ਤਾਜਾ ਖਬਰਾਂ
ਚੰਡੀਗੜ੍ਹ, 19 ਜੂਨ 2026 - ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਦੇ ਸਾਰੇ ਸਿੱਖ ਵਿਧਾਇਕਾਂ ਨੂੰ ਤਲਬ ਕੀਤੇ ਜਾਣ ਦੇ ਮਾਮਲੇ 'ਤੇ ਹਲਕਾ ਮੁੱਲਾਂਪੁਰ ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਆਪਣਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ 29 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਅਤੇ ਇੱਕ ਸਿੱਖ ਹੋਣ ਦੇ ਨਾਤੇ ਆਪਣਾ ਪੱਖ ਨਿਮਰਤਾ ਨਾਲ ਰੱਖਣਗੇ।
ਵਿਧਾਇਕ ਇਆਲੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਧਾਰਮਿਕ ਸੰਸਥਾ ਹੈ ਅਤੇ ਉਹ ਇਸ ਦੀ ਮਰਿਆਦਾ ਅਤੇ ਹੁਕਮਾਂ ਦਾ ਪੂਰਾ ਸਤਿਕਾਰ ਕਰਦੇ ਹਨ। ਉਨ੍ਹਾਂ ਦੱਸਿਆ ਕਿ ਉਹ ਤਖ਼ਤ ਸਾਹਿਬ ਵੱਲੋਂ ਦਿੱਤੇ ਜਾਣ ਵਾਲੇ ਹਰ ਹੁਕਮ ਅਤੇ ਫ਼ੈਸਲੇ ਨੂੰ ਸਿਰ ਮੱਥੇ ਮੰਨਣਗੇ ਅਤੇ ਉਸ ਦੀ ਪਾਲਣਾ ਕਰਨ ਲਈ ਵਚਨਬੱਧ ਹਨ।
ਇਸ ਦੌਰਾਨ ਮਨਪ੍ਰੀਤ ਸਿੰਘ ਇਆਲੀ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ 'ਤੇ ਵੀ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪੰਥਕ ਅਤੇ ਸੰਵੇਦਨਸ਼ੀਲ ਮੁੱਦਿਆਂ ਨੂੰ ਸਿਆਸੀ ਰੰਗ ਦੇਣ ਦੀ ਬਜਾਏ ਗੰਭੀਰਤਾ ਨਾਲ ਹੱਲ ਕਰਨ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਖਾਸ ਤੌਰ 'ਤੇ ਬੇਅਦਬੀ ਦੇ ਮਾਮਲਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਕਾਨੂੰਨ ਅਨੁਸਾਰ ਇਨਸਾਫ਼ ਯਕੀਨੀ ਬਣਾਉਣਾ ਸਮੇਂ ਦੀ ਲੋੜ ਹੈ।
ਉਲਲੇਖਣਯੋਗ ਹੈ ਕਿ ਹਾਲ ਹੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪੰਜਾਬ ਦੇ ਸਾਰੇ ਸਿੱਖ ਵਿਧਾਇਕਾਂ ਨੂੰ 29 ਜੂਨ ਨੂੰ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਲਈ ਆਦੇਸ਼ ਜਾਰੀ ਕੀਤੇ ਗਏ ਸਨ, ਜਿਸ ਤੋਂ ਬਾਅਦ ਸਿਆਸੀ ਅਤੇ ਪੰਥਕ ਹਲਕਿਆਂ ਵਿੱਚ ਇਸ ਮਾਮਲੇ ਨੂੰ ਲੈ ਕੇ ਚਰਚਾ ਜਾਰੀ ਹੈ।
Get all latest content delivered to your email a few times a month.