ਤਾਜਾ ਖਬਰਾਂ
ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਲਾਗੂ ਕੀਤੇ ਗਏ ਐਂਟਰੀ ਟੈਕਸ ਦੇ ਵਿਰੋਧ ਵਿੱਚ ਪੰਜਾਬ ਮੋਰਚਾ ਅਤੇ ਕਿਰਤੀ ਕਿਸਾਨ ਮੋਰਚਾ ਨੇ 1 ਜੂਨ ਨੂੰ ਵੱਡੇ ਪੱਧਰ 'ਤੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਇਹ ਟੈਕਸ ਪੰਜਾਬ ਤੋਂ ਹਿਮਾਚਲ ਜਾਣ ਵਾਲੇ ਆਮ ਯਾਤਰੀਆਂ, ਵਪਾਰੀਆਂ ਅਤੇ ਟਰਾਂਸਪੋਰਟ ਕਾਰੋਬਾਰ ਨਾਲ ਜੁੜੇ ਲੋਕਾਂ 'ਤੇ ਵਾਧੂ ਆਰਥਿਕ ਬੋਝ ਪਾ ਰਿਹਾ ਹੈ, ਜਿਸ ਕਾਰਨ ਲੋਕਾਂ ਵਿੱਚ ਭਾਰੀ ਰੋਸ ਹੈ।
ਪੰਜਾਬ ਮੋਰਚਾ ਦੇ ਕਨਵੀਨਰ ਗੌਰਵ ਰਾਣਾ ਅਤੇ ਕਿਰਤੀ ਕਿਸਾਨ ਮੋਰਚਾ ਦੇ ਆਗੂਆਂ ਬੀਰ ਸਿੰਘ ਬੜਵਾ ਤੇ ਹਰਪ੍ਰੀਤ ਸਿੰਘ ਭੱਟੋ ਨੇ ਦੱਸਿਆ ਕਿ ਐਂਟਰੀ ਟੈਕਸ ਦੇ ਫ਼ੈਸਲੇ ਨੂੰ ਰੱਦ ਕਰਵਾਉਣ ਲਈ 1 ਜੂਨ ਨੂੰ ਹਿਮਾਚਲ ਦੀਆਂ ਸਰਹੱਦਾਂ 'ਤੇ ਵਿਸ਼ਾਲ ਧਰਨਾ ਲਗਾਇਆ ਜਾਵੇਗਾ। ਇਸ ਦੌਰਾਨ ਚੰਡੀਗੜ੍ਹ-ਕੁੱਲੂ-ਮਨਾਲੀ ਮੁੱਖ ਮਾਰਗ ਨੂੰ ਲਗਭਗ ਚਾਰ ਘੰਟਿਆਂ ਲਈ ਜਾਮ ਰੱਖਣ ਦੀ ਯੋਜਨਾ ਹੈ, ਜਿਸ ਕਾਰਨ ਯਾਤਰੀਆਂ ਨੂੰ ਆਵਾਜਾਈ ਦੌਰਾਨ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਆਗੂਆਂ ਨੇ ਕਿਹਾ ਕਿ ਇਹ ਸੰਘਰਸ਼ ਕਿਸੇ ਇੱਕ ਵਰਗ ਲਈ ਨਹੀਂ, ਸਗੋਂ ਪੰਜਾਬ ਅਤੇ ਹਿਮਾਚਲ ਵਿਚਕਾਰ ਰੋਜ਼ਾਨਾ ਆਵਾਜਾਈ ਕਰਨ ਵਾਲੇ ਹਜ਼ਾਰਾਂ ਲੋਕਾਂ ਦੇ ਹੱਕਾਂ ਦੀ ਰੱਖਿਆ ਲਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦਾ ਇਹ ਫ਼ੈਸਲਾ ਲੋਕ-ਵਿਰੋਧੀ ਹੈ ਅਤੇ ਇਸ ਨਾਲ ਵਪਾਰਕ ਗਤੀਵਿਧੀਆਂ ਵੀ ਪ੍ਰਭਾਵਿਤ ਹੋ ਰਹੀਆਂ ਹਨ।
ਇਸ ਅੰਦੋਲਨ ਨੂੰ ਸਾਬਕਾ ਡੀਆਈਜੀ ਦਲਜੀਤ ਸਿੰਘ ਰਾਣਾ ਅਤੇ ਕਈ ਹੋਰ ਸਮਾਜਿਕ ਤੇ ਕਿਸਾਨ ਜਥੇਬੰਦੀਆਂ ਵੱਲੋਂ ਵੀ ਸਮਰਥਨ ਦਿੱਤਾ ਗਿਆ ਹੈ। ਆਗੂਆਂ ਨੇ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਧਰਨੇ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਐਂਟਰੀ ਟੈਕਸ ਵਾਪਸ ਨਾ ਲਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
Get all latest content delivered to your email a few times a month.