IMG-LOGO
ਹੋਮ ਪੰਜਾਬ: ਸ੍ਰੀ ਦਰਬਾਰ ਸਾਹਿਬ ਸਮੂਹ 'ਚ ਬੇਅਦਬੀ ਦੀ ਕੋਸ਼ਿਸ਼ 'ਤੇ ਭੜਕੇ...

ਸ੍ਰੀ ਦਰਬਾਰ ਸਾਹਿਬ ਸਮੂਹ 'ਚ ਬੇਅਦਬੀ ਦੀ ਕੋਸ਼ਿਸ਼ 'ਤੇ ਭੜਕੇ ਜਥੇਦਾਰ; ਕਿਹਾ- ਸਾਜ਼ਿਸ਼ੀ ਸ਼ਕਤੀਆਂ ਨੂੰ ਨਸ਼ਰ ਕਰਨ 'ਚ ਫੇਲ੍ਹ ਰਹੀ ਸਰਕਾਰ

Admin User - Jun 12, 2026 10:52 AM
IMG

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਰਿਸਰ ਵਿੱਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਬੀਤੀ ਰਾਤ ਇੱਕ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚੋਂ ਸ੍ਰੀ ਸਾਹਿਬ (ਕਿਰਪਾਨ) ਚੁੱਕ ਕੇ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਇੱਕ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਡੂੰਘੀ ਚਿੰਤਾ ਅਤੇ ਤਿੱਖਾ ਰੋਸ ਪ੍ਰਗਟਾਇਆ ਹੈ। ਉਨ੍ਹਾਂ ਸਰਕਾਰ ਦੀ ਕਾਰਗੁਜ਼ਾਰੀ 'ਤੇ ਵੱਡੇ ਸਵਾਲ ਚੁੱਕਦਿਆਂ ਇਸ ਘਟਨਾ ਪਿੱਛੇ ਸਰਗਰਮ ਪੰਥ ਵਿਰੋਧੀ ਸ਼ਕਤੀਆਂ ਦੇ ਚਿਹਰੇ ਬੇਨਕਾਬ ਕਰਨ ਦੀ ਮੰਗ ਕੀਤੀ ਹੈ।


ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਬੀਤੀ ਰਾਤ ਦੀ ਇਹ ਮੰਦਭਾਗੀ ਘਟਨਾ ਬਿਲਕੁਲ ਉਸੇ ਤਰ੍ਹਾਂ ਦੀ ਹੈ, ਜਿਵੇਂ ਦਸੰਬਰ 2021 ਵਿੱਚ ਇੱਕ ਵਿਅਕਤੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਜੰਗਲਾ ਟੱਪ ਕੇ ਸ੍ਰੀ ਸਾਹਿਬ ਨੂੰ ਹੱਥ ਪਾਇਆ ਗਿਆ ਸੀ। ਉਨ੍ਹਾਂ ਪੰਜਾਬ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕਰਦਿਆਂ ਕਿਹਾ ਕਿ ਇਹ ਮੌਜੂਦਾ ਸਰਕਾਰ ਦੀ ਬਹੁਤ ਵੱਡੀ ਨਾਕਾਮੀ ਹੈ ਕਿ ਉਹ ਅੱਜ ਤੱਕ 2021 ਵਾਲੀ ਘਟਨਾ ਦੇ ਦੋਸ਼ੀ ਦੀ ਅਸਲ ਪਛਾਣ ਅਤੇ ਸਾਜ਼ਿਸ਼ ਦਾ ਪਰਦਾਫਾਸ਼ ਨਹੀਂ ਕਰ ਸਕੀ।


