ਤਾਜਾ ਖਬਰਾਂ
ਪਠਾਨਕੋਟ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ। ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਆਖਰੀ ਦਿਨ ਆਮ ਆਦਮੀ ਪਾਰਟੀ ਵੱਲੋਂ ਵੱਡਾ ਸ਼ਕਤੀ ਪ੍ਰਦਰਸ਼ਨ ਕਰਦੇ ਹੋਏ ਸ਼ਹਿਰ ਵਿੱਚ ਆਪਣੀ ਮਜ਼ਬੂਤ ਹਾਜ਼ਰੀ ਦਰਜ ਕਰਵਾਈ ਗਈ। ਪੰਜਾਬ ਦੇ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਦੀ ਅਗਵਾਈ ਹੇਠ ਵਾਰਡ ਨੰਬਰ 42 ਤੋਂ 47 ਤੱਕ ਦੇ ਉਮੀਦਵਾਰਾਂ ਨੇ ਭਾਰੀ ਸਮਰਥਨ ਦੇ ਦਰਮਿਆਨ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਇਸ ਮੌਕੇ ਪਾਰਟੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਵਿੱਚ ਖਾਸਾ ਜੋਸ਼ ਅਤੇ ਉਤਸ਼ਾਹ ਦੇਖਣ ਨੂੰ ਮਿਲਿਆ।
ਨਾਮਜ਼ਦਗੀ ਤੋਂ ਪਹਿਲਾਂ ਪਾਰਟੀ ਵੱਲੋਂ ਸ਼ਹਿਰ ਵਿੱਚ ਵਿਸ਼ਾਲ ਰੋਡ ਸ਼ੋਅ ਵੀ ਕੱਢਿਆ ਗਿਆ, ਜਿਸ ਨੇ ਚੋਣੀ ਮਾਹੌਲ ਨੂੰ ਹੋਰ ਗਰਮਾ ਦਿੱਤਾ। ਢੋਲ-ਨਗਾੜਿਆਂ, ਪਾਰਟੀ ਝੰਡਿਆਂ ਅਤੇ ਨਾਅਰਿਆਂ ਨਾਲ ਸਜਿਆ ਇਹ ਰੋਡ ਸ਼ੋਅ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਲੰਘਿਆ। ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚੇ ਸਮਰਥਕਾਂ ਨੇ ਆਪਣੇ ਉਮੀਦਵਾਰਾਂ ਦਾ ਜ਼ੋਰਦਾਰ ਸਵਾਗਤ ਕੀਤਾ ਅਤੇ ‘ਆਪ’ ਦੇ ਹੱਕ ਵਿੱਚ ਨਾਅਰੇਬਾਜ਼ੀ ਕਰਦੇ ਹੋਏ ਚੋਣਾਂ ਵਿੱਚ ਜਿੱਤ ਦਾ ਦਾਅਵਾ ਕੀਤਾ।
ਮੀਡੀਆ ਨਾਲ ਗੱਲਬਾਤ ਦੌਰਾਨ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਵਿੱਚ ਲੋਕ ਭਲਾਈ ਅਤੇ ਵਿਕਾਸ ਲਈ ਇਤਿਹਾਸਕ ਫ਼ੈਸਲੇ ਲਏ ਹਨ, ਜਿਸ ਕਾਰਨ ਲੋਕਾਂ ਦਾ ਭਰੋਸਾ ਲਗਾਤਾਰ ਆਮ ਆਦਮੀ ਪਾਰਟੀ ਵੱਲ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਚੋਣਾਂ ਵਿੱਚ ਪਾਰਟੀ ਨੂੰ ਭਾਰੀ ਬਹੁਮਤ ਮਿਲੇਗਾ ਅਤੇ ਵਿਰੋਧੀ ਪਾਰਟੀਆਂ ਨੂੰ ਲੋਕ ਨਕਾਰ ਦੇਣਗੇ।
ਕਟਾਰੂਚੱਕ ਨੇ ਵਿਰੋਧੀਆਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿਰਫ਼ ਵਾਅਦੇ ਕੀਤੇ, ਜਦਕਿ ਮੌਜੂਦਾ ਸਰਕਾਰ ਨੇ ਜ਼ਮੀਨੀ ਪੱਧਰ ‘ਤੇ ਵਿਕਾਸ ਕਾਰਜ ਕਰਕੇ ਲੋਕਾਂ ਦਾ ਭਰੋਸਾ ਜਿੱਤਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸ਼ਹਿਰ ਦੇ ਲੋਕ ਹੁਣ ਬਦਲਾਅ ਅਤੇ ਇਮਾਨਦਾਰ ਰਾਜਨੀਤੀ ਨੂੰ ਤਰਜੀਹ ਦੇ ਰਹੇ ਹਨ।
ਇਸ ਦੌਰਾਨ ਉਮੀਦਵਾਰ ਗੋਰਖਾ ਅਤੇ ਬਲਜਿੰਦਰ ਕੌਰ ਸਮੇਤ ਹੋਰ ਆਗੂਆਂ ਨੇ ਵੀ ਲੋਕਾਂ ਵੱਲੋਂ ਮਿਲ ਰਹੇ ਭਰਪੂਰ ਸਮਰਥਨ ‘ਤੇ ਖੁਸ਼ੀ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਜਨਤਾ ਉਨ੍ਹਾਂ ਨੂੰ ਜਿਤਾਉਂਦੀ ਹੈ ਤਾਂ ਹਰ ਵਾਰਡ ਵਿੱਚ ਬਿਨਾਂ ਭੇਦਭਾਵ ਦੇ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾਵੇਗੀ ਅਤੇ ਲੰਬੇ ਸਮੇਂ ਤੋਂ ਰੁਕੇ ਹੋਏ ਪ੍ਰੋਜੈਕਟ ਜਲਦ ਪੂਰੇ ਕਰਵਾਏ ਜਾਣਗੇ।
Get all latest content delivered to your email a few times a month.