IMG-LOGO
ਹੋਮ ਪੰਜਾਬ, ਰਾਸ਼ਟਰੀ, ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ 'ਚ ਅਣਐਲਾਨਿਆ...

ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ 'ਚ ਅਣਐਲਾਨਿਆ ਲਾਕਡਾਊਨ ਲਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Admin User - May 18, 2026 09:26 PM
IMG

ਪਟਨਾ, 18 ਮਈ:

ਲਗਾਤਾਰ ਵਧ ਰਹੀ ਮਹਿੰਗਾਈ, ਨਾਗਰਿਕਾਂ 'ਤੇ ਪਾਬੰਦੀਆਂ ਅਤੇ ਲੋਕਤੰਤਰੀ ਪ੍ਰਕਿਰਿਆਵਾਂ ਨਾਲ ਕਥਿਤ ਛੇੜਛਾੜ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਦੇਸ਼ ਨੂੰ "ਅਣਐਲਾਨੇ ਲਾਕਡਾਊਨ" ਵਿੱਚ ਧੱਕ ਦਿੱਤਾ ਹੈ ਅਤੇ ਲੋਕਾਂ ਤੋਂ ਅਰਥਵਿਵਸਥਾ ਦੇ ਅਸਲ ਹਾਲਾਤ ਲੁਕਾਏ ਜਾ ਰਹੇ ਹਨ। ਇਹ ਦੱਸਦਿਆਂ ਕਿ ਕੇਂਦਰ ਨੇ ਚੋਣਾਂ ਤੱਕ ਤੇਲ ਦੀਆਂ ਕੀਮਤਾਂ ਨੂੰ ਦਿਖਾਵੇ ਲਈ ਜਾਣ-ਬੁੱਛ ਕੇ ਸਥਿਰ ਰੱਖਿਆ, ਉਨ੍ਹਾਂ ਕਿਹਾ ਕਿ ਹੁਣ ਜਦੋਂ ਚੋਣਾਂ ਖਤਮ ਹੋ ਗਈਆਂ ਹਨ, ਤਾਂ ਨਾਗਰਿਕਾਂ 'ਤੇ ਇਸ ਦਾ ਬੋਝ ਪਾਇਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਦੇਸ਼ ਦੇ ਤੇਲ, ਗੈਸ ਅਤੇ ਸੋਨੇ ਦੇ ਭੰਡਾਰਾਂ ਦੀ ਅਸਲ ਸਥਿਤੀ ਦਾ ਜਨਤਕ ਤੌਰ 'ਤੇ ਖੁਲਾਸਾ ਕਰੇ। 


ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ (ਆਪ) ਇਹ ਯਕੀਨੀ ਬਣਾਏਗੀ ਕਿ ਪੰਜਾਬ ਵਿੱਚ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਪ੍ਰਕਿਰਿਆ ਦੌਰਾਨ ਕਿਸੇ ਵੀ ਅਸਲ ਵੋਟਰ ਦਾ ਨਾਮ ਨਾ ਕੱਟਿਆ ਜਾਵੇ ਅਤੇ ਨਾ ਹੀ ਕਿਸੇ ਨਕਲੀ ਵੋਟਰ ਦਾ ਨਾਮ ਸ਼ਾਮਲ ਕੀਤਾ ਜਾਵੇ। ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 'ਤੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਾਨੂੰਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਬੰਧੀ ਸਖ਼ਤ ਸਜ਼ਾ ਯਕੀਨੀ ਬਣਾ ਕੇ ਦੁਨੀਆ ਭਰ ਦੀ ਸਿੱਖ ਸੰਗਤ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕੀਤਾ ਹੈ।


ਪ੍ਰਧਾਨ ਮੰਤਰੀ ਮੋਦੀ ਨੂੰ ਦੇਸ਼ ਦੀ ਅਸਲ ਆਰਥਿਕ ਸਥਿਤੀ ਬਾਰੇ ਸਭ ਨੂੰ ਦੱਸਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ


ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਦੇਸ਼ ਵਿੱਚ ਅਣਐਲਾਨਿਆ ਲਾਕਡਾਊਨ ਲਾ ਦਿੱਤਾ ਹੈ। ਉਨ੍ਹਾਂ ਕਿਹਾ, "ਇਨ੍ਹਾਂ ਪਾਬੰਦੀਆਂ ਦੇ ਨਤੀਜੇ ਪੂਰੇ ਦੇਸ਼ ਨੂੰ ਭੁਗਤਣੇ ਪੈ ਰਹੇ ਹਨ, ਜਦੋਂ ਕਿ ਕੇਂਦਰ ਲੋਕਾਂ ਤੋਂ ਦੇਸ਼ ਦੀ ਆਰਥਿਕਤਾ ਦੇ ਅਸਲ ਹਾਲਾਤ ਲੁਕਾ ਰਹੀ ਹੈ।" 


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਦੇਸ਼ ਦੇ ਤੇਲ, ਗੈਸ ਅਤੇ ਸੋਨੇ ਦੇ ਭੰਡਾਰਾਂ ਦਾ ਜਨਤਕ ਤੌਰ 'ਤੇ ਖੁਲਾਸਾ ਕਰਨਾ ਚਾਹੀਦਾ ਹੈ ਤਾਂ ਜੋ ਨਾਗਰਿਕ ਦੇਸ਼ ਦੀ ਅਸਲ ਸਥਿਤੀ ਤੋਂ ਜਾਣੂ ਹੋ ਸਕਣ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕਾਂ ਨੂੰ ਆਰਥਿਕ ਸਥਿਤੀ ਬਾਰੇ ਸੱਚ ਜਾਣਨ ਦਾ ਹੱਕ ਹੈ। ਕੇਂਦਰ ਨੂੰ ਤੱਥ ਲੁਕਾਉਣ ਦੀ ਬਜਾਏ ਤੇਲ, ਗੈਸ ਅਤੇ ਸੋਨੇ ਦੇ ਭੰਡਾਰਾਂ ਬਾਰੇ ਪੂਰੀ ਜਾਣਕਾਰੀ ਜਨਤਾ ਦੇ ਸਾਹਮਣੇ ਰੱਖਣੀ ਚਾਹੀਦੀ ਹੈ।"


ਕੇਂਦਰ ਮਹਿੰਗਾਈ ਦੇ ਬੋਝ ਨੂੰ ਜਾਇਜ਼ ਠਹਿਰਾਉਣ ਲਈ ਵਿਸ਼ਵ ਪੱਧਰ 'ਤੇ ਬਣੇ ਹਾਲਾਤ ਨੂੰ ਢਾਲ ਬਣਾ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ


ਤੇਲ ਦੀਆਂ ਕੀਮਤਾਂ ਵਿੱਚ ਵਾਧੇ ਨੂੰ ਲੈ ਕੇ ਕੇਂਦਰ 'ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜਾਣ-ਬੁੱਝ ਕੇ ਵੱਖ-ਵੱਖ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਰਫ ਦਿਖਾਉਣ ਲਈ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਨਹੀਂ ਕੀਤਾ, ਪਰ ਚੋਣਾਂ ਖਤਮ ਹੁੰਦੇ ਸਾਰ ਕੀਮਤਾਂ ਵਿੱਚ 3 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰ ਦਿੱਤਾ, ਜੋ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਵਧਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ, "ਖਾੜੀ ਦੇਸ਼ਾਂ ਵਿੱਚ ਜੰਗ ਦੇ ਬਹਾਨੇ ਨਾਲ ਵਾਰ-ਵਾਰ ਬਾਲਣ ਦੀਆਂ ਕੀਮਤਾਂ ਵਿੱਚ ਵਾਧੇ ਰਾਹੀਂ ਲੋਕਾਂ ਨੂੰ ਮਹਿੰਗਾਈ ਦੇ ਬੋਝ ਹੇਠ ਦੱਬਿਆ ਜਾ ਰਿਹਾ ਹੈ।


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਟਿੱਪਣੀ ਕਰਦਿਆਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ੁਦ ਦੇਸ਼ ਦੀ ਮੌਜੂਦਾ ਆਰਥਿਕ ਸਥਿਤੀ ਅਤੇ ਵਿਦੇਸ਼ ਨੀਤੀ ਬਾਰੇ ਨਹੀਂ ਦੱਸ ਸਕਦੇ ਤਾਂ ਉਨ੍ਹਾਂ ਨੂੰ ਆਪਣੇ ਦੋਸਤ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਤੋਂ ਇਸ ਬਾਰੇ ਪੁੱਛਣਾ ਚਾਹੀਦਾ ਹੈ।


