ਤਾਜਾ ਖਬਰਾਂ
(ਸੰਜੀਵ ਜਿੰਦਲ)
ਬੁਢਲਾਡਾ, 23 ਜੂਨ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਹਲਕਾ ਬੁਢਲਾਡਾ ਦੇ ਪਿੰਡ ਧਰਮਪੁਰਾ ਵਿਖੇ ਕੀਤੇ ਜਾ ਰਹੇ 'ਲੋਕ ਮਿਲਣੀ' ਪ੍ਰੋਗਰਾਮ ਦੀਆਂ ਤਿਆਰੀਆਂ ਨੂੰ ਲੈ ਕੇ ਪ੍ਰਸ਼ਾਸਨ ਪੂਰੀ ਤਰ੍ਹਾਂ ਸਰਗਰਮ ਹੈ। ਇਸ ਸਬੰਧੀ ਅੱਜ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਭਾਗੀਰਥ ਸਿੰਘ ਮੀਨਾ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।
ਮੀਟਿੰਗ ਦੌਰਾਨ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਧਰਮਪੁਰਾ ਵਿਖੇ 24 ਜੂਨ ਨੂੰ ਹੋਣ ਵਾਲੀ ਇਹ 'ਲੋਕ ਮਿਲਣੀ' ਇਲਾਕੇ ਦੇ ਵਿਕਾਸ ਲਈ ਇੱਕ ਅਹਿਮ ਮੀਲ ਪੱਥਰ ਸਾਬਤ ਹੋਵੇਗੀ।
ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਪ੍ਰੋਗਰਾਮ ਵਾਲੀ ਥਾਂ 'ਤੇ ਪੀਣ ਵਾਲੇ ਸਾਫ਼ ਪਾਣੀ, ਬੈਠਣ ਦੇ ਪ੍ਰਬੰਧ, ਅਤੇ ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਸਿਹਤ ਵਿਭਾਗ ਵੱਲੋਂ ਮੌਕੇ 'ਤੇ ਮੈਡੀਕਲ ਟੀਮਾਂ ਅਤੇ ਐਂਬੂਲੈਂਸ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇ।
ਸੁਰੱਖਿਆ ਵਿਵਸਥਾ ਬਾਰੇ ਗੱਲ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਆਮਦ ਨੂੰ ਮੁੱਖ ਰੱਖਦਿਆਂ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਤੇ ਕ੍ਰਿਤਿਕਾ ਗੋਇਲ, ਉਪ ਮੰਡਲ ਮੈਜਿਸਟਰੇਟ ਬੁਢਲਾਡਾ ਗੁਰਮੀਤ ਕੁਮਾਰ, ਉਪ ਮੰਡਲ ਮੈਜਿਸਟਰੇਟ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ, ਚੇਅਰਮੈਨ ਬਲਬੀਰ ਸਿੰਘ , ਮੈਂਬਰ ਬਲਾਕ ਸੰਮਤੀ ਅਮਨਦੀਪ ਸਿੰਘ, ਸਰਪੰਚ ਸੁਖਜਿੰਦਰ ਸਿੰਘ, ਜਗਵਿੰਦਰ ਸਿੰਘ ਤੇ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।
Get all latest content delivered to your email a few times a month.