ਤਾਜਾ ਖਬਰਾਂ
ਲੁਧਿਆਣਾ ਦੇ ਗਿੱਲ ਰੋਡ ਨੇੜੇ ਸਥਿਤ ਕਲਸੀਆਂ ਸਟਰੀਟ ਵਿੱਚ ਇੱਕ ਗੱਡੀ ਦੀ ਪਾਰਕਿੰਗ ਨੂੰ ਲੈ ਕੇ ਸ਼ੁਰੂ ਹੋਇਆ ਮਾਮੂਲੀ ਤਕਰਾਰ ਦਾ ਮਾਮਲਾ ਖੂਨੀ ਝੜਪ ਵਿੱਚ ਤਬਦੀਲ ਹੋ ਗਿਆ। ਦੋਵਾਂ ਧਿਰਾਂ ਵਿਚਾਲੇ ਹੋਈ ਤਿੱਖੀ ਬਹਿਸ ਕੁਝ ਹੀ ਸਮੇਂ ਵਿੱਚ ਹਿੰਸਕ ਰੂਪ ਧਾਰ ਗਈ ਅਤੇ ਦੋਹਾਂ ਪਾਸਿਆਂ ਤੋਂ ਕਥਿਤ ਤੌਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲੇ ਕੀਤੇ ਗਏ। ਇਸ ਦੌਰਾਨ ਕਈ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ।
ਘਟਨਾ ਦੌਰਾਨ ਹੋਈ ਮਾਰਕੁੱਟ ਅਤੇ ਹੰਗਾਮੇ ਦੀਆਂ ਤਸਵੀਰਾਂ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈਆਂ ਹਨ। ਇਲਾਕਾ ਨਿਵਾਸੀਆਂ ਮੁਤਾਬਕ ਗੱਡੀ ਖੜੀ ਕਰਨ ਨੂੰ ਲੈ ਕੇ ਹੋਏ ਵਿਵਾਦ ਨੇ ਦੇਖਦੇ ਹੀ ਦੇਖਦੇ ਵੱਡੇ ਟਕਰਾਅ ਦਾ ਰੂਪ ਧਾਰ ਲਿਆ, ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਹਸਪਤਾਲ ਵਿੱਚ ਵੀ ਦੋਵਾਂ ਧਿਰਾਂ ਵਿਚਾਲੇ ਤਣਾਅ ਜਾਰੀ ਰਿਹਾ ਅਤੇ ਦੋਵੇਂ ਪੱਖ ਇੱਕ-ਦੂਜੇ 'ਤੇ ਹਮਲਾ ਕਰਨ ਦੇ ਦੋਸ਼ ਲਗਾਉਂਦੇ ਰਹੇ। ਇੱਕ ਧਿਰ ਦਾ ਕਹਿਣਾ ਹੈ ਕਿ ਉਨ੍ਹਾਂ 'ਤੇ ਬਿਨਾਂ ਕਿਸੇ ਉਕਸਾਵੇ ਦੇ ਹਮਲਾ ਕੀਤਾ ਗਿਆ, ਜਦਕਿ ਦੂਜਾ ਪੱਖ ਆਪਣੇ ਆਪ ਨੂੰ ਬੇਕਸੂਰ ਦੱਸਦਿਆਂ ਵਿਰੋਧੀਆਂ ਨੂੰ ਜ਼ਿੰਮੇਵਾਰ ਠਹਿਰਾ ਰਿਹਾ ਹੈ।
ਮਾਮਲੇ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸੀਸੀਟੀਵੀ ਫੁਟੇਜ, ਗਵਾਹਾਂ ਅਤੇ ਦੋਵਾਂ ਧਿਰਾਂ ਦੇ ਬਿਆਨਾਂ ਦੇ ਆਧਾਰ 'ਤੇ ਜਾਂਚ ਕੀਤੀ ਜਾ ਰਹੀ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਦੋਸ਼ੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Get all latest content delivered to your email a few times a month.