ਮਿਲੀ ਜਾਣਕਾਰੀ ਅਨੁਸਾਰ, ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਚੱਲ ਰਿਹਾ ਸੀ ਅਤੇ ਸੰਗਤ ਗੁਰਬਾਣੀ ਸਰਵਣ ਕਰ ਰਹੀ ਸੀ। ਇਸੇ ਦੌਰਾਨ ਇੱਕ ਅਣਪਛਾਤੇ ਵਿਅਕਤੀ ਨੇ ਪ੍ਰਕਰਮਾ ਕਰਨ ਤੋਂ ਬਾਅਦ ਅਚਾਨਕ ਗੁਰੂ ਸਾਹਿਬ ਦੇ ਸਨਮੁਖ ਰੱਖੀ ਸ੍ਰੀ ਸਾਹਿਬ ਨੂੰ ਚੁੱਕ ਲਿਆ। ਇਸ ਤੋਂ ਪਹਿਲਾਂ ਕਿ ਉਹ ਕੋਈ ਗਲਤ ਹਰਕਤ ਕਰ ਪਾਉਂਦਾ, ਉੱਥੇ ਹਾਜ਼ਰ ਚੌਕਸ ਸੇਵਾਦਾਰਾਂ ਨੇ ਉਸ ਨੂੰ ਦਬੋਚ ਲਿਆ। ਮੁਲਜ਼ਮ ਇਸ ਵੇਲੇ ਪੁਲਿਸ ਹਿਰਾਸਤ ਵਿੱਚ ਹੈ। ਜਥੇਦਾਰ ਨੇ ਚੇਤਾਵਨੀ ਦਿੱਤੀ ਕਿ ਜੇਕਰ ਪੁਲਿਸ ਹਿਰਾਸਤ ਵਿੱਚ ਹੋਣ ਦੇ ਬਾਵਜੂਦ ਇਸ ਸਾਜ਼ਿਸ਼ ਦਾ ਖੁਲਾਸਾ ਨਾ ਹੋਇਆ, ਤਾਂ ਇਹ ਸਰਕਾਰ ਦੀ ਨੀਅਤ 'ਤੇ ਵੱਡਾ ਸਵਾਲ ਹੋਵੇਗਾ।


ਜਥੇਦਾਰ ਨੇ ਦੱਸਿਆ ਕਿ ਫੜੇ ਗਏ ਵਿਅਕਤੀ ਕੋਲੋਂ ਕੋਈ ਵੀ ਦਸਤਾਵੇਜ਼ ਜਾਂ ਪਛਾਣ ਪੱਤਰ (ID Card) ਨਹੀਂ ਮਿਲਿਆ ਹੈ, ਜਿਸ ਕਾਰਨ ਉਸ ਦੇ ਰਹਿਣ-ਸਹਿਣ ਬਾਰੇ ਪਤਾ ਨਹੀਂ ਲੱਗ ਸਕਿਆ। ਕੋਈ ਦਸਤਾਵੇਜ਼ ਨਾ ਹੋਣਾ ਇਹ ਸਾਬਤ ਕਰਦਾ ਹੈ ਕਿ ਇਹ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਕਿਸੇ ਵੱਡੀ ਸੁਚੇਤ ਸ਼ਰਾਰਤ ਦਾ ਹਿੱਸਾ ਹੈ।


ਸਿੰਘ ਸਾਹਿਬ ਨੇ ਦੋਸ਼ ਲਾਇਆ ਕਿ ਜਦੋਂ ਸਿੱਖ ਧਰਮ ਦੇ ਅੰਦਰੂਨੀ ਮਾਮਲਿਆਂ ਵਿੱਚ ਦਖ਼ਲ ਦੇਣਾ ਹੋਵੇ, ਤਾਂ ਸਰਕਾਰਾਂ ਬਹੁਤ ਤੇਜ਼ੀ ਦਿਖਾਉਂਦੀਆਂ ਹਨ, ਪਰ ਬੇਅਦਬੀ ਦੇ ਮਾਮਲਿਆਂ ਨੂੰ ਰੋਕਣ ਅਤੇ ਸਾਜ਼ਿਸ਼ਕਾਰਾਂ ਨੂੰ ਫੜਨ ਵਿੱਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈਆਂ ਹਨ। ਉਨ੍ਹਾਂ ਨੇ ਗੁਰੂ ਘਰ ਦੀ ਮਰਯਾਦਾ ਨੂੰ ਬਚਾਉਣ ਵਾਲੇ ਸਤਰਕ ਸੇਵਾਦਾਰਾਂ ਦੀ ਸ਼ਲਾਘਾ ਕੀਤੀ ਅਤੇ ਸਮੂਹ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਦੇ ਗੁਰਦੁਆਰਾ ਸਾਹਿਬਾਨ ਵਿਖੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਰੱਖਣ ਅਤੇ ਹਰ ਸ਼ਰਾਰਤੀ ਗਤੀਵਿਧੀ 'ਤੇ ਤਿੱਖੀ ਨਜ਼ਰ ਰੱਖਣ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.