ਤਾਜਾ ਖਬਰਾਂ
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੇ ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪਿਛਲੇ ਪਾਸੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਵਾਪਰੀ ਮੰਦਭਾਗੀ ਘਟਨਾ ਦੇ ਮਾਮਲੇ ਵਿੱਚ ਪੁਲਿਸ ਅਤੇ ਪ੍ਰਬੰਧਕਾਂ ਨੂੰ ਇੱਕ ਵੱਡੀ ਸਫ਼ਲਤਾ ਮਿਲੀ ਹੈ। ਗੁਰੂ ਘਰ ਦੀ ਮਰਿਆਦਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਉਕਤ ਹਮਲਾਵਰ ਦੀ ਆਖ਼ਰਕਾਰ ਪਛਾਣ ਕਰ ਲਈ ਗਈ ਹੈ। ਫੜਿਆ ਗਿਆ ਮੁਲਜ਼ਮ ਪੰਜਾਬ ਤੋਂ ਬਾਹਰਲੇ ਸੂਬੇ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।
ਮਿਲੀ ਤਾਜ਼ਾ ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਅਭੈਜੀਤ ਸਿੰਘ ਵਜੋਂ ਹੋਈ ਹੈ, ਜੋ ਕਿ ਉੱਤਰ ਪ੍ਰਦੇਸ਼ (UP) ਦੇ ਸਹਾਰਨਪੁਰ ਇਲਾਕੇ ਦਾ ਨਿਵਾਸੀ ਹੈ। ਪੁਲਿਸ ਹੁਣ ਇਸ ਗੱਲ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਕਿ ਉਕਤ ਮੁਲਜ਼ਮ ਕਿਸ ਮਕਸਦ ਨਾਲ ਅੰਮ੍ਰਿਤਸਰ ਆਇਆ ਸੀ ਅਤੇ ਕੀ ਇਸ ਘਟਨਾ ਦੇ ਪਿੱਛੇ ਕੋਈ ਹੋਰ ਸ਼ਰਾਰਤੀ ਅਨਸਰ ਵੀ ਸ਼ਾਮਲ ਹੈ।
ਚਸ਼ਮਦੀਦਾਂ ਮੁਤਾਬਕ, ਮੁਲਜ਼ਮ ਅਭੈਜੀਤ ਸਿੰਘ ਗੁਰਦੁਆਰਾ ਸਾਹਿਬ ਦੇ ਅੰਦਰ ਦਾਖਲ ਹੋਇਆ ਅਤੇ ਉਸ ਨੇ ਉੱਥੇ ਸੁਸ਼ੋਭਿਤ ਪਾਵਨ ਸਰੂਪ ਦੇ ਅੱਗੇ ਰੱਖੀ 'ਸ੍ਰੀ ਸਾਹਿਬ' (ਪਵਿੱਤਰ ਕਿਰਪਾਨ) ਨੂੰ ਜ਼ਬਰਦਸਤੀ ਚੁੱਕਣ ਦੀ ਕੋਸ਼ਿਸ਼ ਕੀਤੀ। ਪਰ ਉੱਥੇ ਤਾਇਨਾਤ ਗੁਰੂ ਘਰ ਦੇ ਸੇਵਾਦਾਰਾਂ ਨੇ ਅੱਖ ਦੇ ਫੋਰ ਵਿੱਚ ਮੁਸਤੈਦੀ ਦਿਖਾਉਂਦੇ ਹੋਏ ਉਸ ਨੂੰ ਮੌਕੇ 'ਤੇ ਹੀ ਦਬੋਚ ਲਿਆ, ਜਿਸ ਕਾਰਨ ਕੋਈ ਵੱਡੀ ਅਣਹੋਣੀ ਹੋਣ ਤੋਂ ਬਚਾਅ ਰਿਹਾ।
ਸੇਵਾਦਾਰਾਂ ਵੱਲੋਂ ਕਾਬੂ ਕੀਤੇ ਜਾਣ ਤੋਂ ਬਾਅਦ ਮੁਲਜ਼ਮ ਨੂੰ ਤੁਰੰਤ ਸਥਾਨਕ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਸੀ। ਇਸ ਸਨਸਨੀਖੇਜ਼ ਖੁਲਾਸੇ ਤੋਂ ਬਾਅਦ ਹਵਾਲਾਤ ਵਿੱਚ ਬੰਦ ਅਭੈਜੀਤ ਸਿੰਘ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਘਟਨਾ ਦੇ ਅਸਲ ਕਾਰਨਾਂ ਅਤੇ ਸਾਜ਼ਿਸ਼ ਦਾ ਪਤਾ ਲਗਾਇਆ ਜਾ ਸਕੇ।
Get all latest content delivered to your email a few times a month.