ਪ੍ਰਧਾਨ ਮੰਤਰੀ ਦੇ ਵਿਦੇਸ਼ੀ ਦੌਰਿਆਂ ਦੌਰਾਨ ਨਾਗਰਿਕਾਂ ’ਤੇ ਪਾਬੰਦੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ


ਨਾਗਰਿਕਾਂ ’ਤੇ ਲਗਾਈਆਂ ਜਾ ਰਹੀਆਂ ਪਾਬੰਦੀਆਂ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੜੀ ਸਿਤਮਜ਼ਰੀਫ਼ੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ੁਦ ਤਾਂ ਵਿਦੇਸ਼ ਯਾਤਰਾ ਵਿੱਚ ਮਸਰੂਫ਼ ਹਨ ਪਰ ਲੋਕਾਂ ਨੂੰ ਵਿਦੇਸ਼ ਯਾਤਰਾ ਤੋਂ ਬਚਣ ਦੀ ਸਲਾਹ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਅਜੀਬ ਹਾਲਾਤ ਵਿੱਚੋਂ ਲੰਘ ਰਿਹਾ ਹੈ, ਜਿੱਥੇ ‘ਵਰਕ ਫਰਾਮ ਹੋਮ ’ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਪਰ ਅਸਲ ਸੱਚਾਈ ਲੋਕਾਂ ਤੋਂ ਲੁਕਾਈ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੇਤਾਵਾਂ ਦੇ ਆਪਹੁਦਰੇਪਣ ਕਾਰਨ ਲੋਕਾਂ ਨੂੰ ਕੋਈ ਦਿੱਕਤ ਨਹੀਂ ਹੋਣੀ ਚਾਹੀਦੀ। ਉਨ੍ਹਾਂ ਇਸ ਸਥਿਤੀ ਨੂੰ ਬਹੁਤ ਗ਼ੈਰ-ਵਾਜਿਬ ਕਰਾਰ ਦਿੱਤਾ।


ਆਪ ਵਲੰਟੀਅਰਾਂ ਨੂੰ ਪੰਜਾਬ ਵਿੱਚ ਐਸ.ਆਈ.ਆਰ. ਪ੍ਰਕਿਰਿਆ ਦੀ ਨੇੜਿਓਂ ਨਿਗਰਾਨੀ ਕਰਨ ਦੇ ਨਿਰਦੇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ


ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੋਧ (ਐਸ.ਆਈ.ਆਰ.) ਦੇ ਮੁੱਦੇ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰਕਿਰਿਆ 15 ਜੂਨ ਤੋਂ ਸੂਬੇ ਵਿੱਚ ਸ਼ੁਰੂ ਹੋਵੇਗੀ ਅਤੇ ਆਮ ਆਦਮੀ ਪਾਰਟੀ ਨੇ ਆਪਣੇ ਸਾਰੇ ਵਲੰਟੀਅਰਾਂ ਨੂੰ ਇਸ ਪ੍ਰਕਿਰਿਆ ਦੌਰਾਨ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ, ‘‘ਨਾ ਤਾਂ ਅਸਲੀ ਵੋਟਰਾਂ ਨੂੰ ਹਟਾਉਣ ਦਿੱਤਾ ਜਾਵੇਗਾ ਅਤੇ ਨਾ ਹੀ ਪੰਜਾਬ ਵਿੱਚ ਜਾਅਲੀ ਵੋਟਰਾਂ ਨੂੰ ਜੋੜਨ ਦੀ ਇਜਾਜ਼ਤ ਦਿੱਤੀ ਜਾਵੇਗੀ।’’


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵੋਟਰ ਸੂਚੀਆਂ ਵਿੱਚ ਜਾਅਲੀ ਵੋਟਰਾਂ ਨੂੰ ਜੋੜਦੇ ਸਮੇਂ ਅਸਲੀ ਵੋਟਰਾਂ ਦੇ ਨਾਮ ਹਟਾਉਣ ਦੀ ਆਦਤ ਬਣ ਗਈ ਹੈ, ਪਰ ਪੰਜਾਬ ਵਿੱਚ ਅਜਿਹੀਆਂ ਘਟਨਾਵਾਂ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਲੋਕਤੰਤਰ ਦਾ ਮੂੰਹ ਬੰਦ ਕਰਨ ਦੀ ਕਿਸੇ ਵੀ ਕੋਸ਼ਿਸ਼ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ ਅਤੇ ਢੁਕਵਾਂ ਜਵਾਬ ਦਿੱਤਾ ਜਾਵੇਗਾ।


