ਤਾਜਾ ਖਬਰਾਂ
ਹੁਸ਼ਿਆਰਪੁਰ ਦੇ ਟਾਂਡਾ ਉੜਮੁੜ ਇਲਾਕੇ ਅਧੀਨ ਪੈਂਦੇ ਪਿੰਡ ਜਲਾਲਪੁਰ ਨੇੜੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਨੌਜਵਾਨ ਮਹਿਲਾ ਸਰਪੰਚ ਦੀ ਜਾਨ ਚਲੀ ਗਈ, ਜਦਕਿ ਉਸਦੀ ਭਤੀਜੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਇੱਕ ਨਿੱਜੀ ਕਾਲਜ ਦੀ ਤੇਜ਼ ਰਫ਼ਤਾਰ ਬੱਸ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।
ਮ੍ਰਿਤਕਾ ਦੀ ਪਛਾਣ 24 ਸਾਲਾ ਨਿਕਿਤਾ ਵਜੋਂ ਹੋਈ ਹੈ, ਜੋ ਬਸਤੀ ਬੋਹਰਾਂ ਪਿੰਡ ਦੇ ਰਹਿਣ ਵਾਲੇ ਸੁਖਵਿੰਦਰ ਸਿੰਘ ਦੀ ਪਤਨੀ ਸੀ। ਨਿਕਿਤਾ ਆਪਣੇ ਪਿੰਡ ਦੀ ਸਰਪੰਚ ਹੋਣ ਦੇ ਨਾਲ-ਨਾਲ ਦਰਜੀ ਦਾ ਕੰਮ ਵੀ ਕਰਦੀ ਸੀ। ਹਾਦਸੇ ਦੌਰਾਨ ਉਸਦੇ ਨਾਲ ਉਸਦੀ ਭਤੀਜੀ ਸੋਨਾਕਸ਼ੀ ਵੀ ਮੌਜੂਦ ਸੀ, ਜੋ ਟੱਕਰ ਕਾਰਨ ਜ਼ਖਮੀ ਹੋ ਗਈ। ਜ਼ਖਮੀ ਲੜਕੀ ਨੂੰ ਤੁਰੰਤ ਟਾਂਡਾ ਦੇ ਸਰਕਾਰੀ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ।
ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਬਸਤੀ ਬੋਹਰਾਂ ਪੁਲਿਸ ਚੌਕੀ ਦੇ ਇੰਚਾਰਜ ਰਾਜਵਿੰਦਰ ਸਿੰਘ ਪੁਲਿਸ ਟੀਮ ਸਮੇਤ ਮੌਕੇ 'ਤੇ ਪਹੁੰਚੇ। ਪੁਲਿਸ ਨੇ ਮ੍ਰਿਤਕਾ ਦੇ ਪਤੀ ਸੁਖਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਬੱਸ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰਕੇ ਬੱਸ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਫਿਲਹਾਲ ਪੁਲਿਸ ਵੱਲੋਂ ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
Get all latest content delivered to your email a few times a month.