ਤਾਜਾ ਖਬਰਾਂ
ਗੁਰਦਾਸਪੁਰ ਦੇ ਬਟਾਲਾ ਸ਼ਹਿਰ ਵਿੱਚ ਸ਼ੁੱਕਰਵਾਰ ਦੁਪਹਿਰ ਇੱਕ ਮਾਮੂਲੀ ਸੜਕ ਵਿਵਾਦ ਨੇ ਖੂਨੀ ਝੜਪ ਦਾ ਰੂਪ ਧਾਰ ਲਿਆ। ਬਟਾਲਾ-ਗੁਰਦਾਸਪੁਰ ਰੋਡ ਸਥਿਤ ਸਿੰਬਲ ਚੌਕ ਨੇੜੇ ਗੱਡੀ ਨੂੰ ਕ੍ਰਾਸ ਕਰਨ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਤਕਰਾਰ ਹੋਈ, ਜੋ ਕੁਝ ਹੀ ਪਲਾਂ ਵਿੱਚ ਗੋਲੀਬਾਰੀ ਵਿੱਚ ਤਬਦੀਲ ਹੋ ਗਈ। ਦੋਵਾਂ ਪਾਸਿਆਂ ਵੱਲੋਂ ਲਾਇਸੈਂਸੀ ਹਥਿਆਰਾਂ ਨਾਲ ਚਲਾਈਆਂ ਗੋਲੀਆਂ ਕਾਰਨ ਇੱਕ ਨਿਹੰਗ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਤਿੰਨ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।
ਚਸ਼ਮਦੀਦਾਂ ਮੁਤਾਬਕ ਹਾਈਵੇਅ 'ਤੇ ਵਾਹਨ ਨੂੰ ਅੱਗੇ ਲੰਘਾਉਣ ਦੇ ਮਾਮਲੇ 'ਚ ਦੋਵਾਂ ਧਿਰਾਂ ਵਿਚਾਲੇ ਪਹਿਲਾਂ ਬਹਿਸਬਾਜ਼ੀ ਹੋਈ। ਮੌਕੇ 'ਤੇ ਮੌਜੂਦ ਲੋਕਾਂ ਨੇ ਮਾਮਲਾ ਸ਼ਾਂਤ ਕਰਵਾਉਣ ਦੀ ਕੋਸ਼ਿਸ਼ ਵੀ ਕੀਤੀ, ਪਰ ਸਥਿਤੀ ਉਸ ਵੇਲੇ ਵਿਗੜ ਗਈ ਜਦੋਂ ਇੱਕ ਧਿਰ ਦੇ ਨੌਜਵਾਨਾਂ ਨੇ ਪਿਸਤੌਲ ਕੱਢ ਕੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਤੋਂ ਬਾਅਦ ਦੂਜੇ ਪਾਸੇ ਵੱਲੋਂ ਵੀ ਜਵਾਬੀ ਫਾਇਰਿੰਗ ਕੀਤੀ ਗਈ।
ਘਟਨਾ ਦੌਰਾਨ ਨਿਹੰਗ ਸਿੰਘ ਦੀਪਿੰਦਰ ਸਿੰਘ ਗੋਲੀ ਲੱਗਣ ਕਾਰਨ ਮੌਕੇ 'ਤੇ ਹੀ ਦਮ ਤੋੜ ਗਏ। ਦੂਜੇ ਪਾਸੇ ਫਾਰਚੂਨਰ ਗੱਡੀ ਵਿੱਚ ਸਵਾਰ ਤਿੰਨ ਨੌਜਵਾਨ ਵੀ ਗੋਲੀਬਾਰੀ ਦੀ ਲਪੇਟ ਵਿੱਚ ਆ ਕੇ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ ਇੱਕ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ।
ਦਿਨ-ਦਿਹਾੜੇ ਵਾਪਰੀ ਇਸ ਗੋਲੀਬਾਰੀ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਲੋਕਾਂ ਵਿੱਚ ਭਗਦੜ ਮਚ ਗਈ। ਸੂਚਨਾ ਮਿਲਣ 'ਤੇ ਪੁਲਿਸ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਬਟਾਲਾ ਦੇ ਐਸਐਸਪੀ ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਸੜਕ 'ਤੇ ਗੱਡੀ ਕ੍ਰਾਸ ਕਰਨ ਨੂੰ ਲੈ ਕੇ ਹੋਏ ਵਿਵਾਦ ਨੇ ਹਿੰਸਕ ਰੂਪ ਧਾਰ ਲਿਆ। ਦੋਵਾਂ ਧਿਰਾਂ ਨੇ ਆਪਣੇ ਲਾਇਸੈਂਸੀ ਰਿਵਾਲਵਰਾਂ ਨਾਲ ਇੱਕ-ਦੂਜੇ 'ਤੇ ਫਾਇਰਿੰਗ ਕੀਤੀ, ਜਿਸ ਕਾਰਨ ਇੱਕ ਵਿਅਕਤੀ ਦੀ ਮੌਤ ਅਤੇ ਕਈ ਹੋਰਾਂ ਦੇ ਜ਼ਖ਼ਮੀ ਹੋਣ ਦੀ ਘਟਨਾ ਵਾਪਰੀ। ਪੁਲਿਸ ਵੱਲੋਂ ਮਾਮਲੇ ਦੇ ਹਰ ਪੱਖ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
Get all latest content delivered to your email a few times a month.