ਤਾਜਾ ਖਬਰਾਂ
ਮੁੱਲਾਂਪੁਰ ਦਾਖਾ- ਉੱਤਰਾਖੰਡ ਵਿਖੇ ਸ੍ਰੀ ਹੇਮਕੁੰਟ ਸਾਹਿਬ ਦੀ ਪਵਿੱਤਰ ਯਾਤਰਾ 'ਤੇ ਜਾ ਰਹੇ ਨਿਹੰਗ ਸਿੰਘ ਜਥੇਬੰਦੀਆਂ ਦੇ ਨੌਜਵਾਨਾਂ ਨਾਲ ਕੁਝ ਸਥਾਨਕ ਲੋਕਾਂ ਵੱਲੋਂ ਕੀਤੀ ਗਈ ਕੁੱਟਮਾਰ ਅਤੇ ਬਦਸਲੂਕੀ ਦੀ ਘਟਨਾ ਮੰਦਭਾਗੀ ਅਤੇ ਨਿੰਦਣਯੋਗ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਾਰਿਸ ਪੰਜਾਬ ਦੇ ਪਾਰਟੀ ਦੇ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਪ੍ਰੈਸ ਨੂੰ ਸੰਬੋਧਨ ਕਰਦਿਆਂ ਕੀਤਾ।
ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਇਸ ਘਟਨਾ ਨੇ ਸਮੂਹ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਓਹਨਾ ਨੇ ਕਿਹਾ ਕਿ ਉਹ ਇਸ ਔਖੀ ਘੜੀ ਵਿੱਚ ਆਪਣੇ ਪੰਜਾਬ ਦੇ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਚੱਟਾਨ ਵਾਂਗ ਖੜ੍ਹੇ ਹਨ।
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਤੇ ਬੋਲਦਿਆਂ, ਸਰਦਾਰ ਇਯਾਲੀ ਨੇ ਕਿਹਾ ਕਿ ਸਾਡੀ ਪਹਿਲੀ ਤਰਜੀਹ ਇਹ ਯਕੀਨੀ ਬਣਾਉਣਾ ਹੈ ਕਿ ਪੀੜਤ ਨੌਜਵਾਨਾਂ ਨੂੰ ਹਰ ਹਾਲ ਵਿੱਚ ਇਨਸਾਫ਼ ਮਿਲੇ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
ਇਸ ਗੰਭੀਰ ਮਾਮਲੇ ਦੇ ਤੁਰੰਤ ਅਤੇ ਨਿਰਪੱਖ ਨਿਪਟਾਰੇ ਲਈ ਮਨਪ੍ਰੀਤ ਸਿੰਘ ਇਯਾਲੀ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਦਾ ਸਮਾਂ ਮੰਗਿਆ ਗਿਆ ਹੈ। ਇਸ ਤੋਂ ਇਲਾਵਾ ਪ੍ਰਸ਼ਾਸਨਿਕ ਅਤੇ ਕਾਨੂੰਨੀ ਪੱਧਰ 'ਤੇ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਘਟਨਾ ਦੀ ਪੂਰੀ ਸੱਚਾਈ ਸਾਹਮਣੇ ਆ ਸਕੇ ਅਤੇ ਪੀੜਤ ਨੌਜਵਾਨਾਂ ਨੂੰ ਇਨਸਾਫ਼ ਮਿਲ ਸਕੇ।
ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ, ਸਾਡਾ ਇਕੋ-ਇੱਕ ਮਕਸਦ ਹੈ ਕਿ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 'ਤੇ ਜਾਣ ਵਾਲੇ ਹਰ ਸ਼ਰਧਾਲੂ ਦੀ ਸੁਰੱਖਿਆ ਅਤੇ ਸਨਮਾਨ ਨੂੰ ਯਕੀਨੀ ਬਣਾਇਆ ਜਾਵੇ ਅਤੇ ਭਵਿੱਖ ਵਿੱਚ ਕਿਸੇ ਵੀ ਸ਼ਰਧਾਲੂ ਦੇ ਨਾਲ ਅਜਿਹੀ ਨਾਇਨਸਾਫ਼ੀ ਦੁਬਾਰਾ ਨਾ ਵਾਪਰੇ
।
ਉਹਨਾਂ ਨੇ ਕੇਂਦਰ ਅਤੇ ਉੱਤਰਾਖੰਡ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਸੰਗਤਾਂ ਦੇ ਮਨਾਂ ਵਿੱਚ ਮੁੜ ਭਰੋਸਾ ਬਹਾਲ ਕੀਤਾ ਜਾਵੇ।
Get all latest content delivered to your email a few times a month.