ਤਾਜਾ ਖਬਰਾਂ
ਚੰਡੀਗੜ੍ਹ, 21 ਜੂਨ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਖ-ਵੱਖ ਐਪ ਆਧਾਰਿਤ ਟਰਾਂਸਪੋਰਟ ਕੰਪਨੀਆਂ ਦੇ ਕੈਬ ਡਰਾਈਵਰਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ।
ਜਿਕਰਯੋਗ ਹੈ ਕਿ ਪ੍ਰਦਰਸ਼ਨਕਾਰੀ ਡਰਾਈਵਰਾਂ ਨੇ ਆਪਣੀਆਂ ਵੱਖ-ਵੱਖ ਮੰਗਾਂ ਦੇ ਸਮਰਥਨ ਵਿੱਚ ਇੱਥੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਸੀ। ਉਨ੍ਹਾਂ ਦੀਆਂ ਮੁੱਖ ਮੰਗਾਂ ਵਿੱਚ ਕਿਰਾਏ ਵਿੱਚ ਵਾਧਾ ਕਰਨਾ ਅਤੇ ਐਪ ਆਧਾਰਿਤ ਕੰਪਨੀਆਂ ਵੱਲੋਂ ਵਸੂਲੇ ਜਾਂਦੇ ਵੱਧ ਕਮਿਸ਼ਨ ਨੂੰ ਘਟਾਉਣਾ ਸ਼ਾਮਲ ਸੀ।
ਪ੍ਰਦਰਸ਼ਨਕਾਰੀ ਡਰਾਈਵਰਾਂ ਨੂੰ ਸੰਬੋਧਨ ਕਰਦਿਆਂ, ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਉਨ੍ਹਾਂ ਦੀਆਂ ਮੰਗਾਂ ਦਾ ਸਮਰਥਨ ਕਰਦੀ ਹੈ। ਉਨ੍ਹਾਂ ਨੇ ਡਰਾਈਵਰਾਂ ਨਾਲ ਸਹਿਮਤੀ ਜਤਾਉਂਦਿਆਂ, ਕਿਹਾ ਕਿ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਵਾਧੇ ਕਾਰਨ ਕੈਬ ਚਲਾਉਣਾ ਆਰਥਿਕ ਤੌਰ ’ਤੇ ਲਾਭਕਾਰੀ ਨਹੀਂ ਰਿਹਾ ਹੈ।
ਸੂਬਾ ਕਾਂਗਰਸ ਪ੍ਰਧਾਨ ਨੇ ਜ਼ੋਰ ਦਿੰਦਿਆਂ, ਕਿਹਾ ਕਿ ਇਹ ਸਿਰਫ਼ ਕੈਬ ਡਰਾਈਵਰਾਂ ਦੀ ਹੀ ਸਮੱਸਿਆ ਨਹੀਂ ਹੈ, ਸਗੋਂ ਰੋਜ਼ਾਨਾ ਸਫ਼ਰ ਕਰਨ ਵਾਲੇ ਲੋਕ ਵੀ ਇਸ ਪ੍ਰਦਰਸ਼ਨ ਦਾ ਅਸਰ ਝੱਲਣਗੇ। ਉਨ੍ਹਾਂ ਨੇ ਕਿਹਾ ਕਿ ਨਿੱਜੀ ਕੈਬ ਆਪਰੇਟਰ ਲੋਕਾਂ ਨੂੰ ਮਹੱਤਵਪੂਰਨ ਸੇਵਾਵਾਂ ਪ੍ਰਦਾਨ ਕਰ ਰਹੇ ਹਨ ਅਤੇ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਇਨ੍ਹਾਂ ਦੀਆਂ ਮੰਗਾਂ ਮੰਨੇ।
ਵੜਿੰਗ ਨੇ ਕਿਹਾ ਕਿ ਕਾਂਗਰਸ ਨੇ ਆਪਣੇ ਚੋਣ ਮੈਨੀਫੈਸਟੋ ਵਿੱਚ ਵੀ ਕੈਬ ਡਰਾਈਵਰਾਂ ਸਮੇਤ ਗਿਗ ਵਰਕਰਾਂ ਦੀ ਭਲਾਈ ਨੂੰ ਸ਼ਾਮਲ ਕੀਤਾ ਹੋਇਆ ਸੀ।
ਉਨ੍ਹਾਂ ਨੇ ਵਾਅਦਾ ਕੀਤਾ ਕਿ ਜਦੋਂ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ, ਤਾਂ ਐਪ ਆਧਾਰਿਤ ਟਰਾਂਸਪੋਰਟ ਕੰਪਨੀਆਂ ਦੇ ਡਰਾਈਵਰਾਂ ਦੀਆਂ ਸਾਰੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ।
Get all latest content delivered to your email a few times a month.