ਤਾਜਾ ਖਬਰਾਂ
ਰਾਜਪੁਰਾ ਦੀ ਨਰਵਾਣਾ ਬ੍ਰਾਂਚ ਨਹਿਰ ਵਿੱਚ ਆਪਣੇ ਹੀ ਤਿੰਨ ਬੱਚਿਆਂ ਨੂੰ ਸੁੱਟ ਕੇ ਮੌਤ ਦੇ ਘਾਟ ਉਤਾਰਣ ਦੇ ਦਿਲ ਦਹਿਲਾ ਦੇਣ ਵਾਲੇ ਮਾਮਲੇ ਵਿੱਚ ਅਦਾਲਤ ਨੇ ਦੋਸ਼ੀ ਮਾਤਾ-ਪਿਤਾ ਨੂੰ ਨਿਆਂਇਕ ਹਿਰਾਸਤ ਤਹਿਤ ਕੇਂਦਰੀ ਜੇਲ੍ਹ ਪਟਿਆਲਾ ਭੇਜਣ ਦੇ ਹੁਕਮ ਜਾਰੀ ਕੀਤੇ ਹਨ। ਪੁਲਿਸ ਰਿਮਾਂਡ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਦੋਵਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਗਲੀ ਕਾਰਵਾਈ ਤੱਕ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ।
24 ਮਈ ਨੂੰ ਵਾਪਰੀ ਇਸ ਦਰਦਨਾਕ ਘਟਨਾ ਦੌਰਾਨ ਦੋਸ਼ੀ ਮਾਤਾ-ਪਿਤਾ ਨੇ ਆਪਣੀਆਂ ਦੋ ਧੀਆਂ ਅਤੇ ਇੱਕ ਪੁੱਤਰ ਨੂੰ ਨਹਿਰ ਵਿੱਚ ਸੁੱਟ ਦਿੱਤਾ ਸੀ। ਇਸ ਤੋਂ ਬਾਅਦ ਦੋਵਾਂ ਨੇ ਖੁਦ ਵੀ ਨਹਿਰ ਵਿੱਚ ਛਾਲ ਮਾਰ ਦਿੱਤੀ। ਮੌਕੇ ਤੋਂ ਲੰਘ ਰਹੇ ਲੋਕਾਂ ਅਤੇ ਗੋਤਾਖੋਰਾਂ ਨੇ ਮਾਤਾ-ਪਿਤਾ ਨੂੰ ਤਾਂ ਬਚਾ ਲਿਆ, ਪਰ ਤਿੰਨੇ ਬੱਚੇ ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ੍ਹ ਗਏ ਅਤੇ ਉਨ੍ਹਾਂ ਦੀ ਮੌਤ ਹੋ ਗਈ। ਬਾਅਦ ਵਿੱਚ ਚਲਾਏ ਗਏ ਸਰਚ ਆਪ੍ਰੇਸ਼ਨ ਦੌਰਾਨ ਬੱਚਿਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ।
ਘਟਨਾ ਤੋਂ ਬਾਅਦ ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਜਾਂਚ ਸ਼ੁਰੂ ਕਰਦਿਆਂ ਦੋਵਾਂ ਮਾਤਾ-ਪਿਤਾ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਸੀ ਅਤੇ ਪੁੱਛਗਿੱਛ ਲਈ ਦੋ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਸੀ। ਰਿਮਾਂਡ ਖ਼ਤਮ ਹੋਣ ਉਪਰੰਤ ਅੱਜ ਉਨ੍ਹਾਂ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਣ ਦਾ ਫ਼ੈਸਲਾ ਸੁਣਾਇਆ।
ਇਸ ਮਾਮਲੇ ਵਿੱਚ ਬੱਚਿਆਂ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਵਕੀਲ ਹਿਤੇਸ਼ੀ ਗੋਇਲ ਵੱਲੋਂ ਮੁਫ਼ਤ ਕਾਨੂੰਨੀ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਸੂਮ ਬੱਚਿਆਂ ਲਈ ਇਨਸਾਫ਼ ਯਕੀਨੀ ਬਣਾਉਣ ਵਾਸਤੇ ਉਹ ਬਿਨਾਂ ਕਿਸੇ ਫੀਸ ਦੇ ਇਹ ਕੇਸ ਲੜ ਰਹੇ ਹਨ।
Get all latest content delivered to your email a few times a month.