ਤਾਜਾ ਖਬਰਾਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਜੁੜੇ ਵਿਵਾਦਿਤ ਮਾਮਲੇ ’ਤੇ ਗੰਭੀਰ ਚਰਚਾ ਕੀਤੀ ਗਈ। SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਆਦੇਸ਼ ਦਾ ਸਤਿਕਾਰ ਕਰਦਿਆਂ ਮੁੱਖ ਮੰਤਰੀ ਤੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦੀ ਮੰਗ ਕੀਤੀ ਗਈ।
ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਭਗਵੰਤ ਮਾਨ ਨਾਲ ਸੰਬੰਧਤ ਸਾਹਮਣੇ ਆਈ ਇਤਰਾਜ਼ਯੋਗ ਵੀਡੀਓ ਵਿੱਚ ਕੀਤੀਆਂ ਹਰਕਤਾਂ ਨੇ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਗੰਭੀਰ ਠੇਸ ਪਹੁੰਚਾਈ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮੁੱਖ ਮੰਤਰੀ ਨੂੰ ਆਪਣਾ ਪੱਖ ਰੱਖਣ ਅਤੇ ਮਾਮਲੇ ਦੀ ਜਾਂਚ ਲਈ ਪੂਰਾ ਮੌਕਾ ਦਿੱਤਾ ਸੀ, ਪਰ ਉਨ੍ਹਾਂ ਵੱਲੋਂ ਅਕਾਲ ਤਖ਼ਤ ਸਕੱਤਰੇਤ ਦੇ ਪੱਤਰਾਂ ਦਾ ਕੋਈ ਜਵਾਬ ਨਹੀਂ ਦਿੱਤਾ ਗਿਆ।
SGPC ਪ੍ਰਧਾਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਬਉੱਚ ਅਥਾਰਟੀ ਹੈ ਅਤੇ ਇਸ ਦੇ ਹੁਕਮਾਂ ਦਾ ਸਤਿਕਾਰ ਕਰਨਾ ਹਰ ਸਿੱਖ ਦਾ ਫਰਜ਼ ਹੈ। ਉਨ੍ਹਾਂ ਦਲੀਲ ਦਿੱਤੀ ਕਿ ਜਦੋਂ ਪੰਜਾਬ ਦਾ ਮੁੱਖ ਮੰਤਰੀ ਹੀ ਸਿੱਖ ਧਾਰਮਿਕ ਭਾਵਨਾਵਾਂ ਨੂੰ ਆਹਤ ਕਰਨ ਵਾਲੇ ਵਿਵਾਦਾਂ ਵਿੱਚ ਘਿਰਿਆ ਹੋਵੇ ਤਾਂ ਉਹ ਸੂਬੇ ਦੀਆਂ ਧਾਰਮਿਕ ਕਦਰਾਂ-ਕੀਮਤਾਂ ਦੀ ਨੁਮਾਇੰਦਗੀ ਕਰਨ ਦਾ ਨੈਤਿਕ ਅਧਿਕਾਰ ਗੁਆ ਬੈਠਦਾ ਹੈ। ਇਸ ਲਈ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੀ ਰੌਸ਼ਨੀ ਵਿੱਚ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਅਹੁਦੇ ’ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ।
ਅੰਤ੍ਰਿੰਗ ਕਮੇਟੀ ਨੇ 27 ਜੂਨ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ SGPC ਦੀ ਜਨਰਲ ਇਕੱਤਰਤਾ ਬੁਲਾਉਣ ਦਾ ਵੀ ਫੈਸਲਾ ਕੀਤਾ ਹੈ, ਜਿਸ ਵਿੱਚ ਇਸ ਮਾਮਲੇ ਸਬੰਧੀ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪੰਜਾਬ ਦੇ ਹਰ ਹਲਕੇ ਵਿੱਚ ਵੱਡੇ ਇਕੱਠ ਕਰਕੇ ਸੰਗਤਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਲਈ ਜਾਗਰੂਕ ਕਰਨ ਦਾ ਐਲਾਨ ਵੀ ਕੀਤਾ ਗਿਆ।
ਐਡਵੋਕੇਟ ਧਾਮੀ ਨੇ ਬੇਅਦਬੀ ਰੋਕੂ ਕਾਨੂੰਨ ਸਬੰਧੀ ਚੱਲ ਰਹੀ ਚਰਚਾ ’ਤੇ ਵੀ ਆਪਣਾ ਪੱਖ ਰੱਖਦਿਆਂ ਕਿਹਾ ਕਿ SGPC ਇਸ ਕਾਨੂੰਨ ਦੀਆਂ ਕੁਝ ਇਤਰਾਜ਼ਯੋਗ ਧਾਰਾਵਾਂ ਵਿੱਚ ਸੋਧ ਦੀ ਮੰਗ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵਿਧਾਨ ਸਭਾ ਦੇ ਸਿੱਖ ਮੈਂਬਰਾਂ ਨੂੰ ਤਲਬ ਕੀਤਾ ਗਿਆ ਹੈ ਅਤੇ ਹਰ ਵਿਧਾਇਕ ਨੂੰ ਇਸ ਸੱਦੇ ਦੀ ਪਾਲਣਾ ਕਰਨੀ ਚਾਹੀਦੀ ਹੈ।
ਇਸ ਦੌਰਾਨ ਐਡਵੋਕੇਟ ਧਾਮੀ ਨੇ ਆਪਣੇ ਅਮਰੀਕਾ ਦੌਰੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ SGPC ਵੱਲੋਂ ਕੈਲੀਫੋਰਨੀਆ ਦੇ ਯੂਬਾ ਸਿਟੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਲਈ ਆਧੁਨਿਕ ਪ੍ਰੈੱਸ ਅਤੇ ਗੁਰਮਤਿ ਪ੍ਰਚਾਰ ਕੇਂਦਰ ਸਥਾਪਤ ਕਰਨ ਦੀ ਯੋਜਨਾ ’ਤੇ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ 14 ਏਕੜ ਜ਼ਮੀਨ ’ਤੇ ਬਣਨ ਵਾਲਾ ਇਹ ਕੇਂਦਰ ਵਿਦੇਸ਼ ਵਿੱਚ SGPC ਦਾ ਪਹਿਲਾ ਅਧਿਕਾਰਕ ਪ੍ਰਚਾਰ ਅਤੇ ਪ੍ਰਕਾਸ਼ਨ ਕੇਂਦਰ ਹੋਵੇਗਾ, ਜਿਸ ਨਾਲ ਵਿਦੇਸ਼ਾਂ ਵਿੱਚ ਵਸਦੀਆਂ ਸਿੱਖ ਸੰਗਤਾਂ ਨੂੰ ਵੱਡੀ ਸਹੂਲਤ ਮਿਲੇਗੀ।
Get all latest content delivered to your email a few times a month.