ਤਾਜਾ ਖਬਰਾਂ
ਪੰਜਾਬ ਸਣੇ ਪੂਰੇ ਉੱਤਰ ਭਾਰਤ ਵਿੱਚ ਇਸ ਵੇਲੇ ਪੱਛਮੀ ਗੜਬੜੀ (ਵੈਸਟਰਨ ਡਿਸਟਰਬੈਂਸ) ਦੇ ਪ੍ਰਭਾਵ ਕਾਰਨ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਬੁਲੇਟਿਨ ਅਨੁਸਾਰ, 26 ਜੂਨ ਤੱਕ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਹੈ। ਅਗਲੇ ਕੁਝ ਦਿਨਾਂ ਦੌਰਾਨ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਗਰਜ-ਚਮਕ ਦੇ ਨਾਲ ਤੇਜ਼ ਹਵਾਵਾਂ ਚੱਲਣ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਉਮੀਦ ਹੈ, ਜਿਸ ਨੂੰ ਦੇਖਦਿਆਂ ਕਈ ਜ਼ਿਲ੍ਹਿਆਂ ਲਈ 'ਵਾਚ ਸ਼੍ਰੇਣੀ' ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
ਸੂਬੇ ਦੇ ਲੋਕਾਂ ਲਈ ਰਾਹਤ ਦੀ ਖ਼ਬਰ ਇਹ ਹੈ ਕਿ ਇਸ ਮਹੀਨੇ ਦੇ ਅੰਤ ਤੱਕ ਪੰਜਾਬ ਵਿੱਚ ਮਾਨਸੂਨ ਦੇ ਦਾਖਲ ਹੋਣ ਦੇ ਪੂਰੇ ਆਸਾਰ ਹਨ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਮੁਤਾਬਕ, ਮਾਨਸੂਨ ਦੀ ਰਫ਼ਤਾਰ ਨੂੰ ਦੇਖਦਿਆਂ ਇਹ ਜੂਨ ਦੇ ਆਖਰੀ ਹਫ਼ਤੇ ਯਾਨੀ 25 ਤੋਂ 30 ਜੂਨ ਦੇ ਵਿਚਕਾਰ ਕਿਸੇ ਵੀ ਸਮੇਂ ਸੂਬੇ ਵਿੱਚ ਦਸਤਕ ਦੇ ਸਕਦਾ ਹੈ। ਮੌਸਮ ਮਾਹਿਰਾਂ ਅਨੁਸਾਰ, ਮਾਨਸੂਨ ਦੀ ਪਹਿਲੀ ਬਾਰਿਸ਼ ਸਭ ਤੋਂ ਪਹਿਲਾਂ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਹੋਵੇਗੀ, ਜਦਕਿ ਮਾਨਸੂਨ ਸਭ ਤੋਂ ਆਖਰ ਵਿੱਚ ਬਠਿੰਡਾ ਖੇਤਰ ਨੂੰ ਕਵਰ ਕਰੇਗਾ।
ਅਸਾਮ, ਮੇਘਾਲਿਆ ਤੇ ਸਿੱਕਮ: ਅਗਲੇ 48 ਘੰਟਿਆਂ ਦੌਰਾਨ ਅਸਾਮ, ਮੇਘਾਲਿਆ, ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਰਿਕਾਰਡਤੋੜ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਚੇਤਾਵਨੀ ਹੈ।
ਮੱਧ ਅਤੇ ਦੱਖਣੀ ਭਾਰਤ: ਬਿਹਾਰ, ਅਰੁਣਾਚਲ ਪ੍ਰਦੇਸ਼, ਤੱਟਵਰਤੀ ਕਰਨਾਟਕ, ਮੱਧ ਮਹਾਰਾਸ਼ਟਰ, ਗੋਆ, ਓਡੀਸ਼ਾ, ਤੇਲੰਗਾਨਾ, ਕੇਰਲ ਅਤੇ ਪੂਰਬੀ-ਉੱਤਰ ਦੇ ਹੋਰ ਰਾਜਾਂ ਵਿੱਚ ਅੱਜ ਮਾਨਸੂਨ ਦੇ ਤੇਜ਼ ਹੋਣ ਕਾਰਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।
ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਪੰਜਾਬ ਦੇ ਨਾਲ-ਨਾਲ ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰਾਖੰਡ, ਜੰਮੂ-ਕਸ਼ਮੀਰ ਅਤੇ ਲੱਦਾਖ ਵਰਗੇ ਪਹਾੜੀ ਇਲਾਕਿਆਂ ਵਿੱਚ 25 ਜੂਨ ਤੱਕ ਮੌਸਮ ਖ਼ਰਾਬ ਰਹੇਗਾ। ਇਸ ਤੋਂ ਇਲਾਵਾ ਆਂਧਰਾ ਪ੍ਰਦੇਸ਼, ਛੱਤੀਸਗੜ੍ਹ, ਗੰਗਾ ਪੱਛਮੀ ਬੰਗਾਲ, ਗੁਜਰਾਤ, ਤਾਮਿਲਨਾਡੂ ਅਤੇ ਅੰਡੇਮਾਨ-ਨਿਕੋਬਾਰ ਟਾਪੂਆਂ ਵਿੱਚ ਵੀ ਬਿਜਲੀ ਲਿਸ਼ਕਣ, ਗਰਜ-ਤੂਫ਼ਾਨ ਆਉਣ ਅਤੇ ਤੇਜ਼ ਅੰਧੜ ਚੱਲਣ ਦੇ ਆਸਾਰ ਹਨ।
"ਖ਼ਰਾਬ ਮੌਸਮ ਦੌਰਾਨ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਤੇਜ਼ ਹਵਾਵਾਂ ਅਤੇ ਬਿਜਲੀ ਚਮਕਣ ਵੇਲੇ ਦਰੱਖਤਾਂ ਜਾਂ ਕਮਜ਼ੋਰ ਇਮਾਰਤਾਂ ਦੇ ਹੇਠਾਂ ਖੜ੍ਹੇ ਹੋਣ ਤੋਂ ਗੁਰੇਜ਼ ਕਰਨ ਅਤੇ ਕਿਸਾਨਾਂ ਨੂੰ ਵੀ ਆਪਣੀ ਪੁੱਤਾਂ ਵਾਂਗ ਪਾਲੀ ਫ਼ਸਲ ਅਤੇ ਸਿੰਚਾਈ ਦਾ ਪ੍ਰਬੰਧ ਮੌਸਮ ਦੇ ਹਿਸਾਬ ਨਾਲ ਕਰਨ ਦੀ ਸਲਾਹ ਦਿੱਤੀ ਗਈ ਹੈ।"
Get all latest content delivered to your email a few times a month.