ਤਾਜਾ ਖਬਰਾਂ
ਅਜਨਾਲਾ ਪੁਲਿਸ ਥਾਣੇ 'ਤੇ ਹੋਏ ਹਮਲੇ ਦੇ ਮਾਮਲੇ ਵਿੱਚ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀਆਂ ਕਾਨੂੰਨੀ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਅੰਮ੍ਰਿਤਸਰ ਦੀ ਅਦਾਲਤ ਨੇ ਫਰਵਰੀ 2023 ਵਿੱਚ ਵਾਪਰੀ ਇਸ ਹਿੰਸਕ ਘਟਨਾ ਦੇ ਸਬੰਧ ਵਿੱਚ ਅੰਮ੍ਰਿਤਪਾਲ ਸਿੰਘ ਵਿਰੁੱਧ ਦੋਸ਼ (ਚਾਰਜ) ਤੈਅ ਕਰ ਦਿੱਤੇ ਹਨ। ਇਹ ਕਾਰਵਾਈ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ ਦੌਰਾਨ ਅਮਲ ਵਿੱਚ ਲਿਆਂਦੀ ਗਈ।
ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਰਿੰਦਰ ਸਿੰਘ ਦੀ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਵਿਰੁੱਧ ਕਤਲ ਦੀ ਕੋਸ਼ਿਸ਼ (ਇਰਾਦਾ-ਏ-ਕਤਲ), ਸਰਕਾਰੀ ਡਿਊਟੀ ਵਿੱਚ ਵਿਘਨ ਪਾਉਣ, ਸਰਕਾਰੀ ਕਰਮਚਾਰੀਆਂ 'ਤੇ ਹਮਲਾ ਕਰਕੇ ਗੰਭੀਰ ਸੱਟਾਂ ਪਹੁੰਚਾਉਣ ਅਤੇ ਅਪਰਾਧਿਕ ਸਾਜ਼ਿਸ਼ ਰਚਣ ਵਰਗੀਆਂ ਸੰਗੀਨ ਧਾਰਾਵਾਂ ਤਹਿਤ ਦੋਸ਼ ਆਇਦ ਕੀਤੇ ਹਨ। ਇਸ ਤੋਂ ਇਲਾਵਾ, ਗੈਰ-ਕਾਨੂੰਨੀ ਭੀੜ ਇਕੱਠੀ ਕਰਨ, ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਅਤੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਇਲਜ਼ਾਮਾਂ ਤਹਿਤ ਵੀ ਮੁਕੱਦਮਾ ਚੱਲੇਗਾ।
ਹਾਲਾਂਕਿ, ਅਦਾਲਤ ਨੇ ਅੰਮ੍ਰਿਤਪਾਲ ਸਿੰਘ ਨੂੰ ਕੁਝ ਰਾਹਤ ਵੀ ਦਿੱਤੀ ਹੈ। ਬਚਾਅ ਪੱਖ ਦੇ ਵਕੀਲ ਰੀਤੂ ਰਾਏ ਸੰਧੂ ਵੱਲੋਂ ਦਿੱਤੀਆਂ ਦਲੀਲਾਂ ਨੂੰ ਪ੍ਰਵਾਨ ਕਰਦਿਆਂ ਅਦਾਲਤ ਨੇ 'ਆਰਮਜ਼ ਐਕਟ' (ਅਸਲਾ ਐਕਟ) ਅਤੇ ਸਬੂਤ ਨਸ਼ਟ ਕਰਨ ਦੀਆਂ ਧਾਰਾਵਾਂ ਨੂੰ ਹਟਾ ਦਿੱਤਾ ਹੈ। ਵਕੀਲ ਨੇ ਦਲੀਲ ਦਿੱਤੀ ਸੀ ਕਿ ਪੁਲਿਸ ਨੂੰ ਮੁਲਜ਼ਮ ਕੋਲੋਂ ਕੋਈ ਵੀ ਹਥਿਆਰ ਬਰਾਮਦ ਨਹੀਂ ਹੋਇਆ ਸੀ, ਜਿਸ ਤੋਂ ਬਾਅਦ ਅਦਾਲਤ ਨੇ ਇਨ੍ਹਾਂ ਧਾਰਾਵਾਂ ਨੂੰ ਰੱਦ ਕਰਨ ਦਾ ਫੈਸਲਾ ਸੁਣਾਇਆ।
ਜ਼ਿਕਰਯੋਗ ਹੈ ਕਿ ਫਰਵਰੀ 2023 ਵਿੱਚ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਵੱਡੀ ਗਿਣਤੀ ਸਮਰਥਕਾਂ ਨੇ ਆਪਣੇ ਇੱਕ ਸਾਥੀ ਨੂੰ ਰਿਹਾਅ ਕਰਵਾਉਣ ਲਈ ਅਜਨਾਲਾ ਪੁਲਿਸ ਥਾਣੇ ਦਾ ਘੇਰਾਓ ਕੀਤਾ ਸੀ। ਇਸ ਦੌਰਾਨ ਹੋਈ ਹਿੰਸਾ ਵਿੱਚ ਕਈ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ ਸਨ। ਹੁਣ ਜਦੋਂ ਅਦਾਲਤ ਨੇ ਰਸਮੀ ਤੌਰ 'ਤੇ ਦੋਸ਼ ਤੈਅ ਕਰ ਦਿੱਤੇ ਹਨ, ਤਾਂ ਇਸ ਕੇਸ ਦੀ ਸੁਣਵਾਈ ਵਿੱਚ ਤੇਜ਼ੀ ਆਉਣ ਦੀ ਸੰਭਾਵਨਾ ਹੈ।
Get all latest content delivered to your email a few times a month.