IMG-LOGO
ਹੋਮ ਪੰਜਾਬ, ਰਾਸ਼ਟਰੀ, ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ 4 ਕਾਰਕੁੰਨ ਇੱਕ...

ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ 4 ਕਾਰਕੁੰਨ ਇੱਕ ਅਫ਼ਗਾਨ ਨਾਗਰਿਕ ਸਮੇਤ ਗ੍ਰਿਫਤਾਰ; ਅੱਠ ਆਧੁਨਿਕ ਪਿਸਤੌਲਾਂ ਬਰਾਮਦ

Admin User - Jun 08, 2026 06:26 PM
IMG

ਚੰਡੀਗੜ੍ਹ/ਅੰਮ੍ਰਿਤਸਰ, 8 ਜੂਨ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਅਫਗਾਨ ਨਾਗਰਿਕ ਸਮੇਤ ਚਾਰ ਮੁਲਜ਼ਮਾਂ ਨੂੰ ਅੱਠ ਆਧੁਨਿਕ ਪਿਸਤੌਲ ਨਾਲ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰ ਤਸਕਰੀ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਇਸਮਾਈਲਖੇਲ ਤੌਹੀਦ (30), ਵਾਸੀ ਅਫਗਾਨਿਸਤਾਨ , ਜੋ ਇਸ ਸਮੇਂ ਪੁਣੇ, ਮਹਾਰਾਸ਼ਟਰ ਵਿੱਚ ਰਹਿ ਰਿਹਾ ਹੈ; ਮੰਗਜੀਤ ਸਿੰਘ (20) ਅਤੇ ਸ਼ਮਸ਼ੇਰ ਸਿੰਘ (26) ਦੋਵੇਂ ਵਾਸੀ ਪਿੰਡ ਫਤਿਹਾਬਾਦ, ਤਰਨਤਾਰਨ  ਅਤੇ ਗੁਰਲਾਲ ਸਿੰਘ (42) ਵਾਸੀ ਪਿੰਡ ਰਾਜਾਤਾਲ (ਅੰਮ੍ਰਿਤਸਰ ) ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ .30 ਬੋਰ ਬੇਰੇਟਾ, ਚਾਰ 9 ਐਮ.ਐਮ. ਗਲੋਕ ਅਤੇ ਤਿੰਨ .30 ਬੋਰ ਪਿਸਤੌਲ ਸਮੇਤ ਸੱਤ ਜ਼ਿੰਦਾ ਕਾਰਤੂਸ ਵੀ ਸ਼ਾਮਲ ਹਨ। ਪੁਲਿਸ ਟੀਮਾਂ ਨੇ ਉਨ੍ਹਾਂ ਦਾ ਐਕਟਿਵਾ ਸਕੂਟਰ ਵੀ ਜ਼ਬਤ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਇੱਕ ਵਿਦੇਸ਼ੀ ਤਸਕਰ ਦੇ ਸੰਪਰਕ ਵਿੱਚ ਸਨ, ਜੋ ਸੁੰਨਸਾਨ ਜਾਂ ਗੁਪਤ ਥਾਵਾਂ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪਾਂ ਸਪਲਾਈ ਕਰਦਾ ਸੀ। ਉਨ੍ਹਾਂ ਕਿਹਾ ਕਿ ਬਰਾਮਦ ਕੀਤੇ ਗਏ ਹਥਿਆਰ ਅਪਰਾਧਿਕ ਤੱਤਾਂ ਨੂੰ ਅੱਗੇ ਸਪਲਾਈ ਕਰਨ ਲਈ ਭੇਜੇ ਜਾ ਰਹੇ ਸਨ।

ਡੀਜੀਪੀ ਨੇ ਕਿਹਾ ਕਿ ਵਿਦੇਸ਼ੀ-ਅਧਾਰਤ ਨੈੱਟਵਰਕ ਨਾਲ ਜੁੜੇ ਹੋਰ ਕਾਰਕੁੰਨਾਂ ਦੀ ਪਛਾਣ ਕਰਨ ਅਤੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਹੋਰ ਬਰਾਮਦਗੀਆਂ ਅਤੇ ਗ੍ਰਿਫਤਾਰੀਆਂ ਹੋਣ ਦੀ ਸੰਭਾਵਨਾ ਹੈ।

ਅਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਭਰੋਸੇਯੋਗ ਸੂਤਰਾਂ ਤੋਂ ਮਿਲੀ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਮੁਲਜ਼ਮ ਮੰਗਜੀਤ ਸਿੰਘ ਅਤੇ ਸ਼ਮਸ਼ੇਰ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਨਾਂ ਦੇ ਕਬਜ਼ੇ ਚੋਂ ਤਿੰਨ ਗੈਰ-ਕਾਨੂੰਨੀ ਪਿਸਤੌਲਾਂ ਸਮੇਤ ਸੱਤ ਜ਼ਿੰਦਾ ਕਾਰਤੂਸ ਬਰਾਮਦ ਕੀਤੇ।

