ਤਾਜਾ ਖਬਰਾਂ
ਪੰਜਾਬ ਵਿੱਚ ਪੈ ਰਹੀ ਕੜਾਕੇ ਦੀ ਗਰਮੀ ਦਰਮਿਆਨ ਲੋਕਾਂ ਨੂੰ ਇੱਕ ਵਾਰ ਫਿਰ ਰਾਹਤ ਮਿਲਣ ਦੀ ਉਮੀਦ ਹੈ। ਮੌਸਮ ਵਿਭਾਗ ਨੇ ਸ਼ਨੀਵਾਰ (16 ਮਈ) ਨੂੰ ਸੂਬੇ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ, ਤੇਜ਼ ਝੱਖੜ ਅਤੇ ਗੜੇਮਾਰੀ ਨੂੰ ਲੈ ਕੇ 'ਆਰੇਂਜ ਅਲਰਟ' ਜਾਰੀ ਕੀਤਾ ਹੈ। ਹਾਲਾਂਕਿ, ਇਹ ਰਾਹਤ ਬਹੁਤੀ ਲੰਬੀ ਨਹੀਂ ਚੱਲੇਗੀ, ਕਿਉਂਕਿ ਵਿਭਾਗ ਨੇ ਅਗਲੇ ਹਫ਼ਤੇ ਤੋਂ ਸੂਬੇ ਵਿੱਚ ਮੁੜ ਭਿਆਨਕ ਲੂ (Heatwave) ਚੱਲਣ ਦੀ ਪੇਸ਼ੀਨਗੋਈ ਵੀ ਕੀਤੀ ਹੈ।
ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਪੰਜਾਬ ਦੇ ਨਾਲ-ਨਾਲ ਦੇਸ਼ ਦੇ 15 ਹੋਰ ਸੂਬਿਆਂ ਵਿੱਚ ਵੀ ਮੌਸਮ ਖ਼ਰਾਬ ਰਹਿਣ ਦਾ ਅਲਰਟ ਹੈ। ਪੰਜਾਬ ਦੀ ਗੱਲ ਕਰੀਏ ਤਾਂ ਮੁੱਖ ਤੌਰ 'ਤੇ 6 ਜ਼ਿਲ੍ਹਿਆਂ: ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੌਰਾਨ ਗਰਜ-ਚਮਕ ਦੇ ਨਾਲ ਭਾਰੀ ਮੀਂਹ, ਅਸਮਾਨੀ ਬਿਜਲੀ ਡਿੱਗਣ ਅਤੇ ਕੁਝ ਇਲਾਕਿਆਂ ਵਿੱਚ ਗੜੇਮਾਰੀ ਹੋਣ ਦਾ ਖ਼ਦਸ਼ਾ ਜਤਾਇਆ ਗਿਆ ਹੈ।
ਇਸ ਅਸਥਾਈ ਰਾਹਤ ਤੋਂ ਤੁਰੰਤ ਬਾਅਦ ਸੂਬੇ ਦੇ ਲੋਕਾਂ ਨੂੰ ਇੱਕ ਵਾਰ ਫਿਰ ਅੱਗ ਉਗਲਦੀ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਲਈ ਚੇਤਾਵਨੀ ਜਾਰੀ ਕਰਦਿਆਂ ਕਿਹਾ ਹੈ ਕਿ 20 ਮਈ ਤੱਕ ਪੰਜਾਬ ਦੇ ਕਈ ਹਿੱਸਿਆਂ ਵਿੱਚ ਭਿਆਨਕ 'ਹੀਟਵੇਵ' (ਲੂ) ਚੱਲੇਗੀ, ਜਿਸ ਦੇ ਚਲਦਿਆਂ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ।
ਮਾਹਿਰਾਂ ਮੁਤਾਬਕ ਐਤਵਾਰ ਤੋਂ ਪਾਰੇ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾਵੇਗਾ, ਜਿਸ ਕਾਰਨ ਲੋਕਾਂ ਨੂੰ ਦੁਪਹਿਰ ਵੇਲੇ ਘਰਾਂ ਅੰਦਰ ਰਹਿਣ ਅਤੇ ਸਿਹਤ ਦਾ ਖ਼ਾਸ ਖ਼ਿਆਲ ਰੱਖਣ ਦੀ ਸਲਾਹ ਦਿੱਤੀ ਗਈ ਹੈ।
Get all latest content delivered to your email a few times a month.