ਤਾਜਾ ਖਬਰਾਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇੱਕ ਕਥਿਤ ਵੀਡੀਓ ਦੇ ਮਾਮਲੇ ਵਿੱਚ ਸਿੱਖਾਂ ਦੀ ਸਰਵਉੱਚ ਧਾਰਮਿਕ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ (ਹੁਕਮਨਾਮੇ) ਨੂੰ ਸੰਗਤਾਂ ਤੱਕ ਪਹੁੰਚਾਉਣ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੇਂਡੂ ਪੱਧਰ 'ਤੇ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਪਾਰਟੀ ਵੱਲੋਂ ਇਨ੍ਹਾਂ ਆਦੇਸ਼ਾਂ ਨੂੰ ਲਾਗੂ ਕਰਵਾਉਣ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਪੋਸਟਰ ਜਾਰੀ ਕੀਤੇ ਗਏ ਹਨ, ਜਿਨ੍ਹਾਂ ਨੂੰ ਪਿੰਡ-ਪਿੰਡ ਪਹੁੰਚਾਇਆ ਜਾ ਰਿਹਾ ਹੈ।
ਇਸੇ ਮੁਹਿੰਮ ਦੇ ਤਹਿਤ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਅਧੀਨ ਆਉਂਦੇ ਪਿੰਡ ਮਲਕਾਣਾ ਅਤੇ ਜੱਜਲ ਦੇ ਗੁਰਦੁਆਰਾ ਸਾਹਿਬਾਨਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਪਿੰਡ ਵਾਸੀਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਵਾਲੇ ਪੋਸਟਰ ਲਗਾਏ ਗਏ। ਇਸ ਦੌਰਾਨ ਇਕੱਤਰ ਹੋਈਆਂ ਸੰਗਤਾਂ ਨੂੰ ਮੁੱਖ ਮੰਤਰੀ ਦੀ ਕਥਿਤ ਵੀਡੀਓ ਦੇ ਪੂਰੇ ਮਾਮਲੇ ਤੋਂ ਜਾਣੂ ਕਰਵਾਇਆ ਗਿਆ। ਪਾਰਟੀ ਆਗੂਆਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਮੁੱਖ ਮੰਤਰੀ ਨੂੰ "ਮੂੰਹ ਨਾ ਲਾਉਣ" ਦੇ ਆਦੇਸ਼ਾਂ 'ਤੇ ਅਮਲ ਕਰਨ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਰਵੀ ਪ੍ਰੀਤ ਸਿੰਘ ਸਿੱਧੂ ਨੇ ਇਸ ਮਾਮਲੇ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ।
ਰਵੀਪ੍ਰੀਤ ਸਿੰਘ ਸਿੱਧੂ ਨੇ ਆਪਣੇ ਬਿਆਨ ਚ ਕਿਹਾ "ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵੀਡੀਓ ਦੀ ਬਾਰੀਕੀ ਨਾਲ ਜਾਂਚ ਕਰਨ ਤੋਂ ਬਾਅਦ ਹੀ ਇਹ ਸੰਵਿਧਾਨਕ ਫੈਸਲਾ ਲਿਆ ਗਿਆ ਹੈ। ਪਰ ਬੜੀ ਹੈਰਾਨੀ ਦੀ ਗੱਲ ਹੈ ਕਿ ਮੁੱਖ ਮੰਤਰੀ ਆਪਣੀ ਗ਼ਲਤੀ 'ਤੇ ਮੁਆਫ਼ੀ ਮੰਗਣ ਦੀ ਥਾਂ ਪੰਥ ਦੀ ਸਰਵਉੱਚ ਸੰਸਥਾ ਨਾਲ ਸਿੱਧੀ ਟੱਕਰ ਲੈ ਰਹੇ ਹਨ, ਜੋ ਕਿ ਬੇਹੱਦ ਮੰਦਭਾਗਾ ਹੈ। ਅੱਜ ਨਾ ਸਿਰਫ਼ ਪੰਜਾਬ ਵਿੱਚ, ਸਗੋਂ ਦੇਸ਼ ਦੇ ਬਾਹਰਲੇ ਰਾਜਾਂ ਵਿੱਚ ਵੀ ਸਿੱਖਾਂ ਦੀਆਂ ਭਾਵਨਾਵਾਂ ਨਾਲ ਲਗਾਤਾਰ ਧੱਕਾ ਕੀਤਾ ਜਾ ਰਿਹਾ ਹੈ।"
ਪੰਥਕ ਹਲਕਿਆਂ ਮੁਤਾਬਕ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿੱਢੀ ਗਈ ਇਸ ਪੋਸਟਰ ਮੁਹਿੰਮ ਕਾਰਨ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੀ ਸਿਆਸਤ ਹੋਰ ਗਰਮਾਉਣ ਦੇ ਆਸਾਰ ਹਨ, ਕਿਉਂਕਿ ਪਾਰਟੀ ਇਸ ਮੁੱਦੇ ਨੂੰ ਸਿੱਧਾ ਸਿੱਖ ਸਿਧਾਂਤਾਂ ਅਤੇ ਧਾਰਮਿਕ ਮਰਿਆਦਾ ਨਾਲ ਜੋੜ ਕੇ ਪਿੰਡ-ਪਿੰਡ ਲੈ ਕੇ ਜਾ ਰਹੀ ਹੈ। ਸੱਤਾਧਾਰੀ ਧਿਰ ਵੱਲੋਂ ਫਿਲਹਾਲ ਇਸ ਪੋਸਟਰ ਮੁਹਿੰਮ 'ਤੇ ਕੋਈ ਅਧਿਕਾਰਤ ਪਲਟਵਾਰ ਨਹੀਂ ਆਇਆ ਹੈ।
Get all latest content delivered to your email a few times a month.