IMG-LOGO
ਹੋਮ ਪੰਜਾਬ: ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸ਼ਸਤਰ ਜ਼ਬਤ ਕਰਨ ਅਤੇ ਪਰਚੇ...

ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸ਼ਸਤਰ ਜ਼ਬਤ ਕਰਨ ਅਤੇ ਪਰਚੇ ਦਰਜ ਕਰਨ ਦੀ ਐਸ.ਜੀ.ਪੀ.ਸੀ. ਵੱਲੋਂ ਸਖ਼ਤ ਨਿਖੇਧੀ

Admin User - May 31, 2026 12:04 PM
IMG

ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਪ੍ਰਸ਼ਾਸਨ ਵੱਲੋਂ ਸਿੱਖ ਸ਼ਰਧਾਲੂਆਂ, ਸ਼ਸਤਰ ਵਿਕਰੇਤਾਵਾਂ ਅਤੇ ਧਾਰਮਿਕ ਪ੍ਰੰਪਰਾਵਾਂ ਨਾਲ ਜੁੜੇ ਵਿਅਕਤੀਆਂ ਖ਼ਿਲਾਫ਼ ਮਾਮਲੇ ਦਰਜ ਕਰਨ ਅਤੇ ਵੱਡੀ ਮਾਤਰਾ ਵਿੱਚ ਕਿਰਪਾਨਾਂ ਤੇ ਸ਼ਸਤਰ ਜ਼ਬਤ ਕੀਤੇ ਜਾਣ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਸਖ਼ਤ ਆਲੋਚਨਾ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸ਼ਾਸਨ ਦੇ ਇਸ ਕਦਮ ਨੂੰ ਬੇਹੱਦ ਮੰਦਭਾਗਾ ਦੱਸਦਿਆਂ ਕਿਹਾ ਕਿ ਇਸ ਕਾਰਵਾਈ ਨੇ ਸਮੁੱਚੀ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਗੰਭੀਰ ਸੱਟ ਮਾਰੀ ਹੈ।


ਇੱਥੋਂ ਜਾਰੀ ਇੱਕ ਅਧਿਕਾਰਤ ਪ੍ਰੈੱਸ ਬਿਆਨ ਵਿੱਚ ਐਡਵੋਕੇਟ ਧਾਮੀ ਨੇ ਸਿੱਖ ਇਤਿਹਾਸ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਿੱਖ ਧਰਮ ਅੰਦਰ ਸ਼ਸਤਰਾਂ ਦੀ ਬਹੁਤ ਮਹੱਤਤਾ ਹੈ। ਗੁਰੂ ਸਾਹਿਬਾਨ ਨੇ ਹਰ ਸਿੱਖ ਨੂੰ ਸ਼ਸ਼ਤਰਧਾਰੀ ਹੋਣ ਦਾ ਆਦੇਸ਼ ਦਿੱਤਾ ਹੈ, ਜਿਸ ਕਾਰਨ ਸ਼ਸਤਰ ਸਿੱਖ ਜੀਵਨ ਜਾਚ ਦਾ ਇੱਕ ਅਹਿਮ ਹਿੱਸਾ ਹਨ।


ਉਨ੍ਹਾਂ ਵਿਸ਼ੇਸ਼ ਤੌਰ 'ਤੇ ਜ਼ਿਕਰ ਕੀਤਾ ਕਿ ਸੱਚਖੰਡ ਤਖ਼ਤ ਸ੍ਰੀ ਹਜ਼ੂਰ ਸਾਹਿਬ ਉਹ ਪਾਵਨ ਧਰਤੀ ਹੈ, ਜਿੱਥੇ ਸਦੀਆਂ ਤੋਂ ਸ਼ਸਤਰਾਂ ਦੀ ਸੇਵਾ-ਸੰਭਾਲ ਅਤੇ ਸਤਿਕਾਰ ਕਰਨ ਦੀ ਇਤਿਹਾਸਕ ਪ੍ਰੰਪਰਾ ਚੱਲੀ ਆ ਰਹੀ ਹੈ। ਅਜਿਹੇ ਪਵਿੱਤਰ ਅਸਥਾਨ 'ਤੇ ਸਿੱਖ ਮਰਯਾਦਾ ਅਤੇ ਆਸਥਾ ਨੂੰ ਨਜ਼ਰਅੰਦਾਜ਼ ਕਰਕੇ ਕੀਤੀ ਗਈ ਇਹ ਪੁਲਿਸ ਕਾਰਵਾਈ ਸਿੱਖਾਂ ਅੰਦਰ ਭਾਰੀ ਰੋਸ ਪੈਦਾ ਕਰ ਰਹੀ ਹੈ।


ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਾਫ਼ ਕੀਤਾ ਕਿ ਦੇਸ਼ ਦੇ ਹਰ ਨਾਗਰਿਕ ਲਈ ਕਾਨੂੰਨ ਦੀ ਪਾਲਣਾ ਕਰਨਾ ਜ਼ਰੂਰੀ ਹੈ, ਪਰ ਇਸ ਦੇ ਨਾਲ ਹੀ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦਾ ਵੀ ਇਹ ਫ਼ਰਜ਼ ਬਣਦਾ ਹੈ ਕਿ ਉਹ ਕਿਸੇ ਵੀ ਧਰਮ ਦੇ ਇਤਿਹਾਸ, ਪ੍ਰੰਪਰਾਵਾਂ ਅਤੇ ਭਾਵਨਾਵਾਂ ਦਾ ਪੂਰਾ ਸਤਿਕਾਰ ਕਰਨ। ਉਨ੍ਹਾਂ ਪ੍ਰਸ਼ਾਸਨ ਨੂੰ ਤਾਕੀਦ ਕੀਤੀ ਕਿ ਭਵਿੱਖ ਵਿੱਚ ਅਜਿਹੀ ਕਿਸੇ ਵੀ ਕਾਰਵਾਈ ਤੋਂ ਗੁਰੇਜ਼ ਕੀਤਾ ਜਾਵੇ, ਜਿਸ ਨਾਲ ਕਿਸੇ ਦੀ ਆਸਥਾ ਨੂੰ ਠੇਸ ਪਹੁੰਚੇ।


ਐਡਵੋਕੇਟ ਧਾਮੀ ਨੇ ਮਹਾਰਾਸ਼ਟਰ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਸਿੱਖ ਸ਼ਰਧਾਲੂਆਂ ਅਤੇ ਦੁਕਾਨਦਾਰਾਂ 'ਤੇ ਦਰਜ ਕੀਤੇ ਗਏ ਸਾਰੇ ਮੁਕੱਦਮੇ ਤੁਰੰਤ ਪ੍ਰਭਾਵ ਨਾਲ ਰੱਦ ਕੀਤੇ ਜਾਣ। ਉਨ੍ਹਾਂ ਅਖੀਰ ਵਿੱਚ ਕਿਹਾ ਕਿ ਸਿੱਖ ਕੌਮ ਆਪਣੇ ਧਾਰਮਿਕ ਚਿੰਨ੍ਹਾਂ ਅਤੇ ਗੁਰੂ ਸਾਹਿਬ ਵੱਲੋਂ ਬਖ਼ਸ਼ੀ ਵਿਲੱਖਣ ਪਛਾਣ 'ਤੇ ਹਮੇਸ਼ਾ ਦ੍ਰਿੜ੍ਹਤਾ ਨਾਲ ਪਹਿਰਾ ਦਿੰਦੀ ਆਈ ਹੈ ਅਤੇ ਸਰਕਾਰਾਂ ਨੂੰ ਵੀ ਸਿੱਖਾਂ ਦੀ ਇਸ ਮਾਣ-ਮਰਯਾਦਾ ਦਾ ਖ਼ਾਸ ਖ਼ਿਆਲ ਰੱਖਣਾ ਚਾਹੀਦਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.