ਤਾਜਾ ਖਬਰਾਂ
ਪੰਜਾਬੀ ਫਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਸੋਨਮ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਗਲੀ-ਮੁਹੱਲਿਆਂ ਵਿੱਚ ਰਹਿੰਦੇ ਆਵਾਰਾ ਕੁੱਤਿਆਂ ਦੇ ਮਾਮਲੇ ‘ਚ ਸੰਵੇਦਨਸ਼ੀਲ ਰਵੱਈਆ ਅਪਣਾਉਣ ਦੀ ਅਪੀਲ ਕੀਤੀ ਹੈ। ਸੋਨਮ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਇਕ ਭਾਵੁਕ ਸੰਦੇਸ਼ ਸਾਂਝਾ ਕਰਦਿਆਂ ਕਿਹਾ ਕਿ ਬੇਜ਼ੁਬਾਨ ਜਾਨਵਰਾਂ ਨਾਲ ਬੇਰਹਿਮੀ ਕਿਸੇ ਵੀ ਸਮੱਸਿਆ ਦਾ ਹੱਲ ਨਹੀਂ ਹੋ ਸਕਦੀ।
ਅਦਾਕਾਰਾ ਨੇ ਆਪਣੇ ਨੋਟ ਵਿੱਚ ਸਪੱਸ਼ਟ ਕੀਤਾ ਕਿ Supreme Court of India ਵੱਲੋਂ ਆਵਾਰਾ ਕੁੱਤਿਆਂ ਨੂੰ ਮਾਰਣ ਜਾਂ ਉਨ੍ਹਾਂ ਨਾਲ ਕਠੋਰਤਾ ਕਰਨ ਦੇ ਹੁਕਮ ਨਹੀਂ ਦਿੱਤੇ ਗਏ। ਅਦਾਲਤ ਨੇ ਸਿਰਫ਼ ਸੰਵੇਦਨਸ਼ੀਲ ਖੇਤਰਾਂ ਤੋਂ ਕੁੱਤਿਆਂ ਨੂੰ ਹਟਾਉਣ, ਉਨ੍ਹਾਂ ਦੀ ਨਸਬੰਦੀ, ਟੀਕਾਕਰਨ ਅਤੇ ਸੁਰੱਖਿਅਤ ਆਸਰਾ ਮੁਹੱਈਆ ਕਰਵਾਉਣ ਦੀ ਗੱਲ ਕਹੀ ਹੈ।
ਸੋਨਮ ਬਾਜਵਾ ਨੇ ਸਰਕਾਰ ਤੋਂ ਇਹ ਵੀ ਪੁੱਛਿਆ ਕਿ ਜੇ ਵੱਡੇ ਪੱਧਰ ‘ਤੇ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਕੀ ਆਵਾਰਾ ਜਾਨਵਰਾਂ ਲਈ ਲੋੜੀਂਦੇ ਆਸਰਾ ਘਰ ਅਤੇ ਹੋਰ ਸਹੂਲਤਾਂ ਪਹਿਲਾਂ ਤੋਂ ਤਿਆਰ ਕੀਤੀਆਂ ਗਈਆਂ ਹਨ। ਉਸਨੇ ਕਿਹਾ ਕਿ ਮਨੁੱਖੀ ਸੁਰੱਖਿਆ ਮਹੱਤਵਪੂਰਨ ਹੈ, ਪਰ ਇਸ ਦੇ ਨਾਮ ‘ਤੇ ਬੇਜ਼ੁਬਾਨ ਜਾਨਵਰਾਂ ਨੂੰ ਨੁਕਸਾਨ ਪਹੁੰਚਾਉਣਾ ਠੀਕ ਨਹੀਂ।
ਅਦਾਕਾਰਾ ਨੇ ਹੱਲ ਵਜੋਂ ਸੁਝਾਅ ਦਿੱਤਾ ਕਿ ਸਰਕਾਰ ਨੂੰ ਪਸ਼ੂ ਭਲਾਈ ਸੰਸਥਾਵਾਂ, ਵੈਟਰਨਰੀ ਡਾਕਟਰਾਂ ਅਤੇ ਜਾਨਵਰ ਸੰਭਾਲ ਮਾਹਿਰਾਂ ਨਾਲ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਆਵਾਰਾ ਜਾਨਵਰਾਂ ਲਈ ਢੁਕਵੇਂ ਸ਼ੈਲਟਰ ਹੋਮ ਬਣਾਏ ਜਾਣੇ ਚਾਹੀਦੇ ਹਨ ਤਾਂ ਜੋ ਸਮੱਸਿਆ ਦਾ ਮਨੁੱਖਤਾ ਭਰੇ ਢੰਗ ਨਾਲ ਹੱਲ ਕੀਤਾ ਜਾ ਸਕੇ।
ਸੋਨਮ ਬਾਜਵਾ ਦੀ ਇਸ ਪੋਸਟ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਲੋਕਾਂ ਵਿਚਾਲੇ ਜਾਨਵਰਾਂ ਦੀ ਸੁਰੱਖਿਆ ਅਤੇ ਮਨੁੱਖੀ ਸੁਰੱਖਿਆ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ।
Get all latest content delivered to your email a few times a month.