ਤਾਜਾ ਖਬਰਾਂ
ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸਆਈਆਰ)-2026 ਨੂੰ ਸੁਚਾਰੂ ਢੰਗ ਨਾਲ ਅਮਲ ਵਿੱਚ ਲਿਆਉਣ ਲਈ ਮੁੱਖ ਚੋਣ ਅਧਿਕਾਰੀ ਪੰਜਾਬ ਸ਼੍ਰੀਮਤੀ ਅਨਿੰਦਿਤਾ ਮਿੱਤਰਾ ਨੇ ਭਾਰਤੀ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ ਆਈਟੀ ਡਾ. ਸੀਮਾ ਖੰਨਾ ਦੇ ਨਾਲ ਨੰਗਲ ਵਿਖੇ ਜ਼ਿਲ੍ਹਾ ਰੂਪਨਗਰ ਦੇ ਬੂਥ ਲੈਵਲ ਅਫਸਰਾਂ (ਬੀਐਲਓਜ਼) ਅਤੇ ਸੁਪਰਵਾਈਜ਼ਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਐਸਆਈਆਰ-2026 ਦੀ ਪੂਰੀ ਪ੍ਰਕਿਰਿਆ, ਇਸ ਦੇ ਵੱਖ-ਵੱਖ ਪੜਾਵਾਂ ਅਤੇ ਵੋਟਰ ਡਾਟਾ ਦੀ ਸ਼ੁੱਧਤਾ ਯਕੀਨੀ ਬਣਾਉਣ ਲਈ ਕੀਤੀਆਂ ਜਾਣ ਵਾਲੀਆਂ ਕਾਰਵਾਈਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਸੀਈਓ ਨੇ ਬੀਐਲਓਜ਼ ਨੂੰ ਹਦਾਇਤ ਕੀਤੀ ਕਿ ਉਹ ਘਰ-ਘਰ ਜਾ ਕੇ ਵੋਟਰਾਂ ਦੀ ਜਾਣਕਾਰੀ ਦੀ ਪੁਸ਼ਟੀ ਕਰਨ ਅਤੇ ਪ੍ਰੀ-ਮੈਪਿੰਗ ਦੇ ਕੰਮ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ।
ਸ਼੍ਰੀਮਤੀ ਮਿੱਤਰਾ ਨੇ 7 ਜੂਨ 2026 ਨੂੰ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਲਗਾਏ ਜਾਣ ਵਾਲੇ ਵਿਸ਼ੇਸ਼ ਕੈਂਪਾਂ ਦੀਆਂ ਤਿਆਰੀਆਂ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਦੱਸਿਆ ਕਿ ਵੋਟਰ ਮੈਪਿੰਗ ਅਤੇ ਜਾਣਕਾਰੀ ਅਪਡੇਟ ਕਰਨ ਲਈ ਬੀਐਲਓਜ਼ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਕੈਂਪਾਂ ਵਿੱਚ ਮੌਜੂਦ ਰਹਿਣਗੇ, ਤਾਂ ਜੋ ਵੋਟਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ ਅਤੇ ਉਹ ਆਪਣੀ ਜਾਣਕਾਰੀ ਦੀ ਪੁਸ਼ਟੀ ਕਰਵਾ ਸਕਣ।
ਇਸ ਮੌਕੇ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਆਦਿੱਤਿਆ ਡਚਲਵਾਲ, ਸਹਾਇਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਅਕਸ਼ਿਤਾ ਗੁਪਤਾ, ਐਸਡੀਐਮ ਨੰਗਲ ਸਚਿਨ ਪਾਠਕ, ਐਸਡੀਐਮ ਰੂਪਨਗਰ ਜਸਪ੍ਰੀਤ ਸਿੰਘ, ਐਸਡੀਐਮ ਚਮਕੌਰ ਸਾਹਿਬ ਪ੍ਰਦੀਪ ਸਿੰਘ ਬੈਂਸ, ਐਸਡੀਐਮ ਸ੍ਰੀ ਅਨੰਦਪੁਰ ਸਾਹਿਬ ਸੁਖਪਾਲ ਸਿੰਘ, ਚੋਣ ਕਾਨੂੰਗੋ ਰਾਜੇਸ਼ ਕੁਮਾਰ ਅਤੇ ਜ਼ਿਲ੍ਹਾ ਚੋਣ ਦਫ਼ਤਰ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਰਹੇ। ਮੀਟਿੰਗ ਦੌਰਾਨ ਚੋਣੀ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਬਣਾਉਣ ਸਬੰਧੀ ਵਿਚਾਰ-ਵਟਾਂਦਰਾ ਵੀ ਕੀਤਾ ਗਿਆ।
Get all latest content delivered to your email a few times a month.