ਤਾਜਾ ਖਬਰਾਂ
ਪੰਜਾਬ ਵਿੱਚ ਇੱਕ ਵਾਰ ਫਿਰ ਸਥਾਨਕ ਚੋਣਾਂ ਦਾ ਮਾਹੌਲ ਬਣ ਗਿਆ ਹੈ। ਪੰਜਾਬ ਰਾਜ ਚੋਣ ਕਮਿਸ਼ਨ ਨੇ ਸੂਬੇ ਦੀਆਂ ਚਾਰ ਸਥਾਨਕ ਸਰਕਾਰੀ ਸੰਸਥਾਵਾਂ ਲਈ ਚੋਣਾਂ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ। ਜਾਰੀ ਕੀਤੇ ਗਏ ਪ੍ਰੋਗਰਾਮ ਅਨੁਸਾਰ ਨਗਰ ਨਿਗਮ ਹੁਸ਼ਿਆਰਪੁਰ, ਨਗਰ ਕੌਂਸਲ ਗੁਰੂਹਰਸਹਾਏ, ਨਗਰ ਕੌਂਸਲ ਜਲਾਲਾਬਾਦ ਅਤੇ ਨਗਰ ਪੰਚਾਇਤ ਮਮਦੋਟ ਲਈ 5 ਜੁਲਾਈ 2026 ਨੂੰ ਵੋਟਾਂ ਪੈਣਗੀਆਂ।
ਪੰਜਾਬ ਰਾਜ ਚੋਣ ਕਮਿਸ਼ਨ ਦੇ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਮੀਦਵਾਰ 22 ਜੂਨ ਤੋਂ 25 ਜੂਨ ਤੱਕ ਆਪਣੇ ਨਾਮਜ਼ਦਗੀ ਪੱਤਰ ਸਬੰਧਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਦਾਖ਼ਲ ਕਰ ਸਕਣਗੇ। ਨਾਮਜ਼ਦਗੀ ਪੱਤਰਾਂ ਦੀ ਜਾਂਚ 26 ਜੂਨ ਨੂੰ ਕੀਤੀ ਜਾਵੇਗੀ, ਜਦਕਿ ਉਮੀਦਵਾਰ 27 ਜੂਨ ਦੁਪਹਿਰ 3 ਵਜੇ ਤੱਕ ਆਪਣੇ ਕਾਗਜ਼ ਵਾਪਸ ਲੈ ਸਕਣਗੇ।
ਚੋਣਾਂ ਲਈ ਵੋਟਿੰਗ 5 ਜੁਲਾਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਅਤੇ ਵੋਟਾਂ ਦੀ ਗਿਣਤੀ ਮਗਰੋਂ ਨਤੀਜੇ ਵੀ ਉਸੇ ਦਿਨ ਐਲਾਨ ਦਿੱਤੇ ਜਾਣਗੇ। ਚੋਣ ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਪੂਰੀ ਚੋਣ ਪ੍ਰਕਿਰਿਆ ਈਵੀਐਮ ਮਸ਼ੀਨਾਂ ਰਾਹੀਂ ਕਰਵਾਈ ਜਾਵੇਗੀ। ਕਮਿਸ਼ਨ ਵੱਲੋਂ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਚੋਣਾਂ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਚੋਣਾਂ ਦੇ ਐਲਾਨ ਦੇ ਨਾਲ ਹੀ ਸੰਬੰਧਿਤ ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤ ਦੇ ਅਧਿਕਾਰ ਖੇਤਰਾਂ ਵਿੱਚ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ, ਜੋ ਚੋਣ ਪ੍ਰਕਿਰਿਆ ਦੇ ਪੂਰਾ ਹੋਣ ਤੱਕ ਜਾਰੀ ਰਹੇਗਾ। ਇਹ ਚੋਣਾਂ ਸਥਾਨਕ ਪੱਧਰ ਦੀ ਸਿਆਸਤ ਲਈ ਅਹਿਮ ਮੰਨੀਆਂ ਜਾ ਰਹੀਆਂ ਹਨ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਨੇ ਆਪਣੀਆਂ ਤਿਆਰੀਆਂ ਵੀ ਤੇਜ਼ ਕਰ ਦਿੱਤੀਆਂ ਹਨ।
Get all latest content delivered to your email a few times a month.