚ ਆਪਣਾ ਦਬਦਬਾ ਕਾਇਮ ਕਰਨ ਲਈ ਪੂਰੀ ਤਿਆਰੀ ਕਰ ਚੁੱਕੀ ਹੈ।
ਪਹਿਲੀ ਸੂਚੀ ਵਿੱਚ ਕਈ ਪੁਰਾਣੇ ਚਿਹਰਿਆਂ ਨਾਲ ਨਾਲ ਨਵੇਂ ਉਮੀਦਵਾਰਾਂ ਨੂੰ ਵੀ ਮੌਕਾ ਦਿੱਤਾ ਗਿਆ ਹੈ। ਵੱਖ-ਵੱਖ ਵਾਰਡਾਂ ਵਿੱਚ ਮਹਿਲਾ ਉਮੀਦਵਾਰਾਂ ਨੂੰ ਵੀ ਵੱਡੀ ਗਿਣਤੀ ਵਿੱਚ ਟਿਕਟਾਂ ਦਿੱਤੀਆਂ ਗਈਆਂ ਹਨ, ਜਿਸਨੂੰ ਪਾਰਟੀ ਵੱਲੋਂ ਮਹਿਲਾ ਸਸ਼ਕਤੀਕਰਨ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
ਪਾਰਟੀ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਓਮ ਪ੍ਰਕਾਸ਼ ਸ਼ਰਮਾ ਅਨੁਸਾਰ ਜਾਰੀ ਕੀਤੀ ਗਈ ਸੂਚੀ ਵਿੱਚ ਵਾਰਡ ਨੰਬਰ 1 ਤੋਂ ਲੈ ਕੇ ਵਾਰਡ ਨੰਬਰ 50 ਤੱਕ ਵੱਖ-ਵੱਖ ਹਲਕਿਆਂ ਲਈ ਉਮੀਦਵਾਰਾਂ ਦੇ ਨਾਮ ਸ਼ਾਮਲ ਕੀਤੇ ਗਏ ਹਨ। ਹੁਣ ਬਾਕੀ ਰਹਿੰਦੇ 6 ਵਾਰਡਾਂ ਦੇ ਉਮੀਦਵਾਰਾਂ ਦਾ ਐਲਾਨ ਵੀ ਆਉਣ ਵਾਲੇ ਦਿਨਾਂ ਵਿੱਚ ਕੀਤਾ ਜਾਵੇਗਾ।
Get all latest content delivered to your email a few times a month.