ਤਾਜਾ ਖਬਰਾਂ
ਸੰਨ 1984 ਵਿੱਚ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਹੋਏ ਫ਼ੌਜੀ ਹਮਲੇ (ਆਪ੍ਰੇਸ਼ਨ ਬਲੂ ਸਟਾਰ) ਦੀ 42ਵੀਂ ਵਰ੍ਹੇਗੰਢ ਅੱਜ ਇੱਥੇ ਇਤਿਹਾਸਕ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਅਤੇ ਗੰਭੀਰ ਮਾਹੌਲ ਵਿੱਚ ਮਨਾਈ ਗਈ। ਇਸ ਸਬੰਧ ਵਿੱਚ ਕਰਵਾਏ ਗਏ ਵਿਸ਼ੇਸ਼ ਧਾਰਮਿਕ ਸਮਾਗਮਾਂ ਦੌਰਾਨ ਸਵੇਰੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਤੋਂ ਤੁਰੰਤ ਬਾਅਦ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਵੇਰੇ 8 ਵਜੇ ਸਿੱਖ ਕੌਮ ਦੇ ਨਾਂ ਆਪਣਾ ਰਵਾਇਤੀ ਸੰਦੇਸ਼ ਜਾਰੀ ਕੀਤਾ।
ਤਾਜ਼ਾ ਸੂਚਨਾ ਮੁਤਾਬਕ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਮਾਹੌਲ ਪੂਰੀ ਤਰ੍ਹਾਂ ਅਮਨ-ਅਮਾਨ ਵਾਲਾ ਬਣਿਆ ਹੋਇਆ ਹੈ ਅਤੇ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂ ਗੁਰੂ ਘਰ ਵਿੱਚ ਨਤਮਸਤਕ ਹੋਣ ਲਈ ਪਹੁੰਚ ਰਹੇ ਹਨ। ਹਾਲਾਂਕਿ, ਭੋਗ ਸਮਾਗਮ ਦੇ ਸ਼ੁਰੂ ਹੋਣ ਤੋਂ ਪਹਿਲਾਂ ਕੁਝ ਸਿੱਖ ਜਥੇਬੰਦੀਆਂ ਦੇ ਨੌਜਵਾਨਾਂ ਵੱਲੋਂ ਹੱਥਾਂ ਵਿੱਚ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀਆਂ ਤਸਵੀਰਾਂ ਅਤੇ ਪੋਸਟਰ ਲਹਿਰਾਉਂਦੇ ਹੋਏ ਗਰਮਖ਼ਿਆਲੀ ਨਾਅਰੇਬਾਜ਼ੀ ਵੀ ਕੀਤੀ ਗਈ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਸਮੇਤ ਤਰਨਾ ਦਲ ਅਤੇ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਕਈ ਆਗੂ ਮੌਜੂਦ ਸਨ। ਮੀਡੀਆ ਨਾਲ ਗੱਲਬਾਤ ਕਰਦਿਆਂ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਅੱਜ ਦੇ ਦੌਰ ਵਿੱਚ ਸਿੱਖ ਕੌਮ ਨੂੰ ਆਪਸੀ ਮੱਤਭੇਦ ਭੁਲਾ ਕੇ ਇੱਕਜੁੱਟ ਹੋਣ ਦੀ ਸਖ਼ਤ ਲੋੜ ਹੈ। ਉਨ੍ਹਾਂ ਵਿਰੋਧੀਆਂ 'ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਆਰ.ਐਸ.ਐਸ. ਅਤੇ ਭਾਜਪਾ ਵਰਗੀਆਂ ਤਾਕਤਾਂ ਬਾਬਾ ਧੂਮਾ ਦੀ ਪਿੱਠ 'ਤੇ ਹਨ। ਉਨ੍ਹਾਂ ਕਿਹਾ ਕਿ ਬਾਬਾ ਜੀ ਨੂੰ ਸੰਤਾਂ ਦੇ ਦੱਸੇ ਮਾਰਗ 'ਤੇ ਚੱਲਣਾ ਚਾਹੀਦਾ ਹੈ। ਮਾਨ ਨੇ ਦਾਅਵਾ ਕੀਤਾ ਕਿ ਅੱਜ ਸਿਰਫ਼ ਉਨ੍ਹਾਂ ਦੀ ਪਾਰਟੀ ਹੀ ਖਾਲਿਸਤਾਨ ਦੇ ਸੰਕਲਪ 'ਤੇ ਪਹਿਰਾ ਦੇ ਰਹੀ ਹੈ ਅਤੇ ਸੰਤ ਭਿੰਡਰਾਂਵਾਲਿਆਂ ਦੀ ਸੋਚ 'ਤੇ ਚੱਲ ਰਹੀ ਹੈ।
ਬਰਸੀ ਸਮਾਗਮਾਂ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪ੍ਰਸ਼ਾਸਨ ਵੱਲੋਂ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਅੰਮ੍ਰਿਤਸਰ ਸ਼ਹਿਰ ਦੇ ਸਾਰੇ ਐਂਟਰੀ ਅਤੇ ਐਗਜ਼ਿਟ ਪੁਆਇੰਟਾਂ 'ਤੇ ਸਖ਼ਤ ਨਾਕੇਬੰਦੀ ਕਰਕੇ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਅਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਪੰਜਾਬ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਲਗਭਗ 4,000 ਜਵਾਨ ਤਾਇਨਾਤ ਕੀਤੇ ਗਏ ਹਨ। ਉੱਚ ਪੁਲਿਸ ਅਧਿਕਾਰੀਆਂ ਮੁਤਾਬਕ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਹੇਠ ਹੈ।
Get all latest content delivered to your email a few times a month.