ਭਾਜਪਾ ਕੋਲ ਸਿਰਫ਼ ਦੋ ਵਿਧਾਇਕ ਹੋਣ ਦੇ ਬਾਵਜੂਦ ਸੱਤ ਰਾਜ ਸਭਾ ਮੈਂਬਰ ਹੋਣਾ ਲੋਕਤੰਤਰ ਦਾ ਸਿੱਧਾ ਕਤਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ


ਆਮ ਆਦਮੀ ਪਾਰਟੀ ਦੇ ਸੱਤ ਰਾਜ ਸਭਾ ਮੈਂਬਰਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਰਟੀ ਨੇ ਰਾਸ਼ਟਰਪਤੀ ਨੂੰ ਮਿਲ ਕੇ ਇਨ੍ਹਾਂ ਪਾਰਟੀ ਵਿਰੋਧੀ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਹੈ ਅਤੇ ਇਸ ਵਿੱਚ ਸ਼ਾਮਲ ਲੋਕਾਂ ਵਿਰੁੱਧ ਕਾਰਵਾਈ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਬੜੀ ਸਿਤਮਜ਼ਰੀਫ਼ੀ ਹੈ ਕਿ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਵਿੱਚ ਭਾਜਪਾ ਦੇ ਸਿਰਫ਼ ਦੋ ਵਿਧਾਇਕ ਹਨ, ਪਰ ਇਸ ਦੇ ਬਾਵਜੂਦ ਸੂਬੇ ਤੋਂ ਪਾਰਟੀ ਦੇ ਸੱਤ ਰਾਜ ਸਭਾ ਮੈਂਬਰ ਹੋਣਾ ਸਿੱਧਾ-ਸਿੱਧਾ ਲੋਕਤੰਤਰ ਦਾ ਕਤਲ ਹੈ।


ਆਪ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਅਤੇ ਮਾਣ-ਮਰਿਆਦਾ ਦੀ ਰਾਖੀ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ


ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਬਣਾਏ ਗਏ ਕਾਨੂੰਨ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਨੇ ਇੰਨਾ ਸਖ਼ਤ ਕਾਨੂੰਨ ਲਾਗੂ ਕੀਤਾ ਹੈ ਕਿ ਹੁਣ ਕੋਈ ਵੀ ਬੇਅਦਬੀ ਕਰਨ ਬਾਰੇ ਸੋਚਣ ਦੀ ਹਿੰਮਤ ਵੀ ਨਹੀਂ ਕਰ ਸਕੇਗਾ। ਉਨ੍ਹਾਂ ਅੱਗੇ ਕਿਹਾ, “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਦੇ ਲਾਗੂ ਹੋਣ ਨਾਲ, ਦੁਨੀਆ ਭਰ ਦੇ ਸਿੱਖਾਂ ਦੀ ਚਿਰੋਕਣੀ ਮੰਗ ਆਖਰਕਾਰ ਪੂਰੀ ਹੋ ਗਈ ਹੈ।”


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੁਨੀਆ ਭਰ ਦੀ ਸੰਗਤ ਨੇ ਇਸ ਕਾਨੂੰਨ ਦਾ ਦਿਲੋਂ ਸਵਾਗਤ ਕੀਤਾ ਹੈ, ਜਿਸ ਦਾ ਉਦੇਸ਼ ਬੇਅਦਬੀ ਦੇ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਲੋਕਾਂ ਨੂੰ ਸਖ਼ਤ ਸਜ਼ਾ ਦੇਣਾ ਹੈ। ਉਨ੍ਹਾਂ ਕਿਹਾ, “ਪਵਿੱਤਰ ਗੁਰਬਾਣੀ ਸਰਬੱਤ ਦੇ ਭਲੇ ਲਈ ਹੈ ਅਤੇ ਇਸ ਦੀ ਪਵਿੱਤਰਤਾ, ਮਾਣ ਅਤੇ ਸਤਿਕਾਰ ਨੂੰ ਬਣਾਈ ਰੱਖਣਾ ਸਾਡਾ ਸਮੂਹਿਕ ਫ਼ਰਜ਼ ਹੈ।” ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਕਾਨੂੰਨ ਨੂੰ ਇਸ ਦੀ ਅਸਲ ਭਾਵਨਾ ਨਾਲ ਲਾਗੂ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.