ਤਾਜਾ ਖਬਰਾਂ
ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼ ਹੋ ਰਹੀ ਹੈ। ਇਸ ਮਾਹੌਲ ਵਿੱਚ ਲੁਧਿਆਣਾ ਦੇ ਗੁਰੂ ਨਾਨਕ ਭਵਨ ਵਿਖੇ ਆਮ ਆਦਮੀ ਪਾਰਟੀ ਦੀ ਸੂਬਾ ਕਾਰਜਕਾਰਨੀ ਦੀ ਅਹਿਮ ਮੀਟਿੰਗ ਦੌਰਾਨ ਸਾਬਕਾ ਦਿੱਲੀ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕੇਂਦਰ ਸਰਕਾਰ ਅਤੇ ਭਾਜਪਾ ‘ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਨੂੰ ਚੋਣ ਪ੍ਰਕਿਰਿਆ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕਰਾਰ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਵੋਟਰ ਸੂਚੀਆਂ ਰਾਹੀਂ ਲੋਕਤੰਤਰ ਨੂੰ ਪ੍ਰਭਾਵਿਤ ਕਰਨਾ ਚਾਹੁੰਦੀ ਹੈ।
ਸਿਸੋਦੀਆ ਨੇ ਕਿਹਾ ਕਿ ਪਹਿਲਾਂ ਕੇਂਦਰੀ ਏਜੰਸੀਆਂ ED ਅਤੇ CBI ਦੀ ਵਰਤੋਂ ਕਰਕੇ ਵਿਰੋਧੀ ਧਿਰਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਅਤੇ ਹੁਣ SIR ਰਾਹੀਂ ਵੋਟਰ ਸੂਚੀਆਂ ਵਿੱਚ ਹੇਰਾਫੇਰੀ ਦੀ ਯੋਜਨਾ ਬਣਾਈ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪਹਿਲਾਂ ਵੀ ਜਾਅਲੀ ਵੋਟਾਂ ਬਣਾਉਣ ਅਤੇ ਹਜ਼ਾਰਾਂ-ਲੱਖਾਂ ਅਸਲੀ ਵੋਟਰਾਂ ਦੇ ਨਾਮ ਕੱਟਣ ਦੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ, ਜਿਸ ਨਾਲ ਕਈ ਲੋਕ ਆਪਣੇ ਸੰਵਿਧਾਨਕ ਹੱਕ ਤੋਂ ਵਾਂਝੇ ਰਹੇ।
ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਹਰ ਯੋਗ ਵੋਟਰ ਦਾ ਹੱਕ ਬਚਾਉਣ ਲਈ ਪੂਰੀ ਤਾਕਤ ਨਾਲ ਮੈਦਾਨ ਵਿੱਚ ਉਤਰੇਗੀ ਅਤੇ ਕਿਸੇ ਵੀ ਪੰਜਾਬੀ ਦਾ ਨਾਮ ਵੋਟਰ ਸੂਚੀ ਤੋਂ ਗਲਤ ਢੰਗ ਨਾਲ ਕੱਟਣ ਨਹੀਂ ਦਿੱਤਾ ਜਾਵੇਗਾ। ਸਿਸੋਦੀਆ ਨੇ ਕਿਹਾ ਕਿ ਭਾਜਪਾ ਦਾ ਰਵੱਈਆ ਹਮੇਸ਼ਾ ਪੰਜਾਬ ਵਿਰੋਧੀ ਰਿਹਾ ਹੈ ਅਤੇ ਮੌਕਾ ਮਿਲਣ ‘ਤੇ ਉਹ ਪੰਜਾਬ ਦੇ ਹੱਕਾਂ ਅਤੇ ਸਰੋਤਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਦੀ ਰਹੀ ਹੈ।
ਉਨ੍ਹਾਂ ਚੰਡੀਗੜ੍ਹ, ਭਾਖੜਾ ਡੈਮ ਅਤੇ ਪੰਜਾਬ ਯੂਨੀਵਰਸਿਟੀ ਦੇ ਮੁੱਦਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਕੇਂਦਰ ਵੱਲੋਂ ਵਾਰ-ਵਾਰ ਪੰਜਾਬ ਦੇ ਹੱਕਾਂ ਨੂੰ ਚੁਣੌਤੀ ਦਿੱਤੀ ਜਾਂਦੀ ਰਹੀ ਹੈ। ਨਾਲ ਹੀ ਕਿਸਾਨ ਕਾਨੂੰਨਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਹੁਣ SIR ਨੂੰ ਵੀ ਪੰਜਾਬ ਖ਼ਿਲਾਫ਼ ਇੱਕ ਹੋਰ ਕਦਮ ਵਜੋਂ ਦੇਖਿਆ ਜਾ ਰਿਹਾ ਹੈ।
ਇਸ ਦੌਰਾਨ ਸੰਸਦ ਮੈਂਬਰ ਸੰਜੀਵ ਅਰੋੜਾ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ‘ਤੇ ਵੀ ਸਿਸੋਦੀਆ ਨੇ ਆਪਣੀ ਪ੍ਰਤੀਕ੍ਰਿਆ ਦਿੱਤੀ। ਉਨ੍ਹਾਂ ਕਿਹਾ ਕਿ ਸੰਜੀਵ ਅਰੋੜਾ ਨੇ ਹਰ ਦਬਾਅ ਦਾ ਡਟ ਕੇ ਸਾਹਮਣਾ ਕੀਤਾ ਹੈ ਅਤੇ ਉਹ ਨਾ ਤਾਂ ਡਰੇ ਹਨ ਅਤੇ ਨਾ ਹੀ ਝੁਕੇ ਹਨ। ਉਨ੍ਹਾਂ ਦੇ ਅਨੁਸਾਰ, ਪਰਿਵਾਰਕ ਹਾਲਾਤਾਂ ਕਾਰਨ ਭਾਵੁਕ ਹੋਣਾ ਸੁਭਾਵਿਕ ਹੈ, ਪਰ ਅਰੋੜਾ ਪੰਜਾਬ ਅਤੇ ਦੇਸ਼ ਦੇ ਹਿੱਤਾਂ ਲਈ ਮਜ਼ਬੂਤੀ ਨਾਲ ਖੜ੍ਹੇ ਹਨ।
‘ਆਪ’ ਨੇਤਾ ਨੇ ਸਪਸ਼ਟ ਕੀਤਾ ਕਿ ਪਾਰਟੀ 2027 ਦੀਆਂ ਚੋਣਾਂ ਲਈ ਜ਼ਮੀਨੀ ਪੱਧਰ ‘ਤੇ ਆਪਣਾ ਸੰਗਠਨ ਮਜ਼ਬੂਤ ਕਰ ਰਹੀ ਹੈ ਅਤੇ ਵੋਟਰ ਸੂਚੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਗੜਬੜੀ ਨੂੰ ਰੋਕਣ ਲਈ ਵਿਸ਼ੇਸ਼ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ।
Get all latest content delivered to your email a few times a month.