ਤਾਜਾ ਖਬਰਾਂ
ਤਰਨਤਾਰਨ ਜ਼ਿਲ੍ਹੇ ਵਿੱਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਹੋਏ ਇੱਕ ਮੁਕਾਬਲੇ ਦੌਰਾਨ ਪੁਲਿਸ ਨੇ ਇੱਕ ਲੋੜੀਂਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁਕਾਬਲੇ ਦੌਰਾਨ ਮੁਲਜ਼ਮ ਸਿਦਕ ਪ੍ਰੀਤ ਸਿੰਘ ਦੀ ਲੱਤ ਵਿੱਚ ਗੋਲੀ ਲੱਗਣ ਕਾਰਨ ਉਹ ਜ਼ਖਮੀ ਹੋ ਗਿਆ, ਜਿਸ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਭੇਜਿਆ ਗਿਆ।
ਜਾਣਕਾਰੀ ਅਨੁਸਾਰ ਸੀਆਈਏ ਇੰਚਾਰਜ ਇੰਸਪੈਕਟਰ ਰੁਪਿੰਦਰ ਪਾਲ ਸਿੰਘ ਅਤੇ ਚੌਕੀ ਸਬਰਾ ਦੀ ਪੁਲਿਸ ਟੀਮ ਗਸ਼ਤ ਕਰ ਰਹੀ ਸੀ। ਇਸ ਦੌਰਾਨ ਜਲੋਕੇ ਨੇੜੇ ਪੁਲਿਸ ਨੇ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨਾਂ ਨੂੰ ਸ਼ੱਕੀ ਹਾਲਾਤਾਂ ਵਿੱਚ ਦੇਖਿਆ। ਪੁਲਿਸ ਨੂੰ ਵੇਖਦੇ ਹੀ ਦੋਵੇਂ ਨੌਜਵਾਨਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਇੱਕ ਨੌਜਵਾਨ ਮੌਕੇ ਤੋਂ ਫਰਾਰ ਹੋ ਗਿਆ, ਜਦਕਿ ਦੂਜੇ ਨੇ ਪਿਸਤੌਲ ਕੱਢ ਕੇ ਪੁਲਿਸ ਪਾਰਟੀ 'ਤੇ ਗੋਲੀਬਾਰੀ ਕਰ ਦਿੱਤੀ।
ਪੁਲਿਸ ਵੱਲੋਂ ਸਵੈ-ਰੱਖਿਆ ਵਿੱਚ ਕੀਤੀ ਗਈ ਜਵਾਬੀ ਕਾਰਵਾਈ ਦੌਰਾਨ ਸਿਦਕ ਪ੍ਰੀਤ ਸਿੰਘ ਦੀ ਲੱਤ ਵਿੱਚ ਗੋਲੀ ਲੱਗ ਗਈ ਅਤੇ ਉਹ ਜ਼ਖਮੀ ਹੋ ਗਿਆ। ਪੁਲਿਸ ਨੇ ਉਸਨੂੰ ਕਾਬੂ ਕਰਕੇ ਗ੍ਰਿਫ਼ਤਾਰ ਕਰ ਲਿਆ। ਪੁੱਛਗਿੱਛ ਦੌਰਾਨ ਉਸਨੇ ਆਪਣੀ ਪਛਾਣ ਕੋਟ ਬੁੱਢਾ ਦੇ ਰਹਿਣ ਵਾਲੇ ਸਿਦਕ ਪ੍ਰੀਤ ਸਿੰਘ ਵਜੋਂ ਕਰਵਾਈ ਅਤੇ ਆਪਣੇ ਫਰਾਰ ਸਾਥੀ ਦੀ ਪਛਾਣ ਸੰਨੀ ਵਾਸੀ ਬੋਪਾਰਾਏ ਵਜੋਂ ਦੱਸੀ।
ਪੁਲਿਸ ਅਨੁਸਾਰ ਸਿਦਕ ਪ੍ਰੀਤ ਸਿੰਘ ਹਾਲ ਹੀ ਵਿੱਚ ਸਬਰਾ ਇਲਾਕੇ ਵਿੱਚ ਹੋਈ ਗੋਲੀਬਾਰੀ ਦੀ ਇੱਕ ਘਟਨਾ ਵਿੱਚ ਲੋੜੀਂਦਾ ਸੀ। ਉਸ ਖ਼ਿਲਾਫ਼ ਥਾਣਾ ਸਦਰ ਪੱਟੀ ਵਿੱਚ ਕਤਲ ਦੀ ਕੋਸ਼ਿਸ਼ ਅਤੇ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਹੈ। ਐਸਐਸਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਪੂਰੀ ਤਰ੍ਹਾਂ ਸਵੈ-ਰੱਖਿਆ ਦੇ ਤਹਿਤ ਸੀ ਅਤੇ ਫਰਾਰ ਮੁਲਜ਼ਮ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ।
Get all latest content delivered to your email a few times a month.