ਵਿਦੇਸ਼-ਅਧਾਰਤ ਤਸਕਰੀ ਨੈੱਟਵਰਕ ਦੀ ਡੂੰਘਾਈ ਨਾਲ  ਜਾਂਚ ਕਰਨ ਤੋਂ ਬਾਅਦ ਪੁਲਿਸ ਨੇ ਗੁਰਲਾਲ ਸਿੰਘ ਵਜੋਂ ਪਛਾਣੇ ਗਏ ਇੱਕ ਹੋਰ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਅਤੇ ਤਲਾਸ਼ੀ ਦੌਰਾਨ ਉਸ ਕੋਲੋਂ ਤਿੰਨ ਹੋਰ ਪਿਸਤੌਲ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਦੋਸ਼ੀ ਗੁਰਲਾਲ ਸਿੰਘ ਦੀ ਪੁੱਛਗਿੱਛ ਤੋਂ ਬਾਅਦ ਉਸ ਵੱਲੋਂ ਦੱਸੇ ਗਏ ਟਿਕਾਣਿਆਂ ਤੋਂ ਦੋ ਹੋਰ ਪਿਸਤੌਲਾਂ ਦੀ ਬਰਾਮਦਗੀ ਹੋਈ ।

ਸੀ.ਪੀ. ਨੇ ਕਿਹਾ ਕਿ ਜਾਂਚ ਦੌਰਾਨ ਕੀਤੇ ਗਏ ਖੁਲਾਸਿਆਂ ਦੇ ਆਧਾਰ ’ਤੇ, ਪੁਲਿਸ ਨੇ ਇੱਕ ਹੋਰ ਕਾਰਕੁੰਨ, ਇਸਮਾਈਲਖੇਲ ਤੌਹੀਦ ਨੂੰ ਵੀ ਗ੍ਰਿਫਤਾਰ ਕੀਤਾ, ਜੋ ਸੁੱਕੇ ਮੇਵੇ ਦੇ ਕਾਰੋਬਾਰ ਦੀ ਆੜ ਵਿੱਚ ਹਵਾਲਾ ਨੈੱਟਵਰਕ ਚਲਾ ਰਿਹਾ ਸੀ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਰੈਕੇਟ ਨਾਲ ਜੁੜੇ ਵਿੱਤੀ ਲੈਣ-ਦੇਣ ਵਿੱਚ ਸਹਾਇਤਾ ਕਰ ਰਿਹਾ ਸੀ।

ਉਨ੍ਹਾਂ ਕਿਹਾ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਮੰਗਜੀਤ ਸਿੰਘ ਅਤੇ ਸ਼ਮਸ਼ੇਰ ਸਿੰਘ ਇੱਕੋ ਪਿੰਡ ਦੇ ਵਸਨੀਕ ਹਨ ਅਤੇ ਦੋਵੇਂ ਗੈਰ-ਕਾਨੂੰਨੀ ਹਥਿਆਰ ਤਸਕਰੀ  ਨੈੱਟਵਰਕ ਵਿੱਚ ਸ਼ਾਮਲ ਹਨ। ਇਹ ਵੀ ਪਾਇਆ ਗਿਆ ਹੈ ਕਿ ਮੁਲਜ਼ਮ ਮੰਗਜੀਤ ਸਿੰਘ ਇੱਕ ਜੁਰਾਇਮ-ਪੇਸ਼ਾ ਮੁਜਰਿਮ ਹੈ ਅਤੇ ਉਸ ਵਿਰੁੱਧ ਪਹਿਲਾਂ ਵੀ ਥਾਣਾ ਸੁਲਤਾਨਵਿੰਡ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ ਅਧੀਨ ਕੇਸ ਦਰਜ ਹੈ।

ਇਸ ਸਬੰਧੀ ਦੋ ਵੱਖ-ਵੱਖ ਮਾਮਲੇ - ਐਫਆਈਆਰ ਨੰਬਰ 168 ਮਿਤੀ 4-6-2026 ਨੂੰ ਅਸਲਾ ਐਕਟ ਦੀ ਧਾਰਾ 25 ਅਤੇ 25(7) ਅਧੀਨ ਥਾਣਾ ਇਸਲਾਮਾਬਾਦ ਵਿਖੇ ਅਤੇ ਐਫਆਈਆਰ ਨੰਬਰ 162 ਮਿਤੀ 5-6-2026 ਨੂੰ ਅਸਲਾ ਐਕਟ ਦੀ ਧਾਰਾ 25, 25(8) ਅਤੇ 29 ਅਧੀਨ ਥਾਣਾ ਗੇਟ ਹਕੀਮਾ ਵਿਖੇ ਦਰਜ ਕੀਤੇ ਗਏ ਹਨ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.