ਤਾਜਾ ਖਬਰਾਂ
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਗਠਿਤ ਕੀਤੀ ਗਈ ਪੰਜ ਮੈਂਬਰੀ ਤਾਲਮੇਲ ਕਮੇਟੀ ਦੀ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਇਸ ਬੈਠਕ ਦਾ ਮੁੱਖ ਉਦੇਸ਼ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਕੀਤੇ ਗਏ ਹੁਕਮਨਾਮੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਵਾਉਣ ਅਤੇ ਇਸ ਸਬੰਧੀ ਸੰਗਤਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਅਗਲੇ ਕਦਮਾਂ ਬਾਰੇ ਵਿਚਾਰ-ਵਟਾਂਦਰਾ ਕਰਨਾ ਸੀ।
ਮੀਟਿੰਗ ਵਿੱਚ ਕਮੇਟੀ ਦੇ ਮੈਂਬਰਾਂ ਮਹੇਸ਼ਇੰਦਰ ਸਿੰਘ ਗਰੇਵਾਲ, ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ ਅਤੇ ਅਮਰਜੀਤ ਸਿੰਘ ਚਾਵਲਾ ਤੋਂ ਇਲਾਵਾ ਕਈ ਧਾਰਮਿਕ, ਸਮਾਜਿਕ ਅਤੇ ਪੰਥਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੀ ਹਾਜ਼ਰੀ ਭਰੀ। ਬੈਠਕ ਦੌਰਾਨ ਇਹ ਫ਼ੈਸਲਾ ਲਿਆ ਗਿਆ ਕਿ ਹੁਕਮਨਾਮੇ ਦੇ ਮਹੱਤਵ ਅਤੇ ਇਸ ਦੀ ਪਾਲਣਾ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ।
ਮੀਟਿੰਗ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਕਮੇਟੀ ਮੈਂਬਰਾਂ ਨੇ ਕਿਹਾ ਕਿ ਇਹ ਮੁੱਦਾ ਕਿਸੇ ਇੱਕ ਸਿਆਸੀ ਧਿਰ ਨਾਲ ਸੰਬੰਧਿਤ ਨਹੀਂ, ਸਗੋਂ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਅਤੇ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਮੁਹਿੰਮ ਨੂੰ ਹੋਰ ਵਿਆਪਕ ਬਣਾਉਣ ਲਈ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਨਾਲ-ਨਾਲ ਹੋਰ ਸਿਆਸੀ ਪਾਰਟੀਆਂ ਨਾਲ ਵੀ ਸੰਪਰਕ ਕੀਤਾ ਜਾਵੇਗਾ ਤਾਂ ਜੋ ਸਾਂਝੇ ਤੌਰ ’ਤੇ ਹੁਕਮਨਾਮੇ ਦੀ ਪਾਲਣਾ ਯਕੀਨੀ ਬਣਾਈ ਜਾ ਸਕੇ।
ਆਗੂਆਂ ਨੇ ਇਹ ਵੀ ਕਿਹਾ ਕਿ ਜਿੱਥੇ-ਜਿੱਥੇ ਪੰਜਾਬ ਦੇ ਮੁੱਖ ਮੰਤਰੀ ਦੇ ਜਨਤਕ ਪ੍ਰੋਗਰਾਮ ਹੋਣਗੇ, ਉੱਥੇ ਸੰਗਤਾਂ ਨੂੰ ਸ਼ਾਂਤਮਈ ਅਤੇ ਲੋਕਤੰਤਰੀ ਢੰਗ ਨਾਲ ਆਪਣਾ ਵਿਰੋਧ ਦਰਜ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਧਾਰਮਿਕ ਅਥਾਰਟੀ ਹੈ ਅਤੇ ਇਸ ਦੇ ਹੁਕਮਾਂ ਦੀ ਪਾਲਣਾ ਕਰਨਾ ਹਰ ਸਿੱਖ ਦੀ ਜ਼ਿੰਮੇਵਾਰੀ ਹੈ।
ਕਮੇਟੀ ਮੈਂਬਰਾਂ ਨੇ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਦੌਰਾਨ ਵੱਖ-ਵੱਖ ਜਥੇਬੰਦੀਆਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਤਾਂ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਨੂੰ ਜ਼ਮੀਨੀ ਪੱਧਰ ’ਤੇ ਪੂਰੀ ਤਰ੍ਹਾਂ ਲਾਗੂ ਕਰਵਾਇਆ ਜਾ ਸਕੇ।
Get all latest content delivered to your email a few times a month.