ਤਾਜਾ ਖਬਰਾਂ
ਹਿਮਾਚਲ ਪ੍ਰਦੇਸ਼ ਵਿੱਚ ਲਾਗੂ ਕੀਤੇ ਗਏ ਐਂਟਰੀ ਟੈਕਸ ਨੂੰ ਲੈ ਕੇ ਚੱਲ ਰਿਹਾ ਵਿਵਾਦ ਇੱਕ ਵਾਰ ਫਿਰ ਗਰਮਾ ਗਿਆ ਹੈ। ਨਿਹੰਗ ਸਿੰਘ ਫੌਜਾਂ ਨੇ ਐਲਾਨ ਕੀਤਾ ਹੈ ਕਿ ਜੇਕਰ 21 ਜੂਨ ਤੱਕ ਪੰਜਾਬ ਸਰਕਾਰ, ਹਿਮਾਚਲ ਸਰਕਾਰ ਅਤੇ ਸਬੰਧਤ ਪ੍ਰਸ਼ਾਸਨ ਇਸ ਮਾਮਲੇ ਦਾ ਕੋਈ ਢੁੱਕਵਾਂ ਹੱਲ ਨਹੀਂ ਕਰਦੇ, ਤਾਂ ਚੰਡੀਗੜ੍ਹ-ਕੁੱਲੂ-ਮਨਾਲੀ ਨੈਸ਼ਨਲ ਹਾਈਵੇ 'ਤੇ ਪਿੰਡ ਮੋੜਾ ਵਿਖੇ "ਖਾਲਸਾ ਟੈਕਸ" ਪੱਕੇ ਤੌਰ 'ਤੇ ਲਾਗੂ ਕਰ ਦਿੱਤਾ ਜਾਵੇਗਾ।
ਨਿਹੰਗ ਸਿੰਘ ਫੌਜਾਂ ਦੇ ਆਗੂ ਬਾਬਾ ਅੱਛਰ ਸਿੰਘ ਮਹਾਂਕਾਲ ਨੇ ਕਿਹਾ ਕਿ ਹਿਮਾਚਲ ਐਂਟਰੀ ਟੈਕਸ ਕਾਰਨ ਸੰਗਤਾਂ ਅਤੇ ਆਮ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਰਕੇ ਲੋਕਾਂ ਵਿੱਚ ਰੋਸ ਵਧ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਇਸ ਮਾਮਲੇ ਵੱਲ ਸਰਕਾਰ ਦਾ ਧਿਆਨ ਖਿੱਚਣ ਲਈ ਪ੍ਰਤੀਕਾਤਮਕ ਤੌਰ 'ਤੇ ਖਾਲਸਾ ਟੈਕਸ ਲਗਾਇਆ ਗਿਆ ਸੀ। ਹੁਣ ਜੇਕਰ ਸਰਕਾਰਾਂ ਵੱਲੋਂ ਕੋਈ ਠੋਸ ਕਦਮ ਨਹੀਂ ਚੁੱਕਿਆ ਜਾਂਦਾ, ਤਾਂ 21 ਜੂਨ ਤੋਂ ਇਸ ਨੂੰ ਨਿਯਮਿਤ ਤੌਰ 'ਤੇ ਲਾਗੂ ਕੀਤਾ ਜਾਵੇਗਾ।
ਇਸ ਦੌਰਾਨ ਬਾਬਾ ਅੱਛਰ ਸਿੰਘ ਨੇ ਉੱਤਰਾਖੰਡ ਵਿੱਚ ਨਿਹੰਗ ਸਿੰਘਾਂ ਅਤੇ ਸਥਾਨਕ ਲੋਕਾਂ ਵਿਚਾਲੇ ਹੋਈ ਝੜਪ ਦੇ ਮਾਮਲੇ 'ਤੇ ਵੀ ਆਪਣਾ ਪੱਖ ਰੱਖਿਆ। ਉਨ੍ਹਾਂ ਮੰਗ ਕੀਤੀ ਕਿ ਘਟਨਾ ਦੀ ਨਿਰਪੱਖ ਅਤੇ ਵਿਸਥਾਰਪੂਰਵਕ ਜਾਂਚ ਹੋਵੇ ਤਾਂ ਜੋ ਅਸਲ ਸੱਚਾਈ ਸਾਹਮਣੇ ਆ ਸਕੇ ਅਤੇ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।
ਨਿਹੰਗ ਸਿੰਘ ਫੌਜਾਂ ਦੇ ਇਸ ਐਲਾਨ ਤੋਂ ਬਾਅਦ ਹੁਣ ਸਭ ਦੀਆਂ ਨਜ਼ਰਾਂ ਪੰਜਾਬ ਅਤੇ ਹਿਮਾਚਲ ਸਰਕਾਰਾਂ ਦੇ ਅਗਲੇ ਕਦਮ 'ਤੇ ਟਿਕੀਆਂ ਹੋਈਆਂ ਹਨ, ਕਿਉਂਕਿ 21 ਜੂਨ ਦੀ ਮਿਆਦ ਨੇੜੇ ਆਉਣ ਨਾਲ ਇਸ ਮਾਮਲੇ ਦੀ ਗੰਭੀਰਤਾ ਹੋਰ ਵੱਧ ਗਈ ਹੈ।
Get all latest content delivered to your email a few times a month.