ਤਾਜਾ ਖਬਰਾਂ
ਬਟਾਲਾ ਦੇ ਨਜ਼ਦੀਕੀ ਪਿੰਡ ਕਿਲਾ ਲਾਲ ਸਿੰਘ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ, ਸਾਬਕਾ ਸਰਪੰਚ ਅਤੇ ਜ਼ਿਲ੍ਹਾ ਖਜ਼ਾਨਚੀ ਜਸਬੀਰ ਸਿੰਘ ਗਿੱਲ ਦੇ ਘਰ ‘ਤੇ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਅਚਾਨਕ ਗੋਲੀਬਾਰੀ ਕਰ ਦਿੱਤੀ। ਹਮਲੇ ਦੌਰਾਨ ਜਸਬੀਰ ਸਿੰਘ ਗਿੱਲ ਘਰ ਦੇ ਵਿਹੜੇ ਵਿੱਚ ਸੈਰ ਕਰ ਰਹੇ ਸਨ, ਪਰ ਉਨ੍ਹਾਂ ਨੇ ਫੁਰਤੀ ਨਾਲ ਅੰਦਰ ਭੱਜ ਕੇ ਆਪਣੀ ਜਾਨ ਬਚਾ ਲਈ।
ਜਾਣਕਾਰੀ ਅਨੁਸਾਰ ਹਮਲਾਵਰਾਂ ਨੇ ਘਰ ਦੇ ਮੁੱਖ ਗੇਟ ਦੇ ਬਾਹਰ ਰੁਕ ਕੇ ਪਿਸਤੌਲਾਂ ਨਾਲ ਘਰ ਵੱਲ ਚਾਰ ਰਾਊਂਡ ਫਾਇਰ ਕੀਤੇ। ਗੋਲੀਆਂ ਘਰ ਦੀ ਰਸੋਈ ਅਤੇ ਡਰਾਇੰਗ ਰੂਮ ਵਿੱਚ ਜਾ ਲੱਗੀਆਂ, ਜਦਕਿ ਇੱਕ ਗੋਲੀ ਗੁਆਂਢੀ ਇੰਦਰਬੀਰ ਸਿੰਘ ਰੰਧਾਵਾ ਦੀ ਖੜ੍ਹੀ ਕਾਰ ਵਿੱਚ ਵੀ ਜਾ ਵੱਜੀ। ਖੁਸ਼ਕਿਸਮਤੀ ਨਾਲ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਹਮਲੇ ਦੌਰਾਨ ਜਸਬੀਰ ਸਿੰਘ ਗਿੱਲ ਨੇ ਆਪਣੀ ਲਾਇਸੰਸੀ ਰਿਵਾਲਵਰ ਨਾਲ ਜਵਾਬੀ ਫਾਇਰਿੰਗ ਕੀਤੀ, ਜਿਸ ਕਾਰਨ ਹਮਲਾਵਰ ਘਬਰਾ ਕੇ ਮੌਕੇ ਤੋਂ ਫਰਾਰ ਹੋ ਗਏ। ਪੂਰੀ ਘਟਨਾ ਨੇੜਲੇ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ, ਜਿਸ ਵਿੱਚ ਹਮਲਾਵਰਾਂ ਦੀਆਂ ਹਰਕਤਾਂ ਅਤੇ ਗੋਲੀਬਾਰੀ ਸਾਫ਼ ਨਜ਼ਰ ਆ ਰਹੀ ਹੈ।
ਪੀੜਤ ਆਗੂ ਨੇ ਦੱਸਿਆ ਕਿ ਦੋਵੇਂ ਨੌਜਵਾਨ ਹਥਿਆਰਾਂ ਨਾਲ ਲੈਸ ਸਨ ਅਤੇ ਇੱਕ ਨੇ ਲਗਾਤਾਰ ਫਾਇਰਿੰਗ ਕੀਤੀ, ਜਦਕਿ ਦੂਜੇ ਨੇ ਵੀ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਪਰ ਉਸ ਦਾ ਹਥਿਆਰ ਨਹੀਂ ਚੱਲਿਆ। ਇਸ ਘਟਨਾ ਤੋਂ ਬਾਅਦ ਪਿੰਡ ਵਾਸੀਆਂ ਅਤੇ ਅਕਾਲੀ ਦਲ ਦੇ ਆਗੂਆਂ ਵਿੱਚ ਰੋਸ ਅਤੇ ਅਸੁਰੱਖਿਆ ਦੀ ਭਾਵਨਾ ਪੈਦਾ ਹੋ ਗਈ ਹੈ।
ਸੂਚਨਾ ਮਿਲਣ ‘ਤੇ ਥਾਣਾ ਕਿਲਾ ਲਾਲ ਸਿੰਘ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਜਾਂਚ ਅਧਿਕਾਰੀ ਏਐੱਸਆਈ ਰਾਕੇਸ਼ ਕੁਮਾਰ ਨੇ ਦੱਸਿਆ ਕਿ ਜਸਬੀਰ ਸਿੰਘ ਗਿੱਲ ਦੇ ਬਿਆਨਾਂ ਦੇ ਆਧਾਰ ‘ਤੇ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਸੰਗੀਨ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਅਤੇ ਹੋਰ ਤਕਨੀਕੀ ਸਬੂਤਾਂ ਦੀ ਮਦਦ ਨਾਲ ਹਮਲਾਵਰਾਂ ਦੀ ਪਛਾਣ ਕਰਨ ਲਈ ਜਾਂਚ ਤੇਜ਼ ਕਰ ਦਿੱਤੀ ਗਈ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ।
Get all latest content delivered to your email a few times a month.