ਤਾਜਾ ਖਬਰਾਂ
ਪੰਜਾਬ ਵਿੱਚ ਪਿਛਲੇ ਦਿਨੀਂ ਪਈ ਅੱਤ ਦੀ ਗਰਮੀ ਅਤੇ ਲੂ (Heatwave) ਦੇ ਪ੍ਰਕੋਪ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਨੇ ਬੱਚਿਆਂ ਦੀ ਸੁਰੱਖਿਆ ਲਈ ਵੱਡਾ ਕਦਮ ਚੁੱਕਿਆ ਹੈ। ਸਿੱਖਿਆ ਵਿਭਾਗ (ਸਿੱਖਿਆ-6 ਸ਼ਾਖਾ) ਵੱਲੋਂ ਸੂਬੇ ਦੇ ਸਾਰੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਅਧਿਕਾਰਤ ਐਲਾਨ ਕਰ ਦਿੱਤਾ ਗਿਆ ਹੈ। ਜਾਰੀ ਕੀਤੇ ਗਏ ਹੁਕਮਾਂ ਮੁਤਾਬਕ, ਪੰਜਾਬ ਭਰ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ (ਏਡਿਡ) ਅਤੇ ਪ੍ਰਾਈਵੇਟ ਸਕੂਲ 1 ਜੂਨ ਤੋਂ ਲੈ ਕੇ 30 ਜੂਨ ਤੱਕ ਪੂਰਾ ਇੱਕ ਮਹੀਨਾ ਬੰਦ ਰਹਿਣਗੇ।
ਸਕੂਲ ਸਿੱਖਿਆ ਵਿਭਾਗ ਦੀ ਸਕੱਤਰ ਸੋਨਾਲੀ ਗਿਰੀ (IAS) ਵੱਲੋਂ ਜਾਰੀ ਕੀਤੇ ਗਏ ਇੱਕ ਸਰਕਾਰੀ ਨੋਟੀਫਿਕੇਸ਼ਨ ਅਨੁਸਾਰ, ਇਹ ਹੁਕਮ ਸੂਬੇ ਦੀਆਂ ਸਾਰੀਆਂ ਵਿੱਦਿਅਕ ਸੰਸਥਾਵਾਂ ‘ਤੇ ਸਖ਼ਤੀ ਨਾਲ ਲਾਗੂ ਹੋਣਗੇ। ਕਿਸੇ ਵੀ ਬੋਰਡ (PSEB, CBSE ਜਾਂ ICSE) ਨਾਲ ਸਬੰਧਤ ਸਕੂਲ ਇਨ੍ਹਾਂ ਨਿਯਮਾਂ ਤੋਂ ਬਾਹਰ ਨਹੀਂ ਹੋਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਤੋਂ ਪਹਿਲਾਂ ਗੁਆਂਢੀ ਰਾਜ ਹਰਿਆਣਾ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਵਿੱਚ ਪ੍ਰਸ਼ਾਸਨ ਵੱਲੋਂ ਹਾਲਾਤ ਨੂੰ ਦੇਖਦਿਆਂ 25 ਮਈ ਤੋਂ ਹੀ ਗਰਮੀਆਂ ਦੀਆਂ ਛੁੱਟੀਆਂ ਕਰ ਦਿੱਤੀਆਂ ਗਈਆਂ ਸਨ।
ਭਾਵੇਂ ਕਿ ਅੱਜ ਪੰਜਾਬ ਦੇ ਕਈ ਹਿੱਸਿਆਂ ਵਿੱਚ ਹੋਈ ਤੇਜ਼ ਬਾਰਿਸ਼ ਅਤੇ ਗੜੇਮਾਰੀ ਕਾਰਨ ਤਾਪਮਾਨ ਵਿੱਚ ਭਾਰੀ ਗਿਰਾਵਟ ਆਈ ਹੈ ਅਤੇ ਲੋਕਾਂ ਨੂੰ ਚਲਦੀ ਲੂ ਤੋਂ ਵੱਡੀ ਰਾਹਤ ਮਿਲੀ ਹੈ, ਪਰ ਬੀਤੇ ਹਫ਼ਤੇ ਪਈ ਰਿਕਾਰਡਤੋੜ ਗਰਮੀ ਕਾਰਨ ਸਕੂਲੀ ਬੱਚਿਆਂ ਦਾ ਹਾਲ ਬੇਹਾਲ ਸੀ। ਮੌਸਮ ਦੇ ਇਸ ਉਤਾਰ-ਚੜ੍ਹਾਅ ਅਤੇ ਆਉਣ ਵਾਲੇ ਦਿਨਾਂ ਵਿੱਚ ਦੁਬਾਰਾ ਪਾਰਾ ਚੜ੍ਹਨ ਦੇ ਖ਼ਦਸ਼ੇ ਨੂੰ ਦੇਖਦਿਆਂ ਸਿੱਖਿਆ ਵਿਭਾਗ ਨੇ ਪਹਿਲਾਂ ਤੋਂ ਤੈਅ ਸ਼ਡਿਊਲ ਮੁਤਾਬਕ ਹੀ 1 ਜੂਨ ਤੋਂ ਸਕੂਲ ਬੰਦ ਰੱਖਣ ਦਾ ਫੈਸਲਾ ਕੀਤਾ ਹੈ, ਤਾਂ ਜੋ ਬੱਚਿਆਂ ਦੀ ਸਿਹਤ ‘ਤੇ ਕੋਈ ਮਾੜਾ ਅਸਰ ਨਾ ਪਵੇ।
Get all latest content delivered to your email a few times a month.