ਤਾਜਾ ਖਬਰਾਂ
ਪੰਜਾਬ ਅਤੇ ਉਤਰਾਖੰਡ ਦੀਆਂ ਸੁਰੱਖਿਆ ਏਜੰਸੀਆਂ ਨੂੰ ਇੱਕ ਵੱਡੀ ਕਾਮਯਾਬੀ ਮਿਲੀ ਹੈ। ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਨਾਲ ਸਬੰਧਤ ਡਰੋਨ ਤਸਕਰੀ ਮਾਮਲੇ ਦੇ ਮੁੱਖ ਦੋਸ਼ੀ ਈਸ਼ਾਨਪ੍ਰੀਤ ਸਿੰਘ ਨੂੰ ਉਤਰਾਖੰਡ ਦੇ ਬਾਜਪੁਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੋਸ਼ੀ ਕਾਫੀ ਸਮੇਂ ਤੋਂ ਸੁਰੱਖਿਆ ਏਜੰਸੀਆਂ ਦੀ ਨਿਗਰਾਨੀ ਹੇਠ ਸੀ ਅਤੇ ਉਸ 'ਤੇ ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰ ਮੰਗਵਾਉਣ ਵਾਲੇ ਅੰਤਰਰਾਸ਼ਟਰੀ ਤਸਕਰੀ ਗਿਰੋਹ ਨਾਲ ਸਬੰਧ ਹੋਣ ਦੇ ਗੰਭੀਰ ਦੋਸ਼ ਹਨ।
ਜਾਣਕਾਰੀ ਮੁਤਾਬਕ 23 ਮਈ 2026 ਨੂੰ ਪੰਜਾਬ ਐਂਟੀ-ਨਾਰਕੋਟਿਕਸ ਟਾਸਕ ਫੋਰਸ (ANTF) ਅਤੇ ਬੀਐਸਐਫ ਵੱਲੋਂ ਉਸਦੇ ਨਾਰਾਇਣਗੜ੍ਹ ਸਥਿਤ ਘਰ 'ਤੇ ਛਾਪੇਮਾਰੀ ਕੀਤੀ ਗਈ ਸੀ। ਇਸ ਦੌਰਾਨ ਈਸ਼ਾਨਪ੍ਰੀਤ ਸਿੰਘ ਛੱਤ ਤੋਂ ਛਾਲ ਮਾਰ ਕੇ ਮੌਕੇ ਤੋਂ ਫਰਾਰ ਹੋ ਗਿਆ ਸੀ। ਹਾਲਾਂਕਿ ਛਾਪੇ ਦੌਰਾਨ ਉਸਦੇ ਘਰ ਵਿੱਚੋਂ 12 ਗੈਰ-ਕਾਨੂੰਨੀ ਪਿਸਤੌਲ ਅਤੇ ਕਰੀਬ 900 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ, ਜਿਸ ਤੋਂ ਬਾਅਦ ਉਸ ਦੀ ਭਾਲ ਲਈ ਵੱਖ-ਵੱਖ ਏਜੰਸੀਆਂ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਸੀ।
ਫਰਾਰ ਹੋਣ ਤੋਂ ਬਾਅਦ ਦੋਸ਼ੀ ਉਤਰਾਖੰਡ ਦੇ ਬਾਜਪੁਰ ਖੇਤਰ ਵਿੱਚ ਲੁਕ ਕੇ ਰਹਿ ਰਿਹਾ ਸੀ। ਪੰਜਾਬ ANTF ਤੋਂ ਮਿਲੀ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਉਤਰਾਖੰਡ STF, ਪੰਜਾਬ ਪੁਲਿਸ ਅਤੇ ਸਥਾਨਕ ਪੁਲਿਸ ਦੀ ਸਾਂਝੀ ਟੀਮ ਨੇ ਕਾਰਵਾਈ ਕਰਦੇ ਹੋਏ ਉਸ ਨੂੰ ਕਾਬੂ ਕਰ ਲਿਆ। ਗ੍ਰਿਫ਼ਤਾਰੀ ਤੋਂ ਬਾਅਦ ਮੁੱਢਲੀ ਪੁੱਛਗਿੱਛ ਕੀਤੀ ਗਈ ਅਤੇ ਬਾਅਦ ਵਿੱਚ ਉਸ ਨੂੰ ਅਗਲੀ ਜਾਂਚ ਲਈ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪਾਕਿਸਤਾਨ ਨਾਲ ਜੁੜੇ ਡਰੋਨ ਤਸਕਰੀ ਨੈੱਟਵਰਕ ਅਤੇ ਇਸ ਵਿੱਚ ਸ਼ਾਮਲ ਹੋਰ ਸਾਥੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾ ਸਕੇ।
Get all latest content delivered to your email a few times a month.